
ਗੁਰਦਾਸਪੁਰ, 10 ਅਪ੍ਰੈਲ (ਹਿੰ.ਸ.)| ਡਿਪਟੀ ਕਮਿਸ਼ਨਰ ਅਤੇ ਸਿਵਲ ਸਰਜਨ ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਿਹਤ ਵਿਭਾਗ ਦੀ ਫੂਡ ਸੇਫਟੀ ਸ਼ਾਖਾ ਵੱਲੋਂ ਅੱਜ ਸ਼ੁੱਕਰਵਾਰ ਨੂੰ ਸਰਕਾਰੀ ਸਕੂਲ ਬੱਬਰੀ ਵਿੱਚ ਇੱਕ ਵਿਸ਼ੇਸ਼ ਕੈਂਪ ਲਗਾਇਆ ਗਿਆ। ਇਹ ਕੈਂਪ ਅਸਿਸਟੈਂਟ ਕਮਿਸ਼ਨਰ ਫੂਡ ਡਾ. ਜੀ. ਐਸ. ਪੰਨੂ ਦੀ ਅਗਵਾਈ ਹੇਠ ਆਯੋਜਿਤ ਕੀਤਾ ਗਿਆ।
ਇਸ ਦੌਰਾਨ ਫੂਡ ਸੇਫਟੀ ਆਨ ਵ੍ਹੀਲ ਵੈਨ ਰਾਹੀਂ ਖਾਦ ਪਦਾਰਥਾਂ ਦੇ ਸੈਂਪਲਾਂ ਦੀ ਜਾਂਚ ਕੀਤੀ ਗਈ ਅਤੇ ਉਨ੍ਹਾਂ ਦੀ ਗੁਣਵੱਤਾ ਬਾਰੇ ਜਾਣਕਾਰੀ ਦਿੱਤੀ ਗਈ। ਕੈਂਪ ਵਿੱਚ ਵਿਦਿਆਰਥੀਆਂ ਨੂੰ ਖਾਦ ਪਦਾਰਥਾਂ ਵਿੱਚ ਮਿਲਾਵਟ ਦੀ ਪਛਾਣ ਕਰਨ ਦੇ ਤਰੀਕੇ ਅਤੇ ਐਫ.ਐਸ.ਐਸ.ਏ.ਆਈ. ਦੇ ਨਿਯਮਾਂ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ।
ਡਾ. ਜੀ. ਐਸ. ਪੰਨੂ ਨੇ ਦੱਸਿਆ ਕਿ ਲੋਕਾਂ ਨੂੰ ਮਿਆਰੀ ਅਤੇ ਸੁਰੱਖਿਅਤ ਖੁਰਾਕ ਮੁਹੱਈਆ ਕਰਵਾਉਣ ਲਈ ਸਰਕਾਰ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜਾਗਰੂਕਤਾ ਮੁਹਿੰਮਾਂ ਦੇ ਨਾਲ-ਨਾਲ ਸੰਪਲਿੰਗ ਅਤੇ ਛਾਪੇਮਾਰੀ ਵੀ ਕੀਤੀ ਜਾ ਰਹੀ ਹੈ ਤਾਂ ਜੋ ਖਾਦ ਪਦਾਰਥਾਂ ਦੀ ਗੁਣਵੱਤਾ ਯਕੀਨੀ ਬਣਾਈ ਜਾ ਸਕੇ।
ਉਨ੍ਹਾਂ ਇਹ ਵੀ ਦੱਸਿਆ ਕਿ ਖਾਦ ਪਦਾਰਥਾਂ ਦੇ ਕਾਰੋਬਾਰ ਲਈ ਸਰਕਾਰ ਵੱਲੋਂ ਨਿਯਮ ਤੈਅ ਕੀਤੇ ਗਏ ਹਨ। ਇਸ ਤਹਿਤ 1.5 ਕਰੋੜ ਰੁਪਏ ਤੱਕ ਦੇ ਕਾਰੋਬਾਰ ਲਈ ਰਜਿਸਟ੍ਰੇਸ਼ਨ, 1.5 ਕਰੋੜ ਤੋਂ 30 ਕਰੋੜ ਤੱਕ ਲਈ ਸਟੇਟ ਲਾਇਸੈਂਸ ਅਤੇ ਇਸ ਤੋਂ ਵੱਧ ਲਈ ਸੈਂਟਰ ਲਾਇਸੈਂਸ ਲਾਜ਼ਮੀ ਕੀਤਾ ਗਿਆ ਹੈ। ਇਲਾਕੇ ਦੇ ਸਮੂਹ ਦੁਕਾਨਦਾਰਾਂ ਨੂੰ ਇਨ੍ਹਾਂ ਨਿਯਮਾਂ ਦੀ ਪਾਲਣਾ ਕਰਨ ਲਈ ਕਿਹਾ ਗਿਆ।
ਇਸ ਮੌਕੇ ਫੂਡ ਸੇਫਟੀ ਅਫਸਰ ਰੇਖਾ ਸ਼ਰਮਾ ਅਤੇ ਸਕੂਲ ਦੇ ਅਧਿਆਪਕ ਵੀ ਮੌਜੂਦ ਰਹੇ।
ਹਿੰਦੂਸਥਾਨ ਸਮਾਚਾਰ / GURSHARAN SINGH