ਪੰਜਾਬ ਕੈਬਨਿਟ ਵੱਲੋਂ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਸ਼ੁਰੂ ਕਰਨ ਲਈ ਹਰੀ ਝੰਡੀ
ਚੰਡੀਗੜ੍ਹ, 29 ਮਾਰਚ (ਹਿੰ.ਸ.)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਅੱਜ ਪੰਜਾਬ ਭਰ ਵਿੱਚ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਨੂੰ ਮਨਜ਼ੂਰੀ ਦੇ ਕੇ ਇਸ ਯੋਜਨਾ ਨੂੰ ਸ਼ੁਰੂ ਕਰਨ ਲਈ ਰਾਹ ਪੱਧਰਾ ਕਰ ਦਿੱਤਾ ਹੈ। ਇਸ ਯੋਜਨਾ ਤਹਿਤ ਅਨੁਸੂਚਿਤ ਜਾਤੀ ਵਰਗ
ਮੀਟਿੰਗ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਅਤੇ ਮੰਤਰੀ


ਚੰਡੀਗੜ੍ਹ, 29 ਮਾਰਚ (ਹਿੰ.ਸ.)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਅੱਜ ਪੰਜਾਬ ਭਰ ਵਿੱਚ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਨੂੰ ਮਨਜ਼ੂਰੀ ਦੇ ਕੇ ਇਸ ਯੋਜਨਾ ਨੂੰ ਸ਼ੁਰੂ ਕਰਨ ਲਈ ਰਾਹ ਪੱਧਰਾ ਕਰ ਦਿੱਤਾ ਹੈ। ਇਸ ਯੋਜਨਾ ਤਹਿਤ ਅਨੁਸੂਚਿਤ ਜਾਤੀ ਵਰਗ ਦੀਆਂ ਔਰਤਾਂ ਨੂੰ ਹਰੇਕ ਮਹੀਨੇ 1500 ਰੁਪਏ ਅਤੇ ਬਾਕੀ ਸਾਰੀਆਂ ਔਰਤਾਂ ਨੂੰ 1000 ਰੁਪਏ ਸਨਮਾਨ ਰਾਸ਼ੀ ਮਿਲੇਗੀ। ਇਸ ਯੋਜਨਾ ਨਾਲ ਪੰਜਾਬ ਦੀਆਂ 97 ਫੀਸਦ ਤੋਂ ਵੱਧ ਔਰਤਾਂ ਨੂੰ ਲਾਭ ਹੋਵੇਗਾ। ਇਹ ਫੈਸਲਾ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਨੇ ਕਿਹਾ ਕਿ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਸੂਬਾ ਭਰ ਵਿੱਚ ਸ਼ੁਰੂ ਕੀਤੀ ਜਾਵੇਗੀ। ਇਸ ਯੋਜਨਾ ਤਹਿਤ ਅਨੁਸੂਚਿਤ ਵਰਗ ਦੀਆਂ ਔਰਤਾਂ ਨੂੰ 1500 ਰੁਪਏ ਅਤੇ ਬਾਕੀ ਸਾਰੀਆਂ ਔਰਤਾਂ ਨੂੰ 1000 ਰੁਪਏ ਮਹੀਨਾਵਾਰ ਸਨਮਾਨ ਰਾਸ਼ੀ ਦਿੱਤੀ ਜਾਵੇਗੀ। ਇਹ ਯੋਜਨਾ ਔਰਤਾਂ ਨੂੰ ਸੁਤੰਤਰ ਅਤੇ ਸਸ਼ਕਤ ਬਣਾ ਕੇ ਉਨ੍ਹਾਂ ਦੀ ਪ੍ਰਗਤੀ ਵਿੱਚ ਅਹਿਮ ਯੋਗਦਾਨ ਪਾਵੇਗੀ। ਇਹ ਸਕੀਮ ਔਰਤਾਂ ਨੂੰ ਵਿੱਤੀ ਪੱਖੋਂ ਮਜ਼ਬੂਤ ਕਰੇਗੀ, ਜਿਸ ਨਾਲ ਉਹ ਬੱਚਤ ਅਤੇ ਨਿਵੇਸ਼ ਕਰ ਸਕਣਗੀਆਂ ਅਤੇ ਇਹ ਔਰਤਾਂ ਨੂੰ ਉਨ੍ਹਾਂ ਦੀਆਂ ਘਰ-ਪਰਿਵਾਰ ਲਈ ਲੋੜੀਂਦੀਆਂ ਇੱਛਾਵਾਂ ਨੂੰ ਪੂਰਾ ਕਰਨ ਦੇ ਸਮਰੱਥ ਬਣਾਏਗੀ।

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਸਮਾਜਿਕ ਭਲਾਈ ਅਤੇ ਮਨੁੱਖੀ ਵਿਕਾਸ ਦੇ ਖੇਤਰ ਵਿੱਚ ਬੇਮਿਸਾਲ ਪ੍ਰਗਤੀ ਕੀਤੀ ਗਈ ਹੈ; ਹਾਲਾਂਕਿ, ਸੂਬੇ ਭਰ ਵਿੱਚ ਵੱਡੀ ਗਿਣਤੀ ਔਰਤਾਂ, ਖਾਸ ਕਰਕੇ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਔਰਤਾਂ, ਨੂੰ ਵਿੱਤੀ ਸੁਰੱਖਿਆ ਦੀ ਘਾਟ ਦਾ ਸਾਹਮਣਾ ਕਰਨਾ ਪੈਂਦਾ ਹੈ। ਪਰਿਵਾਰਕ ਭਲਾਈ ਵਿੱਚ ਸੁਧਾਰ ਕਰਨ, ਲਿੰਗ ਸਮਾਨਤਾ ਨੂੰ ਉਤਸ਼ਾਹਿਤ ਕਰਨ ਅਤੇ ਸਮਾਜਿਕ ਅਤੇ ਆਰਥਿਕ ਫੈਸਲਾ ਲੈਣ ਵਿੱਚ ਔਰਤਾਂ ਦੀ ਭਾਗੀਦਾਰੀ ਨੂੰ ਵਧਾਉਣ ਲਈ ਔਰਤਾਂ ਨੂੰ ਵਿੱਤੀ ਪੱਖੋਂ ਮਜ਼ਬੂਤ ਕਰਨਾ ਬੇਹੱਦ ਜ਼ਰੂਰੀ ਹੈ।

ਇਸ ਪਹਿਲਕਦਮੀ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਨੇ ਅੱਗੇ ਕਿਹਾ ਕਿ ਇਸ ਯੋਜਨਾ ਨਾਲ 97 ਫੀਸਦ ਤੋਂ ਵੱਧ ਔਰਤਾਂ ਨੂੰ ਲਾਭ ਮਿਲਣ ਦੀ ਸੰਭਾਵਨਾ ਹੈ, ਜੋ ਇਸ ਨੂੰ ਦੇਸ਼ ਦੀ ਸਭ ਤੋਂ ਮਹਿਲਾ ਪੱਖੀ ਸਮਾਜਿਕ ਸੁਰੱਖਿਆ ਪਹਿਲਕਦਮੀਆਂ ਵਿੱਚ ਸ਼ੁਮਾਰ ਕਰਦਾ ਹੈ। ਇਹ ਯੋਜਨਾ ਸੂਬਾ ਭਰ ਵਿੱਚ ਔਰਤਾਂ ਨੂੰ ਸਿੱਧੀ ਆਰਥਿਕ ਇਮਦਾਦ ਯਕੀਨੀ ਬਣਾਉਣ ਵੱਲ ਅਹਿਮ ਕਦਮ ਹੈ ਅਤੇ ਔਰਤਾਂ ਦੇ ਸਸ਼ਕਤੀਕਰਨ ਤਹਿਤ ਉਨ੍ਹਾਂ ਲਈ ਵਿੱਤੀ ਆਜ਼ਾਦੀ ਨੂੰ ਯਕੀਨੀ ਬਣਾਉਣ ਪ੍ਰਤੀ ਸਰਕਾਰ ਦੇ ਦ੍ਰਿਸ਼ਟੀਕੋਣ ਨੂੰ ਦਰਸਾਉਂਦੀ ਹੈ।

ਇਹ ਯੋਜਨਾ ਸਿੱਧਾ ਲਾਭ ਪ੍ਰਦਾਨ ਕਰਨ ਲਈ ਤਿਆਰ ਕੀਤੀ ਗਈ ਹੈ, ਜਿਸ ਤਹਿਤ ਵਿੱਤੀ ਸਹਾਇਤਾ ਸਿੱਧੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤੀ ਜਾਵੇਗੀ। ਇਸ ਸਕੀਮ ਤਹਿਤ ਇੱਕ ਪਰਿਵਾਰ ਵਿੱਚ ਯੋਗ ਔਰਤਾਂ ਦੀ ਗਿਣਤੀ 'ਤੇ ਕੋਈ ਪਾਬੰਦੀ ਨਹੀਂ ਹੋਵੇਗੀ ਅਤੇ ਇਕੋ ਪਰਿਵਾਰ ਦੀਆਂ ਕਈ ਔਰਤਾਂ ਇਸ ਯੋਜਨਾ ਦਾ ਲਾਭ ਪ੍ਰਾਪਤ ਕਰ ਸਕਦੀਆਂ ਹਨ। ਮੌਜੂਦਾ ਸਮਾਜਿਕ ਸੁਰੱਖਿਆ ਪੈਨਸ਼ਨਰਾਂ ਨੂੰ ਵੀ ਇਸ ਯੋਜਨਾ ਦੇ ਤਹਿਤ ਆਪਣੀਆਂ ਪੈਨਸ਼ਨਾਂ ਤੋਂ ਇਲਾਵਾ ਪੂਰੇ ਵਿੱਤੀ ਲਾਭ ਪ੍ਰਾਪਤ ਹੋਣਗੇ ਜਿਸ ਨਾਲ ਇਸ ਦੀ ਪਹੁੰਚ ਅਤੇ ਪ੍ਰਭਾਵਸ਼ੀਲਤਾ ਵਿੱਚ ਵਾਧਾ ਹੋਵੇਗਾ।

ਪੰਜਾਬ ਵਿੱਚ 18 ਸਾਲ ਜਾਂ ਇਸ ਤੋਂ ਵੱਧ ਉਮਰ ਦੀਆਂ ਔਰਤਾਂ, ਜੋ ਵੋਟਰ ਵਜੋਂ ਰਜਿਸਟਰਡ ਹਨ, ਜਿਨ੍ਹਾਂ ਕੋਲ ਪੰਜਾਬ ਦੀ ਰਿਹਾਇਸ਼ ਵਾਲਾ ਆਧਾਰ ਕਾਰਡ ਹੈ ਅਤੇ ਭਾਰਤ ਚੋਣ ਕਮਿਸ਼ਨ ਦੁਆਰਾ ਜਾਰੀ ਵੋਟਰ ਕਾਰਡ ਹੈ, ਇਸ ਯੋਜਨਾ ਤਹਿਤ ਲਾਭਪਾਤਰੀ ਵਜੋਂ ਰਜਿਸਟਰ ਹੋਣ ਦੇ ਯੋਗ ਹੋਣਗੀਆਂ।

ਹਰੇਕ ਮਹਿਲਾ ਤੱਕ ਇਸ ਯੋਜਨਾ ਦਾ ਲਾਭ ਪਹੁੰਚਾਉਣ ਨੂੰ ਯਕੀਨੀ ਬਣਾਉਣ ਲਈ ਭਗਵੰਤ ਮਾਨ ਸਰਕਾਰ ਵਿਆਪਕ ਪਹੁੰਚ ਅਤੇ ਰਜਿਸਟਰ ਕਰਨ ਸਬੰਧੀ ਹਰ ਸੰਭਵ ਯਤਨ ਕਰੇਗੀ, ਜਿਸ ਵਿੱਚ ਮਹਿਲਾਵਾਂ, ਖਾਸ ਕਰਕੇ ਪੇਂਡੂ ਅਤੇ ਪਛੜੇ ਖੇਤਰਾਂ ਦੀਆਂ ਮਹਿਲਾਵਾਂ, ਲਈ ਦਸਤਾਵੇਜ਼ਾਂ ਨੂੰ ਪੂਰਾ ਕਰਨਾ, ਬੈਂਕ ਖਾਤਿਆਂ ਨੂੰ ਕਾਰਜਸ਼ੀਲ ਕਰਨਾ ਅਤੇ ਨਿਰਵਿਘਨ ਰਜਿਸਟ੍ਰੇਸ਼ਨ ਨੂੰ ਯਕੀਨੀ ਬਣਾਉਣ ਵਿੱਚ ਔਰਤਾਂ ਦੀ ਸਹਾਇਤਾ ਕਰਨਾ ਸ਼ਾਮਲ ਹੈ।

ਇਸ ਪਹਿਲ ਨੂੰ ਹੋਰ ਮਜ਼ਬੂਤ ਕਰਦਿਆਂ ਵਿੱਤੀ ਸਾਲ 2026-27 ਦੇ ਬਜਟ ਵਿੱਚ 9,300 ਕਰੋੜ ਰੁਪਏ ਦੀ ਰਕਮ ਪਹਿਲਾਂ ਹੀ ਮਨਜ਼ੂਰ ਕੀਤੀ ਜਾ ਚੁੱਕੀ ਹੈ ਅਤੇ ਯੋਜਨਾ ਦੇ ਪੈਮਾਨੇ ਅਤੇ ਪਹੁੰਚ ਨੂੰ ਦੇਖਦਿਆਂ ਇਹ ਪੰਜਾਬ ਸਰਕਾਰ ਦੁਆਰਾ ਸ਼ੁਰੂ ਕੀਤੀਆਂ ਗਈਆਂ ਸਭ ਤੋਂ ਵੱਡੀਆਂ ਮਹਿਲਾ-ਪੱਖੀ ਸਮਾਜ ਭਲਾਈ ਪਹਿਲਕਦਮੀਆਂ ਵਿੱਚੋਂ ਇੱਕ ਹੋਣ ਦੀ ਉਮੀਦ ਹੈ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande