
ਚੰਡੀਗੜ੍ਹ, 02 ਅਪ੍ਰੈਲ (ਹਿੰ.ਸ.)|
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦਲਿਤਾਂ ਅਤੇ ਮਜ਼ਲੂਮ ਵਰਗਾਂ ਨਾਲ ਜੁੜੀਆਂ ਘਟਨਾਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਤਿੰਨ ਸੂ-ਮੋਟੋ ਨੋਟਿਸ ਜਾਰੀ ਕੀਤੇ ਹਨ। ਵਿਦੇਸ਼ ਤੋਂ ਪਰਤਦਿਆਂ ਹੀ ਚੇਅਰਮੈਨ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਸੰਬੰਧਿਤ ਪੁਲਿਸ ਅਧਿਕਾਰੀਆਂ ਤੋਂ ਮੁਕੰਮਲ ਰਿਪੋਰਟਾਂ ਤਲਬ ਕੀਤੀਆਂ ਗਈਆਂ।
ਸੂ-ਮੋਟੋ ਨੋਟਿਸਾਂ ਵਿੱਚ ਪਹਿਲੇ ਮਾਮਲੇ ਵਿੱਚ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਕਸਬਾ ਕਾਠਗੜ੍ਹ ਵਿੱਚ ਇੱਕ ਮਹਿਲਾ ਸਰਪੰਚ ਅਤੇ ਉਸਦੇ ਪਤੀ ਨੂੰ ਬੰਧਕ ਬਣਾਉਣ, ਜਾਤੀ ਆਧਾਰਿਤ ਗਾਲੀ-ਗਲੋਚ ਅਤੇ ਕੁੱਟਮਾਰ ਕਰਨ ਦੀ ਘਟਨਾ ਸ਼ਾਮਿਲ ਹੈ। ਇਸ ਮਾਮਲੇ ਵਿੱਚ ਸੀਨੀਅਰ ਕਪਤਾਨ ਪੁਲਿਸ ਤੋਂ 7 ਅਪ੍ਰੈਲ 2026 ਨੂੰ ਮੁਕੰਮਲ ਰਿਪੋਰਟ ਮੰਗੀ ਗਈ ਹੈ। ਦੂਜੇ ਮਾਮਲੇ ਵਿੱਚ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਨੂਰਪੁਰ ਜੱਟਾਂ ਵਿੱਚ ਡਾ. ਭੀਮ ਰਾਓ ਅੰਬੇਡਕਰ ਦੀ ਪ੍ਰਤਿਮਾ ਨੂੰ ਨੁਕਸਾਨ ਪਹੁੰਚਾਉਣ ਦੀ ਘਟਨਾ ਹੈ। ਇਸ ਸਬੰਧੀ ਸੀਨੀਅਰ ਕਪਤਾਨ ਪੁਲਿਸ ਹੁਸ਼ਿਆਰਪੁਰ ਨੂੰ 9 ਅਪ੍ਰੈਲ 2026 ਨੂੰ ਰਿਪੋਰਟ ਪੇਸ਼ ਕਰਨ ਲਈ ਕਿਹਾ ਗਿਆ ਹੈ।
ਤੀਜੇ ਮਾਮਲੇ ਵਿੱਚ ਜ਼ਿਲ੍ਹਾ ਤਰਨਤਾਰਨ ਦੇ ਪਿੰਡ ਬੇਈਪੁਰੀ ਵਿੱਚ ਦੋ ਦਲਿਤ ਪਰਿਵਾਰਾਂ ਨਾਲ ਪਿੰਡ ਦੇ ਸਰਪੰਚ ਵੱਲੋਂ ਕੁੱਟਮਾਰ, ਗਾਲੀ-ਗਲੋਚ ਅਤੇ ਘਰੇਲੂ ਸਮਾਨ ਨੁਕਸਾਨ ਦੀ ਘਟਨਾ ਸਾਹਮਣੇ ਆਈ ਹੈ। ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਚੁਕੀ ਹੈ। ਸੀਨੀਅਰ ਕਪਤਾਨ ਪੁਲਿਸ ਤਰਨਤਾਰਨ ਤੋਂ 9 ਅਪ੍ਰੈਲ ਨੂੰ ਰਿਪੋਰਟ ਮੰਗੀ ਗਈ ਹੈ। ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਪੰਜਾਬ ਵਿੱਚ ਗਰੀਬਾਂ, ਮਜ਼ਲੂਮਾਂ ਅਤੇ ਦਲਿਤਾਂ 'ਤੇ ਕਿਸੇ ਵੀ ਤਰ੍ਹਾਂ ਦਾ ਜ਼ੁਲਮ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਗਾਰੰਟੀ ਦਿੱਤੀ ਅਤੇ ਚੇਤਾਵਨੀ ਦਿੱਤੀ ਕਿ ਜੇ ਕਿਸੇ ਅਧਿਕਾਰੀ ਦੀ ਲਾਪਰਵਾਹੀ ਪਾਈ ਗਈ ਤਾਂ ਉਨ੍ਹਾਂ ਖ਼ਿਲਾਫ਼ ਧਾਰਾ 4 ਅਨੁਸੂਚਿਤ ਜਾਤੀ ਅਤੇ ਅਨੁਸੂਚਿਤ ਜਨਜਾਤੀ (ਅੱਤਿਆਚਾਰ ਰੋਕੂ) ਐਕਟ 1989 ਤਹਿਤ ਕਾਰਵਾਈ ਕੀਤੀ ਜਾਵੇਗੀ।
ਹਿੰਦੂਸਥਾਨ ਸਮਾਚਾਰ / GURSHARAN SINGH