ਮੁੱਖ ਮੰਤਰੀ ਮਾਨ ਨੇ ਪਿੰਡ ਚੀਮਾ ਵਿੱਚ ਸੰਤ ਅਤਰ ਸਿੰਘ ਜੀ ਮਹਾਰਾਜ ਹਸਪਤਾਲ ਦਾ ਕੀਤਾ ਉਦਘਾਟਨ
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਿਹਤ ਢਾਂਚੇ ਨੂੰ ਮਜ਼ਬੂਤ ਕਰਨ ਦਾ ਐਲਾਨ, ਮੈਡੀਕਲ ਕਾਲਜ ਵੀ ਜਲਦ ਬਣੇਗਾ
ਹਸਪਤਾਲ ਦਾ ਉਦਘਾਟਨ ਕਰਦੇ ਹੋਏ ਮੁੱਖ ਮੰਤਰੀ ਭਗਵੰਡ ਮਾਨ ਤੇ ਹੋਰ।


ਸੰਗਰੂਰ, 02 ਅਪ੍ਰੈਲ (ਹਿੰ.ਸ.)| ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੰਗਰੂਰ ਜ਼ਿਲ੍ਹੇ ਦੇ ਪਿੰਡ ਚੀਮਾ ਵਿੱਚ ਸੰਤ ਅਤਰ ਸਿੰਘ ਜੀ ਮਹਾਰਾਜ ਹਸਪਤਾਲ ਦਾ ਉਦਘਾਟਨ ਕੀਤਾ। ਕਰੀਬ 11.70 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਇਹ 30 ਬਿਸਤਰਿਆਂ ਵਾਲਾ ਆਧੁਨਿਕ ਹਸਪਤਾਲ ਖੇਤਰ ਵਿੱਚ ਸਿਹਤ ਸਹੂਲਤਾਂ ਦੇ ਵਿਸਥਾਰ ਵੱਲ ਇਕ ਵੱਡਾ ਕਦਮ ਮੰਨਿਆ ਜਾ ਰਿਹਾ ਹੈ। ਇਸ ਹਸਪਤਾਲ ਨਾਲ ਲਗਭਗ 15 ਪਿੰਡਾਂ ਦੇ 50 ਹਜ਼ਾਰ ਤੋਂ ਵੱਧ ਵਸਨੀਕਾਂ ਨੂੰ ਸਿੱਧਾ ਲਾਭ ਮਿਲੇਗਾ, ਜਦਕਿ ਨੇੜਲੇ ਇਲਾਕਿਆਂ ਦੀ 35 ਤੋਂ 40 ਹਜ਼ਾਰ ਦੀ ਆਬਾਦੀ ਨੂੰ ਵੀ ਕਿਫਾਇਤੀ ਤੇ ਮਿਆਰੀ ਇਲਾਜ ਉਪਲਬਧ ਹੋਵੇਗਾ।

ਮੁੱਖ ਮੰਤਰੀ ਨੇ ਆਪਣੇ ਦੌਰੇ ਦੌਰਾਨ ਹਸਪਤਾਲ ਦੀਆਂ ਸਹੂਲਤਾਂ ਦਾ ਜਾਇਜ਼ਾ ਲਿਆ ਅਤੇ ਮਰੀਜ਼ਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀ ਖੈਰ-ਖਬਰ ਪੁੱਛੀ। ਉਨ੍ਹਾਂ ਕਿਹਾ ਕਿ ਪਹਿਲਾਂ ਇਲਾਕੇ ਵਿੱਚ ਸਿਹਤ ਸਹੂਲਤਾਂ ਦੀ ਘਾਟ ਕਾਰਨ ਮਰੀਜ਼ਾਂ ਨੂੰ ਸੰਗਰੂਰ, ਪਟਿਆਲਾ ਅਤੇ ਲੁਧਿਆਣਾ ਵਰਗੇ ਸ਼ਹਿਰਾਂ ਵਿੱਚ ਰੈਫਰ ਕਰਨਾ ਪੈਂਦਾ ਸੀ, ਜਿਸ ਨਾਲ ਸਮਾਂ ਅਤੇ ਪੈਸੇ ਦੋਵਾਂ ਦੀ ਬਰਬਾਦੀ ਹੁੰਦੀ ਸੀ। ਪਰ ਹੁਣ ਇਹ ਹਸਪਤਾਲ ਸਥਾਨਕ ਪੱਧਰ ’ਤੇ ਹੀ ਉੱਚ-ਪੱਧਰੀ ਇਲਾਜ ਮੁਹੱਈਆ ਕਰੇਗਾ।

ਮੁੱਖ ਮੰਤਰੀ ਨੇ ਦੱਸਿਆ ਕਿ ਹਸਪਤਾਲ ਵਿੱਚ ਐਮਰਜੈਂਸੀ ਸੇਵਾਵਾਂ, ਜੱਚਾ-ਬੱਚਾ ਵਾਰਡ, ਐਕਸ-ਰੇ ਅਤੇ ਲੈਬ ਟੈਸਟ ਵਰਗੀਆਂ ਆਧੁਨਿਕ ਸਹੂਲਤਾਂ ਉਪਲਬਧ ਹਨ। ਇਸ ਤੋਂ ਇਲਾਵਾ ਇੱਥੇ ENT, ਦੰਦਾਂ ਦੀਆਂ ਬਿਮਾਰੀਆਂ ਅਤੇ ਬੱਚਿਆਂ ਦੇ ਇਲਾਜ ਲਈ ਮਾਹਿਰ ਡਾਕਟਰ ਵੀ ਤਾਇਨਾਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਕੇਂਦਰ ਸੜਕ ਹਾਦਸਿਆਂ ਦੇ ਪੀੜਤਾਂ ਅਤੇ ਗੰਭੀਰ ਮਰੀਜ਼ਾਂ ਲਈ ਵੀ ਬਹੁਤ ਲਾਭਕਾਰੀ ਸਾਬਤ ਹੋਵੇਗਾ।

ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਸੰਤ ਬਾਬਾ ਅਤਰ ਸਿੰਘ ਦੇ ਨਾਮ ’ਤੇ ਇਥੇ ਜਲਦੀ ਹੀ ਇੱਕ ਮੈਡੀਕਲ ਕਾਲਜ ਦਾ ਨਿਰਮਾਣ ਵੀ ਸ਼ੁਰੂ ਕੀਤਾ ਜਾਵੇਗਾ। ਇਸ ਨਾਲ ਨਾ ਸਿਰਫ਼ ਇਲਾਕੇ ਵਿੱਚ ਡਾਕਟਰੀ ਸਿੱਖਿਆ ਨੂੰ ਵਾਧਾ ਮਿਲੇਗਾ, ਸਗੋਂ ਸਿਹਤ ਸੇਵਾਵਾਂ ਹੋਰ ਵੀ ਮਜ਼ਬੂਤ ਹੋਣਗੀਆਂ।

ਹਸਪਤਾਲ ਦੇ ਇਤਿਹਾਸ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸੈਂਟਰ 1975 ਵਿੱਚ ਸਿਰਫ਼ 10 ਬਿਸਤਰਿਆਂ ਨਾਲ ਸ਼ੁਰੂ ਹੋਇਆ ਸੀ, ਜਿਸਨੂੰ ਬਾਅਦ ਵਿੱਚ 20 ਬਿਸਤਰਿਆਂ ਤੱਕ ਵਧਾਇਆ ਗਿਆ। ਹੁਣ ਲੋਕਾਂ ਦੀ ਵਧਦੀ ਲੋੜ ਨੂੰ ਦੇਖਦੇ ਹੋਏ ਇਸਨੂੰ 30 ਬਿਸਤਰਿਆਂ ਵਾਲੇ ਆਧੁਨਿਕ ਹਸਪਤਾਲ ਵਿੱਚ ਤਬਦੀਲ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਨਸ਼ਿਆਂ ਦੇ ਮੁੱਦੇ ’ਤੇ ਵੀ ਗੱਲ ਕਰਦਿਆਂ ਕਿਹਾ ਕਿ ਨਸ਼ਿਆਂ ਨੂੰ ਕਾਨੂੰਨੀ ਦਰਜਾ ਦੇਣ ਦੀ ਗੱਲ ਬਿਲਕੁਲ ਗਲਤ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਨਾਲ ਨਸ਼ਾ ਤਸਕਰੀ ’ਤੇ ਵੱਡੀ ਚੋਟ ਪਈ ਹੈ। ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਜਾ ਰਹੀਆਂ ਹਨ ਅਤੇ ਨੌਜਵਾਨਾਂ ਨੂੰ ਸਕਾਰਾਤਮਕ ਦਿਸ਼ਾ ਵੱਲ ਮੋੜਿਆ ਜਾ ਰਿਹਾ ਹੈ।

ਉਨ੍ਹਾਂ ਸਰਕਾਰ ਦੀਆਂ ਹੋਰ ਪ੍ਰਾਪਤੀਆਂ ਦਾ ਵੀ ਜ਼ਿਕਰ ਕੀਤਾ ਅਤੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਿੱਖਿਆ, ਸਿਹਤ, ਬਿਜਲੀ ਅਤੇ ਰੋਜ਼ਗਾਰ ਦੇ ਖੇਤਰਾਂ ਵਿੱਚ ਮਹੱਤਵਪੂਰਨ ਕੰਮ ਕੀਤੇ ਹਨ। 90 ਫੀਸਦੀ ਘਰਾਂ ਨੂੰ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ ਅਤੇ 65 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਦੇ ਟੈਕਸ ਦਾ ਪੈਸਾ ਲੋਕਾਂ ਦੀ ਭਲਾਈ ਲਈ ਵਰਤਿਆ ਜਾ ਰਿਹਾ ਹੈ ਅਤੇ ਸੂਬੇ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਬੰਦ ਕੀਤੇ ਗਏ ਟੋਲ ਪਲਾਜ਼ਿਆਂ ਨਾਲ ਹਰ ਰੋਜ਼ ਕਰੀਬ 70 ਲੱਖ ਰੁਪਏ ਦੀ ਬਚਤ ਹੋ ਰਹੀ ਹੈ। ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਸਮੇਤ ਕਈ ਹੋਰ ਅਧਿਕਾਰੀ ਵੀ ਮੌਜੂਦ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande