
ਹੁਸ਼ਿਆਰਪੁਰ, 14 ਅਪ੍ਰੈਲ (ਹਿੰ.ਸ.)| ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੀ 135ਵੀਂ ਜੈਅੰਤੀ ਮੌਕੇ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਬਾਬਾ ਸਾਹਿਬ ਦੇ ਬੁੱਤ ’ਤੇ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਸੱਦਾ ਦਿੱਤਾ ਕਿ ਭਾਰਤ ਰਤਨ ਡਾ. ਅੰਬੇਡਕਰ ਵਲੋਂ ਸਿਖਿਅਤ ਬਣੋ ਦੇ ਦਿੱਤੇ ਸੰਕਲਪ ਨੂੰ ਵੱਧ ਤੋਂ ਵੱਧ ਫੈਲਾਅ ਕੇ ਬੱਚਿਆਂ ਨੂੰ ਸਿਖਿਅਤ ਬਣਾਇਆ ਜਾਵੇ ਤਾਂ ਜੋ ਉਨ੍ਹਾਂ ਵਲੋਂ ਸੰਜੋਏ ਸੁਪਨਿਆਂ ਦਾ ਸਮਾਜ ਸਿਰਜਿਆ ਜਾ ਸਕੇ।
ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ/ਕਰਮਚਾਰੀਆਂ ਅਤੇ ਬੱਚਿਆਂ ਸਮੇਤ ਲੋਕਾਂ ਨੂੰ ਬਾਬਾ ਸਾਹਿਬ ਦੇ ਜਨਮ ਦਿਵਸ ਦੀ ਵਧਾਈ ਦਿੰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਬਾਬਾ ਸਾਹਿਬ ਦੇ ਸੰਘਰਸ਼ਮਈ ਜੀਵਨ ਅਤੇ ਸੰਵਿਧਾਨ ਦੇ ਨਿਰਮਾਣ ਵਿਚ ਉਨ੍ਹਾਂ ਦਾ ਵਡਮੁੱਲਾ ਯੋਗਦਾਨ ਦੇਸ਼ ਵਾਸੀਆਂ ਲਈ ਹਮੇਸ਼ਾ ਰਾਹ ਦਸੇਰਾ ਰਹੇਗਾ।
ਉਨ੍ਹਾਂ ਕਿਹਾ ਕਿ ਡਾ. ਅੰਬੇਡਕਰ ਵਲੋਂ ਦੇਸ਼ ਵਾਸੀਆਂ ਨੂੰ ਦਿੱਤੇ ਸੰਵਿਧਾਨ ਦੀ ਮਿਸਾਲ ਦੁਨੀਆਂ ਭਰ ਵਿਚ ਨਹੀਂ ਮਿਲਦੀ ਜੋ ਕਿ ਸਮਾਨਤਾ, ਨਿਆ, ਮਨੁੱਖੀ ਅਧਿਕਾਰਾਂ, ਔਰਤਾਂ ਦੇ ਹੱਕਾਂ ਅਤੇ ਦੇਸ਼ ਨੂੰ ਇਕ ਮਾਲਾ ਵਿਚ ਪਰੋਣ ਦੀ ਗਵਾਹੀ ਭਰਦਾ ਹੈ। ਉਨ੍ਹਾਂ ਕਿਹਾ ਕਿ ਸੰਵਿਧਾਨ ਨਿਰਮਾਤਾ ਦਾ ਸਾਰਾ ਜੀਵਨ ਸੰਘਰਸ਼ ਭਰਪੂਰ ਰਿਹਾ ਜਿਸ ਦੌਰਾਨ ਉਨ੍ਹਾਂ ਨੇ ਹਰ ਵਰਗ ਨੂੰ ਬਰਾਬਰੀ ਦੀ ਪੁਰਜ਼ੋਰ ਵਕਾਲਤ ਕੀਤੀ ਅਤੇ ਉਨ੍ਹਾਂ ਦੇ ਆਾਦਰਸ਼ਾਂ ਤੋਂ ਸਾਰਿਆਂ ਨੂੰ ਪ੍ਰੇਰਨਾ ਲੈਣੀ ਚਾਹੀਦੀ ਹੈ ਤਾਂ ਜੋ ਸਿਹਤਮੰਦ ਸਮਾਜ ਦੇ ਸੰਕਲਪ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬੱਚਿਆਂ ਨੂੰ ਡਾ. ਅੰਬੇਡਕਰ ਅਤੇ ਦੇਸ਼ ਦੀਆਂ ਅਜਿਹੀਆਂ ਮਹਾਨ ਸ਼ਖ਼ਸੀਅਤਾਂ ਦੀਆਂ ਜੀਵਨੀਆਂ ਪੜ੍ਹਨ ਲਈ ਪ੍ਰੇਰਿਤ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਨੌਜਵਾਨਾਂ ਨੂੰ ਉਨ੍ਹਾਂ ਵਲੋਂ ਕੀਤੇ ਸੰਘਰਸ਼ਾਂ ਬਾਰੇ ਜਾਨਣ ਦਾ ਮੌਕਾ ਮਿਲੇ ਅਤੇ ਉਹ ਸਮਾਜ ਤੇ ਦੇਸ਼ ਦੀ ਤਰੱਕੀ ਵਿਚ ਆਪਣਾ ਬਣਦਾ ਯੋਗਦਾਨ ਪਾ ਸਕਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨਿਕਾਸ ਕੁਮਾਰ, ਜ਼ਿਲ੍ਹਾ ਸਮਾਜਿਕ ਨਿਆਂ ਤੇ ਅਧਿਕਾਰਤਾ ਅਧਿਕਾਰੀ ਹਰਪਾਲ ਸਿੰਘ ਗਿੱਲ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ, ਕਰਮਚਾਰੀ ਅਤੇ ਬੱਚੇ ਮੌਜੂਦ ਸਨ ਜਿਨ੍ਹਾਂ ਨੇ ਵੀ ਡਾ. ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।
ਹਿੰਦੂਸਥਾਨ ਸਮਾਚਾਰ / GURSHARAN SINGH