
ਚੰਡੀਗੜ੍ਹ, 19 ਅਪ੍ਰੈਲ (ਹਿੰ.ਸ.)|
ਇਟਲੀ ਦੇ ਲੰਬਾਰਦੀਆ ਸੂਬੇ ਦੇ ਜ਼ਿਲ੍ਹਾ ਬੈਰਗਾਮੋ ਵਿੱਚ ਸਿੱਖ ਭਾਈਚਾਰੇ ਲਈ ਬਹੁਤ ਹੀ ਦੁਖਦਾਈ ਘਟਨਾ ਸਾਹਮਣੇ ਆਈ ਹੈ। ਕੋਵੋ ਸ਼ਹਿਰ ਵਿੱਚ ਸਥਿਤ ਗੁਰਦੁਆਰਾ ਮਾਤਾ ਸਾਹਿਬ ਕੌਰ ਜੀ ਦੇ ਬਾਹਰ ਸ਼ਨੀਵਾਰ ਨੂੰ ਅਗਿਆਤ ਹਮਲਾਵਰ ਵੱਲੋਂ ਕੀਤੀ ਗਈ ਗੋਲੀਬਾਰੀ ਵਿੱਚ ਦੋ ਸਿੱਖਾਂ ਦੀ ਮੌਤ ਹੋ ਗਈ, ਜਿਸ ਨਾਲ ਇਟਲੀ ਸਮੇਤ ਵਿਦੇਸ਼ਾਂ ‘ਚ ਵਸਦੇ ਭਾਰਤੀ ਭਾਈਚਾਰੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।
ਮਿਲੀ ਜਾਣਕਾਰੀ ਮੁਤਾਬਿਕ, ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ 18 ਅਪ੍ਰੈਲ ਨੂੰ ਕਰਵਾਇਆ ਜਾਣਾ ਸੀ, ਜਿਸ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਸਨ। ਪਰ ਨਗਰ ਕੀਰਤਨ ਤੋਂ ਇਕ ਦਿਨ ਪਹਿਲਾਂ ਹੀ ਇਹ ਦੁਖਦਾਈ ਘਟਨਾ ਵਾਪਰ ਗਈ। ਦੱਸਿਆ ਜਾ ਰਿਹਾ ਹੈ ਕਿ ਜਦੋਂ ਸੰਗਤਾਂ ਗੁਰਦੁਆਰੇ ਵਿੱਚ ਮੱਥਾ ਟੇਕ ਕੇ ਘਰ ਵਾਪਸ ਜਾ ਰਹੀਆਂ ਸਨ, ਤਦ ਇੱਕ ਅਗਿਆਤ ਹਮਲਾਵਰ ਨੇ ਗੁਰਦੁਆਰੇ ਦੇ ਬਾਹਰ ਨਿਕਲ ਰਹੇ ਲੋਕਾਂ ‘ਤੇ ਅੰਨ੍ਹੇਵਾਹ ਗੋਲੀਬਾਰੀ ਕਰ ਦਿੱਤੀ। ਇਸ ਹਮਲੇ ਵਿੱਚ ਰਜਿੰਦਰ ਸਿੰਘ ਰੰਮੀ (40) ਅਤੇ ਗੁਰਮੀਤ ਸਿੰਘ (40), ਜੋ ਕਿ ਗੁਰਦੁਆਰਾ ਕਮੇਟੀ ਨਾਲ ਸੰਬੰਧਤ ਸੇਵਾਦਾਰ ਸਨ, ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ।
ਜ਼ਖਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਘਟਨਾ ਤੋਂ ਬਾਅਦ ਇਟਾਲੀਅਨ ਪੁਲਿਸ ਮੌਕੇ ‘ਤੇ ਪਹੁੰਚ ਗਈ, ਪਰ ਹਮਲਾਵਰ ਭੱਜਣ ਵਿੱਚ ਕਾਮਯਾਬ ਰਹੇ। ਪੁਲਿਸ ਵੱਲੋਂ ਸੀਸੀਟੀਵੀ ਕੈਮਰਿਆਂ ਅਤੇ ਚਸ਼ਮਦੀਦ ਗਵਾਹਾਂ ਦੇ ਆਧਾਰ ‘ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਕਮੇਟੀ ਨੇ ਨਗਰ ਕੀਰਤਨ ਵੀ ਰੱਦ ਕਰ ਦਿੱਤਾ। ਇਸ ਘਟਨਾ ਨਾਲ ਸਿੱਖ ਸੰਗਤ ਵਿੱਚ ਗਹਿਰਾ ਦੁੱਖ ਅਤੇ ਰੋਸ ਪਾਇਆ ਜਾ ਰਿਹਾ ਹੈ, ਜਦਕਿ ਹਮਲੇ ਦੇ ਕਾਰਨਾਂ ਬਾਰੇ ਵੀ ਕਈ ਤਰ੍ਹਾਂ ਦੀਆਂ ਚਰਚਾਵਾਂ ਚੱਲ ਰਹੀਆਂ ਹਨ। ਪੁਲਿਸ ਵੱਲੋਂ ਮਾਮਲੇ ਦੀ ਬਰੀਕੀ ਨਾਲ ਜਾਂਚ ਜਾਰੀ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH