
ਫਾਜ਼ਿਲਕਾ, 05 ਮਾਰਚ (ਹਿੰ.ਸ.)। ਜਗਵਿੰਦਰਜੀਤ ਸਿੰਘ ਗਰੇਵਾਲ ਨੇ ਅੱਜ ਫਾਜ਼ਿਲਕਾ ਦੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ ) ਵਜੋਂ ਅਹੁਦਾ ਸੰਭਾਲ ਲਿਆ ਹੈ। ਦੱਸਣਯੋਗ ਹੈ ਕਿ ਜਗਵਿੰਦਰਜੀਤ ਸਿੰਘ ਗਰੇਵਾਲ 2004 ਬੈਚ ਦੇ ਪੀ.ਸੀ.ਐਸ ਅਧਿਕਾਰੀ ਹਨ।
ਅਹੁਦਾ ਸੰਭਾਲਣ ਤੋਂ ਬਾਅਦ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਉਨ੍ਹਾਂ ਦੀ ਮੁੱਖ ਤਰਜੀਹ ਯੋਗ ਨਾਗਰਿਕਾਂ ਨੂੰ ਸਰਕਾਰੀ ਯੋਜਨਾਵਾਂ ਦਾ ਲਾਭ ਪਾਰਦਰਸ਼ੀ, ਭ੍ਰਿਸ਼ਟਾਚਾਰ ਮੁਕਤ ਅਤੇ ਸਮੇਂ ਸਿਰ ਪ੍ਰਦਾਨ ਕਰਨਾ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇਗਾ ਕਿ ਪ੍ਰਸ਼ਾਸਕੀ ਸੇਵਾਵਾਂ ਨੂੰ ਸਰਲ, ਪਹੁੰਚਯੋਗ ਅਤੇ ਜਨਤਾ-ਪੱਖੀ ਬਣਾਇਆ ਜਾਵੇ ਅਤੇ ਆਮ ਨਾਗਰਿਕਾਂ ਨੂੰ ਸਰਕਾਰੀ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।
ਅਹੁਦਾ ਸੰਭਾਲਣ ਤੋਂ ਬਾਅਦ ਉਨ੍ਹਾਂ ਨੇ ਦਫ਼ਤਰ ਦੇ ਸਟਾਫ਼ ਨਾਲ ਜਾਣ-ਪਛਾਣ ਕੀਤੀ ਅਤੇ ਪੈਂਡਿੰਗ ਮਾਮਲਿਆਂ ਦਾ ਜਾਇਜ਼ਾ ਲਿਆ। ਉਨ੍ਹਾਂ ਹਦਾਇਤ ਕੀਤੀ ਕਿ ਸਾਰੇ ਪੈਂਡਿੰਗ ਕੰਮਾਂ ਨੂੰ ਪਹਿਲ ਦੇ ਆਧਾਰ ਤੇ ਜਲਦੀ ਹੱਲ ਕੀਤਾ ਜਾਵੇ, ਤਾਂ ਜੋ ਜਨਤਾ ਨੂੰ ਸਮੇਂ ਸਿਰ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ। ਉਨ੍ਹਾਂ ਨੇ ਪ੍ਰਸ਼ਾਸਕੀ ਪ੍ਰਕਿਰਿਆਵਾਂ ਵਿੱਚ ਕੁਸ਼ਲਤਾ ਅਤੇ ਪਾਰਦਰਸ਼ਤਾ ਬਣਾਈ ਰੱਖਣ ਲਈ ਆਪਣੀ ਵਚਨਬੱਧਤਾ ਦੁਹਰਾਈ। ਉਨ੍ਹਾਂ ਨਾਗਰਿਕਾਂ ਤੋਂ ਸਹਿਯੋਗ ਦੀ ਅਪੀਲ ਕਰਦਿਆਂ ਕਿਹਾ ਕਿ ਪ੍ਰਸ਼ਾਸਨ ਅਤੇ ਜਨਤਾ ਵਿਚਕਾਰ ਬਿਹਤਰ ਤਾਲਮੇਲ ਰਾਹੀਂ ਹੀ ਵਿਕਾਸ ਕਾਰਜਾਂ ਨੂੰ ਤੇਜ਼ ਕੀਤਾ ਜਾ ਸਕਦਾ ਹੈ।
---------------
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ