
ਜੰਡਿਆਲਾ ਗੁਰੂ/ਅੰਮ੍ਰਿਤਸਰ, 05 ਮਾਰਚ (ਹਿੰ.ਸ.)। ਜੰਡਿਆਲਾ ਗੁਰੂ ਦੇ ਬੀ.ਡੀ.ਪੀ.ਓ ਦਫ਼ਤਰ ਵਿਖੇ ਅੱਜ ਬਲਾਕ ਸੰਮਤੀ ਦੇ ਚੇਅਰਮੈਨ ਤੇ ਵਾਈਸ ਚੇਅਰਮੈਨ ਦੀ ਚੋਣ ਹੋਈ ਜਿਸ ਵਿੱਚ ਸਰਬਸੰਮਤੀ ਨਾਲ ਅਮਰੀਕ ਸਿੰਘ ਸੋਢੀ ਦੇਵੀਦਾਸਪੁਰਾ ਨੂੰ ਚੇਅਰਮੈਨ ਅਤੇ ਰਵਿੰਦਰ ਸਿੰਘ ਨੂੰ ਵਾਈਸ ਚੇਅਰਮੈਨ ਚੁਣ ਲਿਆ ਗਿਆ। ਦੱਸਣਯੋਗ ਹੈ ਕਿ ਜੰਡਿਆਲਾ ਗੁਰੂ ਬਲਾਕ ਸੰਮਤੀ ਦੇ ਕੁਲ 25 ਮੈਂਬਰ ਸਨ ਅਤੇ ਜਿਸ ਵਿੱਚੋਂ 21 ਬਲਾਕ ਸੰਮਤੀ ਦੇ ਮੈਂਬਰ ਆਮ ਆਦਮੀ ਪਾਰਟੀ ਦੇ ਚੁਣੇ ਗਏ ਸਨ।
ਇਸ ਮੌਕੇ ਕੈਬਿਨਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਬਲਾਕ ਸੰਮਤੀ ਜੰਡਿਆਲਾ ਗੁਰੂ ਦੇ ਨਵੇਂ ਚੁਣੇ ਗਏ ਚੇਅਰਮੈਨ ਅਮਰੀਕ ਸਿੰਘ ਸੋਢੀ ਦੇਵੀਦਾਸਪੁਰਾ ਅਤੇ ਵਾਈਸ ਚੇਅਰਮੈਨ ਰਵਿੰਦਰ ਸਿੰਘ ਨੂੰ ਵਧਾਈ ਦਿੰਦੇ ਕਿਹਾ ਕਿ ਬਲਾਕ ਸੰਮਤੀ ਦੀਆਂ ਚੋਣਾਂ ਵਿਚ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਵੱਡਾ ਬਹੁਮੱਤ ਦਿੱਤਾ ਸੀ ਅਤੇ ਇਹ ਜਿੱਤ ਆਮ ਲੋਕਾਂ ਦੀ ਜਿੱਤ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਆਪਣੇ 4 ਸਾਲ ਦੇ ਕਾਰਜਕਾਲ ਦੌਰਾਨ ਲੋਕਾਂ ਨਾਲ ਕੀਤੀਆਂ ਸਾਰੀਆਂ ਗਾਰੰਟੀਆਂ ਨੂੰ ਪੂਰਾ ਕੀਤਾ ਹੈ। ਉਨਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਜਲਦ ਹੀ ਆਪਣੀਆਂ ਮਤਾਵਾਂ-ਭੈਣਾਂ ਨੂੰ 1000-1000 ਰੁਪਏ ਦੇਣ ਦਾ ਵਾਅਦਾ ਵੀ ਪੂਰਾ ਕੀਤਾ ਜਾ ਰਿਹਾ ਹੈ।
ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਮਾਨ ਸਰਕਾਰ ਸੂਬੇ ਵਿੱਚ 45 ਹਜ਼ਾਰ ਕਿਲੋਮੀਟਰ ਸੜਕਾਂ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਸਾਲ 2022 ਵਿੱਚ ਜਦੋਂ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਓਦੋਂ ਤੋਂ ਹੀ ਮਾਨ ਸਰਕਾਰ ਦੇਸ਼ ਦੇ ਮਹਾਨ ਕੌਮੀ ਨਾਇਕਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਨਿਰੰਤਰ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜਿਥੇ ਪਿਛਲੀਆਂ ਸਰਕਾਰਾਂ ਨੇ ਸਿੱਖਿਆ ਅਤੇ ਨੌਕਰੀਆਂ ਦਾ ਪੈਸਾ ਰੱਜ ਕੇ ਲੁੱਟਿਆ, ਉਥੇ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਨੌਜਵਾਨਾਂ ਲਈ ਸਰਕਾਰੀ ਨੌਕਰੀਆਂ ਦੇ ਦਰਵਾਜ਼ੇ ਖੋਲ੍ਹੇ। ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲਾਂ ਵਿੱਚ 65000 ਤੋਂ ਵੱਧ ਤੋਂ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।
ਕੈਬਿਨਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਪੰਜਾਬ ਸਰਕਾਰ ਨੇ ’ਮੁੱਖ ਮੰਤਰੀ ਸਿਹਤ ਯੋਜਨਾ’ ਸ਼ੁਰੂ ਕੀਤੀ ਹੈ, ਜੋ ਰਾਜ ਦਾ ਸਭ ਤੋਂ ਵੱਡਾ ਸਿਹਤ ਸੁਧਾਰ ਪ੍ਰੋਗਰਾਮ ਹੈ। ਉਨ੍ਹਾਂ ਕਿਹਾ ਕਿ ਹੁਣ ਹਰ ਪੰਜਾਬੀ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਇਲਾਜ ਮਿਲੇਗਾ। ਉਨ੍ਹਾਂ ਨਾਲ ਹੀ ਕਿਹਾ ਕਿ ਪਹਿਲਾਂ ਇਹ ਸੀਮਾ 5 ਲੱਖ ਰੁਪਏ ਸੀ, ਜਿਸ ਨੂੰ ਹੁਣ ਦੁੱਗਣਾ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਬਣਾਈ ਗਈ ਇਸ ਯੋਜਨਾ ਦਾ ਲਾਭ ਲਗਭਗ 65 ਲੱਖ ਪਰਿਵਾਰਾਂ ਨੂੰ ਮਿਲੇਗਾ।
ਇਸ ਮੌਕੇ ਬਲਾਕ ਸੰਮਤੀ ਜੰਡਿਆਲਾ ਗੁਰੂ ਦੇ ਸਰਬਸੰਮਤੀ ਨਾਲ ਚੁਣੇ ਗਏ ਚੇਅਰਮੈਨ ਅਮਰੀਕ ਸਿੰਘ ਸੋਢੀ ਅਤੇ ਵਾਈਸ ਚੇਅਰਮੈਨ ਰਵਿੰਦਰ ਸਿੰਘ ਨੇ ਇਕ ਸੁਰ ਵਿਚ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਨੇ ਜੋ ਜਿੰਮੇਵਾਰੀ ਸੌਂਪੀ ਹੈ ਉਹ ਉਸ ਨੂੰ ਪੁਰੀ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਹਿਲਕਦਮੀ ਪਿੰਡਾਂ ਦੇ ਵਿਕਾਸ ਵੱਲ ਹੋਵੇਗੀ ਅਤੇ ਪਿੰਡਾਂ ਦਾ ਸਰਵਪੱਖੀ ਵਿਕਾਸ ਕੀਤਾ ਜਾਵੇਗਾ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ