ਸ਼੍ਰੋਮਣੀ ਕਮੇਟੀ ਦਾ ਵਿੱਤੀ ਵਰ੍ਹੇ 2026-27 ਲਈ 1487 ਕਰੋੜ 41 ਲੱਖ ਰੁਪਏ ਦਾ ਬਜਟ ਪਾਸ
ਅੰਮ੍ਰਿਤਸਰ, 28 ਮਾਰਚ (ਹਿੰ.ਸ.)। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਿੱਤੀ ਵਰ੍ਹੇ 2026-27 ਲਈ 1487 ਕਰੋੜ 41 ਲੱਖ ਦਾ ਬਜਟ ਹਾਜ਼ਰ ਮੈਂਬਰਾਂ ਵੱਲੋਂ ਜੈਕਾਰਿਆਂ ਦੀ ਗੂੰਜ ਵਿੱਚ ਪਾਸ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਅੰਦਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵ
ਬਜਟ ਇਜਲਾਸ ਤੋਂ ਬਾਅਦ ਗੱਲਬਾਤ ਕਰਦੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ


ਅੰਮ੍ਰਿਤਸਰ, 28 ਮਾਰਚ (ਹਿੰ.ਸ.)। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਿੱਤੀ ਵਰ੍ਹੇ 2026-27 ਲਈ 1487 ਕਰੋੜ 41 ਲੱਖ ਦਾ ਬਜਟ ਹਾਜ਼ਰ ਮੈਂਬਰਾਂ ਵੱਲੋਂ ਜੈਕਾਰਿਆਂ ਦੀ ਗੂੰਜ ਵਿੱਚ ਪਾਸ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਅੰਦਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਹੋਏ ਬਜਟ ਇਜਲਾਸ ਦੀ ਪ੍ਰਧਾਨਗੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤੀ, ਜਦਕਿ ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ ਨੇ ਬਜਟ ਪੇਸ਼ ਕੀਤਾ। ਇਜਲਾਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਕਾਰਜਕਾਰੀ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਉਚੇਚੇ ਤੌਰ ’ਤੇ ਮੌਜੂਦ ਰਹੇ।

ਸ਼੍ਰੋਮਣੀ ਕਮੇਟੀ ਦੇ ਇਸ ਸਾਲ ਪਾਸ ਕੀਤੇ ਗਏ 1487 ਕਰੋੜ 41 ਲੱਖ ਰੁਪਏ ਦੇ ਬਜਟ ਵਿੱਚ ਪਿਛਲੇ ਸਾਲ ਨਾਲੋਂ 7.28 ਫੀਸਦੀ ਦਾ ਵਾਧਾ ਦਰਜ ਕੀਤਾ ਗਿਆ ਹੈ। ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ ਨੇ ਬਜਟ ਪੇਸ਼ ਕਰਦਿਆਂ ਵੱਖ-ਵੱਖ ਵਿਭਾਗਾਂ ਅਤੇ ਅਦਾਰਿਆਂ ਲਈ ਹੋਣ ਵਾਲੀ ਆਮਦਨ ਦੇ ਵੇਰਵੇ ਸਾਂਝੇ ਕੀਤੇ ਅਤੇ ਭਵਿੱਖੀ ਕਾਰਜਾਂ ਲਈ ਰੱਖੀ ਗਈ ਰਾਸ਼ੀ ਦਾ ਖੁਲਾਸਾ ਕੀਤਾ। ਉਨ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਬੀਤੇ ਅਰਸੇ ਵਿਚ ਕੀਤੇ ਗਏ ਪੰਥਕ, ਵਿਦਿਅਕ, ਧਰਮ ਪ੍ਰਚਾਰ ਅਤੇ ਲੋਕ ਭਲਾਈ ਦੇ ਕਾਰਜਾਂ ਦਾ ਵੀ ਜ਼ਿਕਰ ਕੀਤਾ। ਮੰਡਵਾਲਾ ਨੇ ਬਜਟ ਪੇਸ਼ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਜਿਥੇ ਸਿੱਖ ਪੰਥ ਨਾਲ ਸਬੰਧਤ ਸ਼ਤਾਬਦੀਆਂ ਖ਼ਾਲਸਈ ਜਾਹੋ ਜਲਾਲ ਨਾਲ ਮਨਾਈਆਂ ਗਈਆਂ, ਉਥੇ ਹੀ ਸਿੱਖ ਸੰਸਥਾ ਨੇ ਧਰਮ ਪ੍ਰਚਾਰ, ਵਿੱਦਿਆ ਦੇ ਪ੍ਰਚਾਰ ਪ੍ਰਸਾਰ, ਪੰਥਕ ਕਾਰਜਾਂ ਅਤੇ ਲੋਕ ਭਲਾਈ ਵਾਸਤੇ ਅਹਿਮ ਕਾਰਜ ਕੀਤੇ ਹਨ। ਇਸ ਵਾਰ ਵੀ ਬਜਟ ਵਿੱਚ ਇਨ੍ਹਾਂ ਖੇਤਰਾਂ ਲਈ ਵਿਸ਼ੇਸ਼ ਰਾਸ਼ੀ ਦਾ ਇੰਤਜਾਮ ਕੀਤਾ ਗਿਆ ਹੈ। ਉਨ੍ਹਾਂ ਬਜਟ ਤਰਜ਼ੀਹਾਂ ਅਤੇ ਵੱਖ-ਵੱਖ ਕਾਰਜਾਂ ਲਈ ਰੱਖੀ ਰਾਸ਼ੀ ਨੂੰ ਵੇਰਵੇ ਸਹਿਤ ਦੱਸਿਆ।

ਬਜਟ ਇਜਲਾਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ ਵੱਲੋਂ ਪੇਸ਼ ਕੀਤਾ ਗਿਆ ਬਜਟ ਸੰਗਤਾਂ ਦੀਆਂ ਭਾਵਨਾਵਾਂ ਦੀ ਤਰਜਮਾਨੀ ਵਾਲਾ ਹੈ ਅਤੇ ਇਸ ਵਿੱਚ ਸੰਗਤਾਂ ਲਈ ਸਹੂਲਤਾਂ ਦਾ ਖ਼ਾਸ ਧਿਆਨ ਰੱਖਿਆ ਗਿਆ ਹੈ। ਇਸ ਤਹਿਤ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਨਵੀਆਂ ਸਰਾਵਾਂ ਦੀ ਉਸਾਰੀ ਲਈ 33 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ। ਇਸੇ ਤਰ੍ਹਾਂ ਸਿਹਤ ਅਤੇ ਸਿੱਖਿਆ ਸੇਵਾਵਾਂ ਵਿੱਚ ਪ੍ਰਭਾਵੀ ਵਾਧਾ ਅਤੇ ਧਰਮ ਪ੍ਰਚਾਰ ਖੇਤਰ ਅੰਦਰ ਬਿਹਤਰ ਨਤੀਜੇ ਹਾਸਲ ਕਰਨ ਦਾ ਯਤਨ ਕੀਤਾ ਜਾਵੇਗਾ।

ਐਡਵੋਕੇਟ ਧਾਮੀ ਨੇ ਵੇਰਵੇ ਸਾਂਝੇ ਕਰਦਿਆਂ ਕਿਹਾ ਕਿ ਇਸ ਸਾਲ ਧਰਮ ਪ੍ਰਚਾਰ ਕਮੇਟੀ ਦਾ ਬਜਟ 120 ਕਰੋੜ ਰੁਪਏ, ਜਦਕਿ ਗੁਰਦੁਆਰਾ ਸਾਹਿਬਾਨ ਦਾ ਬਜਟ 1127 ਕਰੋੜ 34 ਲੱਖ ਰੁਪਏ ਹੈ। ਇਸੇ ਤਰ੍ਹਾਂ ਜਨਰਲ ਬੋਰਡ ਫੰਡ, ਟ੍ਰਸਟ ਫੰਡ, ਵਿਦਿਆ ਫੰਡ, ਖੇਡਾਂ, ਪ੍ਰਿੰਟਿੰਗ ਪ੍ਰੈੱਸਾਂ ਅਤੇ ਵਿਦਿਅਕ ਅਦਾਰਿਆਂ ਲਈ ਵਿਸ਼ੇਸ਼ ਰਾਸ਼ੀ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੰਥਕ ਭਲਾਈ ਕਾਰਜਾਂ ਲਈ 7 ਕਰੋੜ 61 ਲੱਖ ਰੁਪਏ ਰੱਖੇ ਗਏ ਹਨ। ਇਸ ਤਹਿਤ ਨਿਹੰਗ ਸਿੰਘ ਜਥੇਬੰਦੀਆਂ ਦਾ ਬੰਧਾਨ, ਪੰਥਕ ਭਲਾਈ ਕਾਰਜਾਂ ਲਈ ਸਹਾਇਤਾ, ਜੇਲ੍ਹਾਂ ਵਿਚ ਬੰਦ ਸਿੰਘਾਂ ਦੇ ਕੇਸਾਂ ਦੀ ਪੈਰਵਾਈ ਅਤੇ ਵਕੀਲਾਂ ਦੀ ਫੀਸ, ਜੇਲ੍ਹਾਂ ਵਿਚ ਬੰਦ ਸਿੰਘਾਂ ਨੂੰ ਮਾਸਿਕ ਸਨਮਾਨ ਭੱਤਾ, ਸਿੱਖ ਧਰਮ ਲਈ ਕੁਰਬਾਨੀ ਕਰਨ ਵਾਲੇ ਸਿੰਘਾਂ ਦੇ ਪਰਿਵਾਰਾਂ ਨੂੰ ਪੈਨਸ਼ਨਾਂ, ਸ਼ਹੀਦ ਅਤੇ ਜ਼ਖ਼ਮੀ ਸਿੰਘਾਂ ਦੇ ਪਰਿਵਾਰਾਂ ਨੂੰ ਸਹਾਇਤਾ, ਧਰਮੀ ਫ਼ੌਜੀਆਂ, ਸਿਕਲੀਗਰ ਤੇ ਵਣਜਾਰੇ ਸਿੱਖਾਂ ਲਈ ਸਹਾਇਤਾ ਦੇ ਨਾਲ-ਨਾਲ ਪੰਥਕ ਸਮਾਜਸੇਵੀ ਜਥੇਬੰਦੀਆਂ ਅਤੇ ਪਿੰਡਾਂ ਦੇ ਗ੍ਰੰਥੀ ਸਿੰਘਾਂ ਰਾਹੀਂ ਸਿੱਖੀ ਪ੍ਰਚਾਰ ਕਰਵਾਉਣ ਲਈ ਸਹਾਇਤਾ ਸ਼ਾਮਲ ਹੈ।

ਇਸੇ ਤਰ੍ਹਾਂ ਸਿੱਖ ਬੱਚਿਆਂ ਨੂੰ ਮੁਫਤ ਵਿਦਿਆ ਲਈ 12 ਕਰੋੜ 50 ਲੱਖ ਰੁਪਏ ਰਾਖਵੇਂ ਰੱਖੇ ਹਨ। ਪ੍ਰਸ਼ਾਸਨਿਕ ਪ੍ਰੀਖਿਆ ਦਾ ਮੁੱਢਲਾ ਟੈਸਟ ਪਾਸ ਕਰਨ ਵਾਲੇ ਗੁਰਸਿੱਖ ਵਿਦਿਆਰਥੀਆਂ ਲਈ ਮੇਨ ਦੀ ਤਿਆਰੀ ਵਾਸਤੇ 5 ਕਰੋੜ ਰੁਪਏ ਰਾਖਵੇਂ ਕੀਤੇ ਗਏ ਹਨ। ਇਸੇ ਤਰ੍ਹਾਂ ਸਿੱਖੀ ਪ੍ਰਚਾਰ ਲਈ 13 ਕਰੋੜ 25 ਲੱਖ ਰੁਪਏ ਅਤੇ ਸ਼ਤਾਬਦੀ ਸਮਾਗਮਾਂ ਲਈ 7 ਕਰੋੜ ਰੁਪਏ ਹਨ। ਇਸੇ ਤਰ੍ਹਾਂ ਖੇਡਾਂ ਲਈ 3 ਕਰੋੜ 11 ਲੱਖ ਰੁਪਏ, ਕੁਦਰਤੀ ਆਫ਼ਤਾਂ ਲਈ 1 ਕਰੋੜ 60 ਲੱਖ ਰੁਪਏ ਰੱਖੇ ਗਏ ਹਨ। ਇਸੇ ਤਰ੍ਹਾਂ ਵਿਦਿਅਕ ਸੰਸਥਾਵਾਂ ਲਈ ਸਹਾਇਤਾ ਵਜੋਂ 66 ਕਰੋੜ 77 ਲੱਖ ਰੁਪਏ ਦੀ ਰਾਸ਼ੀ ਰੱਖੀ ਗਈ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਬਹੁਤ ਸਾਰੇ ਲੋਕਾਂ ਦਾ ਸਵਾਲ ਹੁੰਦਾ ਹੈ ਕਿ ਸ਼੍ਰੋਮਣੀ ਕਮੇਟੀ ਦਾ ਬਜਟ ਪੰਜਾਬ ਸਰਕਾਰ ਦੇ ਬਰਾਬਰ ਹੈ, ਜਦਕਿ ਹਕੀਕਤ ਇਹ ਹੈ ਕਿ ਇਹ ਸਰਕਾਰ ਦੇ ਬਜਟ ਮੁਕਾਬਲੇ ਕੇਵਲ 0.9% ਹੀ ਹੈ। ਇਹ ਕੇਵਲ ਇਕ ਵੱਡੇ ਸ਼ਹਿਰ ਦੇ ਨਿਗਮ ਦੇ ਬਰਾਬਰ ਹੀ ਹੈ। ਬਜਟ ਇਜਲਾਸ ਦੀ ਕਾਰਵਾਈ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਵੱਲੋਂ ਸ਼ੁਰੂ ਕੀਤੀ ਗਈ, ਜਦਕਿ ਬਜਟ ਇਜਲਾਸ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰ ਬਾਬਾ ਗੁਰਪ੍ਰੀਤ ਸਿੰਘ ਅਤੇ ਅਜਮੇਰ ਸਿੰਘ ਖੇੜਾ ਨੇ ਵੀ ਆਪਣੇ ਵਿਚਾਰ ਰੱਖੇ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande