
ਬਟਾਲਾ, 05 ਮਾਰਚ (ਹਿੰ.ਸ.)। ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਸੂਬਾ ਸਰਕਾਰ ਵਲੋਂ ਮੱਧ ਪੂਰਬ ਵਿੱਚ ਫਸੇ ਪੰਜਾਬੀਆਂ ਨੂੰ ਬਾਹਰ ਕੱਢਣ ਦੀ ਦ੍ਰਿੜ ਵਚਨਬੱਧਤਾ ਦੁਹਰਾਉਂਦੇ ਹੋਏ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬੀਆਂ ਨੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਸਵੈ-ਨਿਰਭਰ ਬਣਾਉਣ ਅਤੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਵਿੱਚ ਸ਼ਾਨਦਾਰ ਭੂਮਿਕਾ ਨਿਭਾਈ ਹੈ ਅਤੇ ਪੰਜਾਬ ਸਰਕਾਰ ਇਸ ਸੰਕਟ ਦੀ ਘੜੀ ਵਿੱਚ ਆਪਣੇ ਪਰਿਵਾਰਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ।
ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਇਹ ਮੰਦਭਾਗਾ ਹੈ ਕਿ ਅਚਾਨਕ ਜੰਗ ਸ਼ੁਰੂ ਹੋਣ ਕਾਰਨ ਵੱਡੀ ਗਿਣਤੀ ਵਿੱਚ ਪੰਜਾਬੀ ਮੱਧ ਪੂਰਬ ਵਿੱਚ ਫਸੇ ਹੋਏ ਹਨ। ਇਸ ਲਈ ਕੇਂਦਰ ਸਰਕਾਰ ਨੂੰ ਫਸੇ ਪੰਜਾਬੀਆਂ ਨੂੰ ਵਾਪਸ ਲਿਆਉਣ ਲਈ ਵਿਸੇਸ਼ ਜਹਾਜਾਂ ਦਾ ਪ੍ਰਬੰਧ ਕਰਨਾ ਚਾਹੀਦਾ ਹੈ।“ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਕੇਂਦਰੀ ਸਹਿਰੀ ਹਵਾਬਾਜੀ ਮੰਤਰੀ ਕੇ. ਰਾਮ ਮੋਹਨ ਨਾਇਡੂ ਨਾਲ ਫੋਨ ‘ਤੇ ਗੱਲ ਕੀਤੀ ਗਈ ਹੈ ਅਤੇ ਉਨ੍ਹਾਂ ਨੂੰ ਸੰਕਟਗ੍ਰਸਤ ਮੱਧ ਪੂਰਬ ਵਿੱਚ ਫਸੇ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਯਕੀਨੀ ਬਣਾਉਣ ਲਈ ਕਿਹਾ।
ਉਨ੍ਹਾਂ ਕਿਹਾ ਕਿ ਕਿਸੇ ਕਿਸਮ ਦੀ ਜਾਣਕਾਰੀ ਜਾਂ ਸਹਾਇਤਾ ਲਈ ਐਨ.ਆਰ.ਆਈ. ਵਿੰਗ ਦੇ 247 ਕੰਟਰੋਲ ਰੂਮ ਨੰਬਰ 0172- 2260042, 0172-2260043 ਜਾਂ ਵਟਸਐਪ ਨੰਬਰ 91 94787-79112 ਉੱਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਸੰਕਟ ਦੀ ਘੜੀ ਵਿੱਚ ਪੰਜਾਬੀਆਂ ਨੂੰ ਬਚਾਉਣ ਲਈ ਵਚਨਬੱਧ ਹੈ ਅਤੇ ਪਹਿਲਾਂ ਹੀ ਠੋਸ ਯਤਨ ਕੀਤੇ ਜਾ ਰਹੇ ਹਨ। ਅਰਬ ਦੇਸਾਂ ਵਿੱਚ ਫਸੇ ਸਾਡੇ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਪੰਜਾਬ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ।”
ਪ੍ਰਭਾਵਿਤ ਪਰਿਵਾਰਾਂ ਨਾਲ ਇਕਜੁੱਟਤਾ ਪ੍ਰਗਟ ਕਰਦੇ ਹੋਏ ਕਾਰਜਕਾਰੀ ਸੂਬਾ ਪ੍ਰਧਾਨ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਫਸੇ ਲੋਕਾਂ ਨੂੰ ਜਲਦੀ ਤੋਂ ਜਲਦੀ ਹਰ ਜਰੂਰੀ ਸਹਾਇਤਾ ਮੁਹੱਈਆ ਕਰਨ ਲਈ ਵਚਨਬੱਧ ਹੈ। ਅਸੀਂ ਇਸ ਸੰਕਟ ਦੀ ਘੜੀ ਦੌਰਾਨ ਖਾੜੀ ਦੇਸਾਂ ਵਿੱਚ ਫਸੇ ਨੌਜਵਾਨਾਂ ਅਤੇ ਵਿਦਿਆਰਥੀਆਂ ਦੇ ਪਰਿਵਾਰਕ ਮੈਂਬਰਾਂ ਨਾਲ ਮਜਬੂਤੀ ਨਾਲ ਖੜ੍ਹੇ ਹਾਂ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ