
ਹੁਸ਼ਿਆਰਪੁਰ, 05 ਮਾਰਚ (ਹਿੰ.ਸ.)। ਹੁਸ਼ਿਆਰਪੁਰ ਦੇ ਵਿਕਾਸ ਨੂੰ ਇੱਕ ਨਵੀਂ ਦਿਸ਼ਾ ਦਿੰਦੇ ਹੋਏ ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਟੀਚਿੰਗ ਹਸਪਤਾਲ ਅਤੇ ਮੈਡੀਕਲ ਕਾਲਜ ਦੇ ਨਿਰਮਾਣ ਕਾਰਜ ਨੂੰ ਮਨਜ਼ੂਰੀ ਮਿਲ ਗਈ ਹੈ ਅਤੇ ਇਸ ਦਾ ਨਿਰਮਾਣ ਕਾਰਜ ਅਲਾਟ ਕਰ ਦਿੱਤਾ ਗਿਆ ਹੈ। ਲਗਭਗ 218 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲਾ ਇਹ ਮਹੱਤਵਪੂਰਨ ਪ੍ਰੋਜੈਕਟ ਜ਼ਿਲ੍ਹੇ ਦੇ ਸਿਹਤ ਢਾਂਚੇ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਮੈਡੀਕਲ ਸਿੱਖਿਆ ਦੇ ਖੇਤਰ ਵਿਚ ਵੀ ਇਕ ਨਵੀਂ ਪਹਿਚਾਣ ਸਥਾਪਿਤ ਕਰੇਗਾ।
ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਇਸ ਮੈਡੀਕਲ ਕਾਲਜ ਅਤੇ ਮੌਜੂਦਾ ਜ਼ਿਲ੍ਹਾ ਹਸਪਤਾਲ ਕੈਂਪਸ ਵਿੱਚ ਬਣਨ ਵਾਲੇ 300 ਬਿਸਤਰਿਆਂ ਵਾਲੇ ਅਤਿ-ਆਧੁਨਿਕ ਹਸਪਤਾਲ ਦੀ ਉਸਾਰੀ 'ਤੇ ਕੁੱਲ ਲਗਭਗ 218.21 ਕਰੋੜ ਖਰਚ ਕੀਤੇ ਜਾਣਗੇ। ਇਸ ਵਿੱਚ ਹਸਪਤਾਲ ਦੀ ਇਮਾਰਤ ਲਈ ਲਗਭਗ 131 ਕਰੋੜ ਅਤੇ ਮੈਡੀਕਲ ਕਾਲਜ ਦੀ ਇਮਾਰਤ ਲਈ ਲਗਭ 87.21 ਕਰੋੜ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਸੇ ਮਹੀਨੇ ਇਸ ਇਤਿਹਾਸਕ ਪ੍ਰੋਜੈਕਟ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਨਗੇ, ਜੋ ਕਿ ਪੂਰੇ ਜ਼ਿਲ੍ਹੇ ਲਈ ਮਾਣ ਅਤੇ ਖੁਸ਼ੀ ਦੀ ਗੱਲ ਹੈ।
ਵਿਧਾਇਕ ਜਿੰਪਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਸਮੇਂ ਇਸ ਮੈਡੀਕਲ ਕਾਲਜ ਦੀ ਘੋਸ਼ਣਾ ਤਾਂ ਕੀਤੀ ਗਈ, ਪਰ ਇਸ ਦੇ ਨਿਰਮਾਣ ਲਈ ਜ਼ਰੂਰੀ ਰਾਸ਼ੀ ਜਾਰੀ ਨਹੀਂ ਕੀਤੀ ਗਈ, ਜਿਸ ਕਾਰਨ ਇਹ ਮਹੱਤਵਪੂਰਨ ਪ੍ਰੋਜੈਕਟ ਸਾਲਾਂ ਤੱਕ ਕਾਗਜਾਂ ਵਿਚ ਹੀ ਅਟਕਿਆ ਰਿਹਾ। ਉਨ੍ਹਾਂ ਕਿਹਾ ਕਿ ਸਾਲ 2022 ਵਿਚ ਵਿਧਾਨ ਸਭਾ ਚੋਣਾਂ ਦੌਰਾਨ ਉਨ੍ਹਾਂ ਨੇ ਅਤੇ ਆਮ ਆਦਮੀ ਪਾਰਟੀ ਨੇ ਹੁਸ਼ਿਆਰਪੁਰ ਦੀ ਜਨਤਾ ਨਾਲ ਮੈਡੀਕਲ ਕਾਲਜ ਦੇ ਨਿਰਮਾਣ ਦਾ ਜੋ ਵਾਅਦਾ ਕੀਤਾ ਸੀ, ਅੱਜ ਉਹ ਵਾਅਦਾ ਪੂਰਾ ਹੋ ਰਿਹਾ ਹੈ।
ਉਨ੍ਹਾਂ ਕਿਹਾ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕਰਦੇ ਹਨ, ਜਿਨ੍ਹਾਂ ਨੇ ਸੂਬੇ ਵਿਚ ਸਭ ਤੋਂ ਪਹਿਲਾਂ ਹੁਸ਼ਿਆਰਪੁਰ ਮੈਡੀਕਲ ਕਾਲਜ ਦੇ ਨਿਰਮਾਣ ਲਈ ਰਾਸ਼ੀ ਜਾਰੀ ਕਰਕੇ ਇਸ ਪ੍ਰੋਜੈਕਟ ਨੂੰ ਅਸਲੀਅਤ ਵਿਚ ਬਦਲਣ ਦਾ ਰਸਤਾ ਸਾਫ ਕੀਤਾ। ਨਾਲ ਹੀ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਰਾਸਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਵੀ ਧੰਨਵਾਦ ਕੀਤਾ, ਜਿਨ੍ਹਾਂ ਦੇ ਮਾਰਗਦਰਸ਼ਨ ਵਿਚ ਪੰਜਾਬ ਸਰਕਾਰ ਸਿੱਖਿਆ ਅਤੇ ਸਿਹਤ ਦੇ ਖੇਤਰ ਵਿਚ ਵੱਡੇ ਬਦਲਾਅ ਲਿਆ ਰਹੀ ਹੈ।
ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਇਹ ਪ੍ਰੋਜੈਕਟ ਹੁਸ਼ਿਆਰਪੁਰ ਜ਼ਿਲ੍ਹੇ ਦੇ ਸਿਹਤ ਅਤੇ ਸਿੱਖਿਆ ਬੁਨਿਆਦੀ ਢਾਂਚੇ ਨੂੰ ਉੱਚਾ ਚੁੱਕੇਗਾ। ਇਸ ਨਾਲ ਹਜ਼ਾਰਾਂ ਲੋਕਾਂ ਨੂੰ ਬਿਹਤਰ ਇਲਾਜ ਮਿਲੇਗਾ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਜ਼ਿਲ੍ਹੇ ਵਿੱਚ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਵੱਡੇ ਅਤੇ ਇਤਿਹਾਸਕ ਬਦਲਾਅ ਲਿਆਉਣ ਲਈ ਵਚਨਬੱਧ ਹੈ ਅਤੇ ਹੁਸ਼ਿਆਰਪੁਰ ਵਿੱਚ ਮੈਡੀਕਲ ਕਾਲਜ ਦੀ ਉਸਾਰੀ ਇਸ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਹੈ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ