6.83 ਲੱਖ ਔਰਤਾਂ ਨੂੰ ਹਰ ਮਹੀਨੇ ਮਿਲ ਰਹੀ ਵਿੱਤੀ ਸਹਾਇਤਾ : ਡਾ.ਬਲਜੀਤ ਕੌਰ
ਚੰਡੀਗੜ੍ਹ, 19 ਅਪ੍ਰੈਲ (ਹਿੰ.ਸ.)| ਪੰਜਾਬ ਸਰਕਾਰ ਨੇ ਸੂਬੇ ਦੀਆਂ ਵਿਧਵਾ ਅਤੇ ਨਿਆਸ਼ਰਿਤ ਔਰਤਾਂ ਦੀ ਆਰਥਿਕ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਵੱਡਾ ਕਦਮ ਚੁੱਕਿਆ ਹੈ। ਵਿੱਤੀ ਸਾਲ 2026-27 ਦੇ ਮਹੀਨਾ ਮਾਰਚ ਲਈ ਸਰਕਾਰ ਵੱਲੋਂ 102 ਕਰੋੜ ਰੁਪਏ ਤੋਂ ਵੱਧ ਦੀ ਰਕਮ ਜਾਰੀ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਸਾ
ਮੰਤਰੀ ਡਾ. ਬਲਜੀਤ ਕੌਰ।


ਚੰਡੀਗੜ੍ਹ, 19 ਅਪ੍ਰੈਲ (ਹਿੰ.ਸ.)| ਪੰਜਾਬ ਸਰਕਾਰ ਨੇ ਸੂਬੇ ਦੀਆਂ ਵਿਧਵਾ ਅਤੇ ਨਿਆਸ਼ਰਿਤ ਔਰਤਾਂ ਦੀ ਆਰਥਿਕ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਵੱਡਾ ਕਦਮ ਚੁੱਕਿਆ ਹੈ। ਵਿੱਤੀ ਸਾਲ 2026-27 ਦੇ ਮਹੀਨਾ ਮਾਰਚ ਲਈ ਸਰਕਾਰ ਵੱਲੋਂ 102 ਕਰੋੜ ਰੁਪਏ ਤੋਂ ਵੱਧ ਦੀ ਰਕਮ ਜਾਰੀ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸਰਕਾਰ ਸਮਾਜ ਦੇ ਕਮਜ਼ੋਰ ਵਰਗਾਂ, ਖਾਸ ਕਰਕੇ ਔਰਤਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਬਣਾਉਣ ਲਈ ਲਗਾਤਾਰ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਇਹ ਵਿੱਤੀ ਸਹਾਇਤਾ ਹਜ਼ਾਰਾਂ ਔਰਤਾਂ ਲਈ ਸਹਾਰਾ ਬਣ ਰਹੀ ਹੈ, ਜਿਸ ਨਾਲ ਉਹ ਆਪਣੀਆਂ ਰੋਜ਼ਾਨਾ ਦੀਆਂ ਜ਼ਰੂਰਤਾਂ ਪੂਰੀਆਂ ਕਰ ਸਕਦੀਆਂ ਹਨ ਅਤੇ ਆਤਮ-ਵਿਸ਼ਵਾਸ ਨਾਲ ਜੀਵਨ ਜੀ ਸਕਦੀਆਂ ਹਨ।

ਮੰਤਰੀ ਨੇ ਦੱਸਿਆ ਕਿ ਇਸ ਵੇਲੇ ਸੂਬੇ ਦੀਆਂ 6,83,004 ਵਿਧਵਾ ਅਤੇ ਨਿਆਸ਼ਰਿਤ ਔਰਤਾਂ ਇਸ ਸਕੀਮ ਦਾ ਲਾਭ ਲੈ ਰਹੀਆਂ ਹਨ ਅਤੇ ਉਨ੍ਹਾਂ ਨੂੰ ਹਰ ਮਹੀਨੇ ਨਿਯਮਿਤ ਪੈਨਸ਼ਨ ਦਿੱਤੀ ਜਾ ਰਹੀ ਹੈ। ਉਨ੍ਹਾਂ ਹੋਰ ਦੱਸਿਆ ਕਿ ਵਿੱਤੀ ਸਾਲ 2026-27 ਲਈ ਸਰਕਾਰ ਵੱਲੋਂ 1200 ਕਰੋੜ ਰੁਪਏ ਤੋਂ ਵੱਧ ਦਾ ਬਜਟ ਪ੍ਰਬੰਧ ਕੀਤਾ ਗਿਆ ਹੈ, ਜਿਸ ਨਾਲ ਇਹ ਯਕੀਨੀ ਬਣਾਇਆ ਜਾ ਸਕੇ ਕਿ ਹਰ ਯੋਗ ਲਾਭਪਾਤਰੀ ਨੂੰ ਬਿਨਾਂ ਰੁਕਾਵਟ ਸਹਾਇਤਾ ਮਿਲੇ। ਉਨ੍ਹਾਂ ਨੇ ਕਿਹਾ ਕਿ 58 ਸਾਲ ਤੋਂ ਘੱਟ ਉਮਰ ਦੀਆਂ ਵਿਧਵਾ ਅਤੇ ਨਿਆਸ਼ਰਿਤ ਔਰਤਾਂ, 30 ਸਾਲ ਤੋਂ ਵੱਧ ਉਮਰ ਦੀਆਂ ਅਣਵਿਆਹੀਆਂ ਔਰਤਾਂ ਅਤੇ 60,000 ਰੁਪਏ ਤੱਕ ਸਾਲਾਨਾ ਆਮਦਨ ਵਾਲੀਆਂ ਔਰਤਾਂ ਇਸ ਯੋਜਨਾ ਲਈ ਯੋਗ ਹਨ। ਮੰਤਰੀ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਔਰਤਾਂ ਦੇ ਸਸ਼ਕਤੀਕਰਨ ਅਤੇ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਅਜਿਹੀਆਂ ਯੋਜਨਾਵਾਂ ਨਾਲ ਔਰਤਾਂ ਨੂੰ ਆਤਮ-ਸਨਮਾਨ ਨਾਲ ਜੀਵਨ ਬਤੀਤ ਕਰਨ ਵਿੱਚ ਵੱਡੀ ਮਦਦ ਮਿਲ ਰਹੀ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande