
ਚੰਡੀਗੜ੍ਹ, 29 ਮਾਰਚ (ਹਿੰ.ਸ.)। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਸੂਬੇ ਵਿੱਚ ਵੱਖ-ਵੱਖ ਹਾਈਵੇ ਪ੍ਰਾਜੈਕਟਾਂ ਦੇ ਨਿਰਮਾਣ ਲਈ ਕੌਮੀ ਮਾਰਗ ਅਥਾਰਟੀ (ਐਨ.ਐਚ.ਏ.ਆਈ.) ਨੂੰ ਸਧਾਰਨ ਮਿੱਟੀ ਦੇਣ ਲਈ ਸਤਲੁਜ ਦਰਿਆ ਵਿੱਚੋਂ ਗਾਰ ਕੱਢਣ ਦੀਆਂ ਸ਼ਰਤਾਂ ਵਿੱਚ ਢਿੱਲ ਦੇਣ ਨੂੰ ਵੀ ਪ੍ਰਵਾਨਗੀ ਦੇ ਦਿੱਤੀ। ਇਹ ਜਲ ਸਰੋਤ ਵਿਭਾਗ ਵੱਲੋਂ ਕੀਤੀਆਂ ਜਾ ਰਹੀਆਂ ਵੱਖ-ਵੱਖ ਪਹਿਲਕਦਮੀਆਂ ਦਾ ਹਿੱਸਾ ਹੈ ਜਿਸ ਵਿੱਚ ਦਰਿਆਵਾਂ ਦੇ ਪ੍ਰਬੰਧਨ ਅਤੇ ਹੜ੍ਹਾਂ ਦੇ ਖਤਰੇ ਨੂੰ ਘਟਾਉਣ ਦੇ ਯਤਨਾਂ ਵਜੋਂ ਸੂਬੇ ਭਰ ਦੇ ਪ੍ਰਮੁੱਖ ਦਰਿਆਵਾਂ ਵਿੱਚ ਲੰਬੇ ਚੈਨਲਾਂ ਦੀ ਖੁਦਾਈ ਸ਼ਾਮਲ ਹੈ।
ਯੋਜਨਾਬੰਦੀ ਵਿਭਾਗ ’ਚ ਸਿੱਧੀ ਭਰਤੀ ਤਹਿਤ 70 ਅਸਾਮੀਆਂ ਭਰਨ ਦੀ ਪ੍ਰਵਾਨਗੀ :
ਮੰਤਰੀ ਮੰਡਲ ਨੇ ਯੋਜਨਾਬੰਦੀ ਵਿਭਾਗ ਵਿੱਚ ਸਿੱਧੀ ਭਰਤੀ ਤਹਿਤ 70 ਅਸਾਮੀਆਂ ਭਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਆਰਥਿਕ ਨੀਤੀ ਤੇ ਯੋਜਨਾ ਬੋਰਡ ਅਤੇ ਅੰਕੜਾ ਵਿਭਾਗ, ਪੰਜਾਬ ਦੇ ਰਲੇਵੇਂ ਦੀ ਪ੍ਰਕਿਰਿਆ ਪਹਿਲਾਂ ਹੀ ਸ਼ੁਰੂ ਹੋ ਚੁੱਕੀ ਹੈ। ਇਸ ਅਭਿਆਸ ਦੇ ਮੱਦੇਨਜ਼ਰ ਭਰੀਆਂ ਜਾਣ ਵਾਲੀਆਂ ਖਾਲੀ ਅਸਾਮੀਆਂ ਦੀ ਜ਼ਰੂਰਤ ਨੂੰ ਸੋਧਿਆ ਗਿਆ ਹੈ। ਇਸ ਲਈ ਅਧਿਕਾਰੀਆਂ ਦੀ ਕਮੇਟੀ ਦੁਆਰਾ ਸਿੱਧੀ ਭਰਤੀ ਦੀਆਂ 70 ਅਸਾਮੀਆਂ ਭਰਨ ਦੀ ਪ੍ਰਵਾਨਗੀ ਦਿੱਤੀ ਗਈ।
ਪੀ.ਐਸ.ਪੀ.ਸੀ.ਐਲ. ਅਤੇ ਪੀ.ਐਸ.ਟੀ.ਸੀ.ਐਲ. ਦੇ ਸੀ.ਐਮ.ਡੀ. ਅਤੇ ਡਾਇਰੈਕਟਰਾਂ ਦੀ ਨਿਯੁਕਤੀ ਲਈ ਸ਼ਰਤਾਂ ’ਚ ਸੋਧ :
ਮੰਤਰੀ ਮੰਡਲ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪਾਵਰਕਾਮ) ਅਤੇ ਪੰਜਾਬ ਸਟੇਟ ਟ੍ਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ (ਟ੍ਰਾਂਸਕੋ) ਦੇ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰਾਂ (ਸੀ.ਐਮ.ਡੀ.) ਅਤੇ ਡਾਇਰੈਕਟਰਾਂ ਦੀ ਨਿਯੁਕਤੀ ਲਈ ਲੋੜੀਂਦੀਆਂ ਯੋਗਤਾਵਾਂ ਅਤੇ ਤਜਰਬੇ ਸਬੰਧੀ ਸ਼ਰਤਾਂ ਵਿੱਚ ਸੋਧ ਕਰਨ ਦੀ ਵੀ ਪ੍ਰਵਾਨਗੀ ਦੇ ਦਿੱਤੀ ਹੈ।
ਪਛਵਾੜਾ ਕੋਲਾ ਖਾਣ ਵਿਖੇ ਮਨੁੱਖੀ ਸ਼ਕਤੀ ਤੇ ਸਹਾਇਕ ਸਟਾਫ ਨਿਯੁਕਤ ਕਰਨ ਦੀ ਪ੍ਰਵਾਨਗੀ :
ਮੰਤਰੀ ਮੰਡਲ ਨੇ ਝਾਰਖੰਡ ਦੇ ਜ਼ਿਲ੍ਹਾ ਪਾਕੁੜ ਵਿਖੇ ਪਛਵਾੜਾ ਕੇਂਦਰੀ ਕੋਲਾ ਖਾਣ (ਪੀਸੀਸੀਐਮ) ਦੇ ਸੰਚਾਲਨ ਅਤੇ ਰੱਖ-ਰਖਾਅ ਲਈ ਪੀ.ਐਸ.ਪੀ.ਸੀ.ਐਲ. ਦੁਆਰਾ ਠੇਕੇ ਦੇ ਆਧਾਰ 'ਤੇ ਮਨੁੱਖੀ ਸ਼ਕਤੀ ਅਤੇ ਸਹਾਇਕ ਸਟਾਫ ਨਿਯੁਕਤ ਕਰਨ ਨੂੰ ਵੀ ਹਰੀ ਝੰਡੀ ਦੇ ਦਿੱਤੀ। ਇਸ ਲਈ ਅਧਿਕਾਰਤ ਕਮੇਟੀ ਬਣਾਉਣ ਦਾ ਫੈਸਲਾ ਕੀਤਾ ਗਿਆ ਜਿਸ ਵਿੱਚ ਪ੍ਰਬੰਧਕੀ ਸਕੱਤਰ ਚੇਅਰਮੈਨ ਅਤੇ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ ਅਤੇ ਡਾਇਰੈਕਟਰ/ਜਨਰੇਸ਼ਨ, ਪੀ.ਐਸ.ਪੀ.ਸੀ.ਐਲ. ਨੂੰ ਮੈਂਬਰ ਵਜੋਂ ਸ਼ਾਮਲ ਕੀਤਾ ਜਾਵੇਗਾ। ਇਸ ਕਮੇਟੀ ਨੂੰ ਪਛਵਾੜਾ ਕੇਂਦਰੀ ਕੋਲਾ ਖਾਣ, ਪਾਕੁੜ ਦੇ ਸੰਚਾਲਨ ਅਤੇ ਰੱਖ-ਰਖਾਅ ਲਈ ਸਮਰੱਥ ਮਨੁੱਖੀ ਸ਼ਕਤੀ/ਸਹਾਇਕ ਸਟਾਫ ਦੀ ਠੇਕੇ ਦੀ ਭਰਤੀ ਅਤੇ ਵਿਸਥਾਰ ਨਾਲ ਸਬੰਧਤ ਸਾਰੀਆਂ ਪ੍ਰਵਾਨਗੀਆਂ ਦੇਣ ਲਈ ਅਧਿਕਾਰਤ ਕੀਤਾ ਗਿਆ ਸੀ।
ਲੀਜ਼ਹੋਲਡ ਉਦਯੋਗਿਕ ਪਲਾਟਾਂ ਨੂੰ ਫ੍ਰੀਹੋਲਡ ਵਿੱਚ ਬਦਲਣ ਲਈ ਨੀਤੀ ’ਚ ਸੋਧਾਂ :
ਮੰਤਰੀ ਮੰਡਲ ਵੱਲੋਂ ਲੀਜ਼ਹੋਲਡ ਉਦਯੋਗਿਕ ਪਲਾਟਾਂ/ਸ਼ੈੱਡਾਂ ਨੂੰ ਫ੍ਰੀਹੋਲਡ ਵਿੱਚ ਬਦਲਣ ਲਈ ਨੀਤੀ ਵਿੱਚ ਸੋਧਾਂ ਨੂੰ ਵੀ ਸਹਿਮਤੀ ਦੇ ਦਿੱਤੀ ਗਈ ਹੈ। ਇਹਨਾਂ ਸੋਧਾਂ ਮੁਤਾਬਕ ਬੈਂਕਾਂ ਜਾਂ ਵਿੱਤੀ ਸੰਸਥਾਵਾਂ ਕੋਲ ਗਿਰਵੀ ਰੱਖੇ ਗਏ ਉਦਯੋਗਿਕ ਪਲਾਟ ਫ੍ਰੀਹੋਲਡ ਵਿੱਚ ਬਦਲੇ ਜਾ ਸਕਦੇ ਹਨ, ਬਸ਼ਰਤੇ ਸਬੰਧਤ ਬੈਂਕ ਵੱਲੋਂ ਪ੍ਰਾਪਤ ‘ਨੋ ਓਬਜੈਕਸ਼ਨ ਸਰਟੀਫਿਕੇਟ’ ਜਮ੍ਹਾਂ ਕਰਵਾਇਆ ਗਿਆ ਹੋਵੇ ਅਤੇ ਨਿਰਧਾਰਤ ਸੁਰੱਖਿਆ ਉਪਾਵਾਂ ਦੀ ਪਾਲਣਾ ਕੀਤੀ ਗਈ ਹੋਵੇ। ਇਸ ਸਬੰਧੀ ਉਨ੍ਹਾਂ ਮਾਮਲਿਆਂ ਵਿੱਚ 5 ਫੀਸਦ ਦੀ ਕੰਵਰਜ਼ਨ ਫੀਸ ਲਾਗੂ ਹੋਵੇਗੀ ਜਿੱਥੇ ਮੌਜੂਦਾ ਟਾਈਟਲ ਦਸਤਾਵੇਜ਼ਾਂ ਵਿੱਚ ਅਣ-ਅਰਜਿਤ ਵਾਧੇ ਨਾਲ ਸਬੰਧਤ ਕੋਈ ਧਾਰਾ ਨਹੀਂ ਹੈ, ਭਾਵੇਂ ਇਹ ਪਹਿਲਾਂ ਦੇ ਟਾਈਟਲ ਦਸਤਾਵੇਜ਼ਾਂ ਵਿੱਚ ਮੌਜੂਦ ਹੋਵੇ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ