
ਚੰਡੀਗੜ੍ਹ, 29 ਮਾਰਚ (ਹਿੰ.ਸ.)। ਪੰਜਾਬ ਅਤੇ ਰਾਜਧਾਨੀ ਚੰਡੀਗੜ੍ਹ ਵਿੱਚ ਐਤਵਾਰ ਸਵੇਰ ਤੋਂ ਹੀ ਮੌਸਮ ਦਾ ਮਿਜ਼ਾਜ ਪੂਰੀ ਤਰ੍ਹਾਂ ਬਦਲ ਗਿਆ ਹੈ। ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਚੰਡੀਗੜ੍ਹ, ਮੋਹਾਲੀ, ਲੁਧਿਆਣਾ ਅਤੇ ਜਲੰਧਰ ਸਮੇਤ ਕਈ ਇਲਾਕਿਆਂ ਵਿੱਚ ਸਵੇਰ ਤੋਂ ਹੀ ਰੁਕ-ਰੁਕ ਕੇ ਬਾਰਿਸ਼ ਹੋਈ ਹੈ। ਹਾਲਾਂਕਿ ਦੁਪਹਿਰ ਤੋਂ ਪਹਿਲਾਂ ਠੰਢੀਆਂ ਹਵਾਵਾਂ ਚੱਲਣ ਕਾਰਨ ਤਾਪਮਾਨ ਵਿੱਚ ਵੀ ਗਿਰਾਵਟ ਦਰਜ ਕੀਤੀ ਗਈ ਹੈ, ਪਰ ਦੁਪਹਿਰ ਬਾਅਦ ਕਈ ਇਲਾਕਿਆਂ ’ਚ ਧੁੱਪ ਨਿਕਲਣ ਕਾਰਨ ਹੁੰਸਮ ਭਰਿਆ ਮੌਸਮ ਬਣਿਆ ਹੋਇਆ ਹੈ।
ਇਸ ਵਿਚਕਾਰ ਮੌਸਮ ਨੂੰ ਲੈ ਕੇ ਪੰਜਾਬ ਵਿੱਚ ਐਸਡੀਐਮਏਵਲੋਂ ਲੋਕਾਂ ਦੇ ਮੋਬਾਈਲ ਫ਼ੋਨਾਂ ‘ਤੇ ਲਗਾਤਾਰ ਅਲਰਟ ਮੈਸੇਜ ਭੇਜੇ ਜਾ ਰਹੇ ਹਨ। ਪੰਜਾਬ ਐਸਡੀਐਮਏ (ਸਟੇਟ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ) ਵੱਲੋਂ ਜਾਰੀ ਇਨ੍ਹਾਂ ਸੰਦੇਸ਼ਾਂ ਵਿੱਚ ਅਗਲੇ ਕੁਝ ਦਿਨਾਂ ਤੱਕ ਖ਼ਰਾਬ ਮੌਸਮ ਦੀ ਚੇਤਾਵਨੀ ਦਿੱਤੀ ਗਈ ਹੈ। ਅਲਰਟ ਅਨੁਸਾਰ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ, ਗੁਰਦਾਸਪੁਰ, ਕਪੂਰਥਲਾ ਸਮੇਤ ਕਈ ਜ਼ਿਲ੍ਹਿਆਂ ਵਿੱਚ ਗਰਜ-ਚਮਕ ਦੇ ਨਾਲ ਤੇਜ਼ ਹਨੇਰੀ ਅਤੇ ਬਾਰਿਸ਼ ਦੀ ਸੰਭਾਵਨਾ ਹੈ। ਹਵਾਵਾਂ ਦੀ ਰਫ਼ਤਾਰ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਤੱਕ ਪਹੁੰਚ ਸਕਦੀ ਹੈ।
ਜ਼ਿਕਰਯੋਗ ਹੈ ਕਿ ਭਾਰਤੀ ਮੌਸਮ ਵਿਭਾਗ (ਆਈਐਮਡੀ) ਨੇ ਚੰਡੀਗੜ੍ਹ, ਮੋਹਾਲੀ ਅਤੇ ਪੰਚਕੂਲਾ (ਟ੍ਰਾਈਸਿਟੀ) ਲਈ 29 ਅਤੇ 30 ਮਾਰਚ ਵਾਸਤੇ 'ਆਰੇਂਜ ਅਲਰਟ' ਜਾਰੀ ਕੀਤਾ ਹੋਇਆ ਹੈ। ਮੌਸਮ ਵਿੱਚ ਆਈ ਇਸ ਤਬਦੀਲੀ ਨੇ ਕਿਸਾਨਾਂ ਦੀ ਚਿੰਤਾ ਵਧਾ ਦਿੱਤੀ ਹੈ, ਕਿਉਂਕਿ ਕਣਕ ਦੀ ਫ਼ਸਲ ਪੱਕਣ ਦੇ ਨੇੜੇ ਹੈ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ