
ਸ੍ਰੀ ਅਨੰਦਪੁਰ ਸਾਹਿਬ, 14 ਅਪ੍ਰੈਲ (ਹਿੰ.ਸ.)| ਵਿਸਾਖੀ ਅਤੇ ਖ਼ਾਲਸਾ ਸਾਜਨਾ ਦਿਵਸ ਦੇ ਪਵਿੱਤਰ ਮੌਕੇ ‘ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਵਿਖੇ ਦੇਸ਼-ਵਿਦੇਸ਼ ਤੋਂ ਆਈਆਂ ਵੱਡੀ ਗਿਣਤੀ ਵਿੱਚ ਸਿੱਖ ਸੰਗਤਾਂ ਨੇ ਸ਼ਰਧਾ ਅਤੇ ਉਤਸ਼ਾਹ ਨਾਲ ਭਰਪੂਰ ਹਾਜਰੀ ਭਰੀ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਸ਼ਾਲ ਗੁਰਮਤਿ ਸਮਾਗਮ ਸਜਾਇਆ ਗਿਆ, ਜਿਸ ਦੌਰਾਨ ਸੰਗਤ ਨੂੰ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਇਤਿਹਾਸ ਅਤੇ ਮਰਯਾਦਾ ਬਾਰੇ ਵਿਸਥਾਰ ਨਾਲ ਚਰਚਾ ਕੀਤੀ।
ਉਨ੍ਹਾਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਖ਼ਾਲਸਾ ਪੰਥ ਦੀ ਸਿਰਜਣਾ, ਖੰਡੇ ਬਾਟੇ ਦੀ ਪਹੁਲ ਅਤੇ ਪੰਜ ਪਿਆਰੇ ਸਾਹਿਬਾਨ ਦੀ ਮਹਾਨ ਪਰੰਪਰਾ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਸੰਗਤ ਨੂੰ ਸਿੱਖੀ ਵਿੱਚ ਡਟੇ ਰਹਿਣ ਦਾ ਸਨੇਹਾ ਦਿੱਤਾ। ਉਨ੍ਹਾਂ ਕਿਹਾ ਕਿ ਸੱਚਾ ਸਿੱਖ ਕਦੇ ਵੀ ਆਪਣੇ ਧਰਮ ਤੋਂ ਮੁੰਹ ਨਹੀਂ ਮੋੜਦਾ, ਬਲਕਿ ਆਪਣੀ ਆਸਥਾ ਲਈ ਹਰ ਤਰ੍ਹਾਂ ਦੀ ਕੁਰਬਾਨੀ ਦੇਣ ਲਈ ਤਿਆਰ ਰਹਿੰਦਾ ਹੈ। ਉਨ੍ਹਾਂ ਵਧਾਈ ਦਿੰਦਿਆਂ ਸਾਰਿਆਂ ਨੂੰ ਖ਼ਾਲਸਾ ਸਾਜਨਾ ਦਿਵਸ ਦੀ ਮੁਬਾਰਕਬਾਦ ਵੀ ਦਿੱਤੀ।
ਜਥੇਦਾਰ ਗੜਗੱਜ ਨੇ ਇਹ ਵੀ ਸਪੱਸ਼ਟ ਕੀਤਾ ਕਿ ਸਿੱਖ ਧਰਮ ਦੇ ਬਦਲਣ ਸਬੰਧੀ ਫੈਲ ਰਹੀਆਂ ਗਲਤ ਧਾਰਨਾਵਾਂ ਬਿਲਕੁਲ ਬੇਬੁਨਿਆਦ ਹਨ। ਉਨ੍ਹਾਂ ਕਿਹਾ ਕਿ ਜੋ ਵਿਅਕਤੀ ਸਿੱਖੀ ਦੇ ਮੂਲ ਸਿਧਾਂਤਾਂ ਨੂੰ ਨਹੀਂ ਸਮਝਦਾ, ਉਹੀ ਵਹਿਮਾਂ ਅਤੇ ਭਰਮਾਂ ਵਿੱਚ ਫਸ ਜਾਂਦਾ ਹੈ। ਇਸ ਲਈ ਸਿੱਖ ਕੌਮ ਨੂੰ ਚਾਹੀਦਾ ਹੈ ਕਿ ਉਹ ਸਿੱਖੀ ਦੇ ਪ੍ਰਚਾਰ-ਪ੍ਰਸਾਰ ਲਈ ਹੋਰ ਯਤਨ ਕਰੇ ਅਤੇ ਨੌਜਵਾਨ ਪੀੜ੍ਹੀ ਨੂੰ ਗੁਰਮਤਿ ਨਾਲ ਜੋੜੇ।
ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਰੋਕਣ ਲਈ ਬਣਾਏ ਜਾ ਰਹੇ ਕਾਨੂੰਨ ਬਾਰੇ ਉਨ੍ਹਾਂ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਬੇਅਦਬੀ ਰੋਕਣ ਦਾ ਅਸਲ ਹੱਲ ਪੰਥ ਦੀ ਜਾਗਰੂਕਤਾ ਅਤੇ ਇਕਜੁੱਟਤਾ ਵਿੱਚ ਹੈ। ਉਨ੍ਹਾਂ 2022 ਵਿੱਚ ਸ੍ਰੀ ਦਰਬਾਰ ਸਾਹਿਬ ਵਿਖੇ ਵਾਪਰੀ ਘਟਨਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਜਿੱਥੇ ਪੰਥ ਸਚੇਤ ਹੁੰਦਾ ਹੈ, ਉੱਥੇ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਦੋਸ਼ੀਆਂ ਲਈ ਸਖ਼ਤ ਕਾਨੂੰਨ ਬਣ ਸਕਦੇ ਹਨ, ਪਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਸੰਬੰਧਿਤ ਮਾਮਲਿਆਂ ਵਿੱਚ ਸਰਕਾਰ ਦੀ ਦਖ਼ਲਅੰਦਾਜ਼ੀ ਕਬੂਲਯੋਗ ਨਹੀਂ।
ਉਨ੍ਹਾਂ ਸਿੱਖਾਂ ਦੇ ਧਾਰਮਿਕ ਅਧਿਕਾਰਾਂ ਬਾਰੇ ਵੀ ਚਿੰਤਾ ਜਤਾਈ। ਉਨ੍ਹਾਂ ਕਿਹਾ ਕਿ ਮੁਕਾਬਲਾ ਪ੍ਰੀਖਿਆਵਾਂ ਅਤੇ ਹਵਾਈ ਅੱਡਿਆਂ ‘ਤੇ ਅੰਮ੍ਰਿਤਧਾਰੀ ਸਿੱਖਾਂ ਨੂੰ ਕਕਾਰ ਪਹਿਨਣ ਤੋਂ ਰੋਕਣੀਆਂ ਘਟਨਾਵਾਂ ਚਿੰਤਾਜਨਕ ਹਨ। ਉਨ੍ਹਾਂ ਸਰਕਾਰਾਂ ਨੂੰ ਸਵਾਲ ਕੀਤਾ ਕਿ ਜਦੋਂ ਸੰਵਿਧਾਨ ਸਿੱਖਾਂ ਨੂੰ ਧਾਰਮਿਕ ਅਜ਼ਾਦੀ ਦਿੰਦਾ ਹੈ ਤਾਂ ਅਜਿਹੀਆਂ ਰੋਕਾਂ ਕਿਉਂ ਲਗਾਈਆਂ ਜਾ ਰਹੀਆਂ ਹਨ।
ਆਪਣੇ ਸੰਬੋਧਨ ਦੇ ਅੰਤ ‘ਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਕੌਮ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਿਸ਼ਾਨ ਹੇਠ ਇਕਜੁੱਟ ਹੋਣ ਦੀ ਅਪੀਲ ਕੀਤੀ। ਉਨ੍ਹਾਂ ਨੌਜਵਾਨਾਂ ਨੂੰ ਸਿੱਖ ਪਛਾਣ ਕਾਇਮ ਰੱਖਣ, ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜ ਵਿੱਚ ਚੰਗੇ ਮੁੱਲਾਂ ਨੂੰ ਅਪਣਾਉਣ ਦਾ ਸਨੇਹਾ ਦਿੱਤਾ। ਨਾਲ ਹੀ ਉਨ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਲਈ ਅਵਾਜ਼ ਉਠਾਉਣ ਦੀ ਵੀ ਅਪੀਲ ਕੀਤੀ।
ਹਿੰਦੂਸਥਾਨ ਸਮਾਚਾਰ / GURSHARAN SINGH