
ਮੋਹਾਲੀ, 29 ਅਪ੍ਰੈਲ (ਹਿੰ.ਸ.)| ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜੇਈਈ ਮੇਨਜ਼ ਪ੍ਰੀਖਿਆ ਪਾਸ ਕਰਨ ਵਾਲੇ 369 ਵਿਦਿਆਰਥੀਆਂ ਦੀ ਸਫਲਤਾ ਨੂੰ ਸੂਬੇ ਵਿੱਚ ਚੱਲ ਰਹੀ “ਸਿੱਖਿਆ ਕ੍ਰਾਂਤੀ” ਦਾ ਸਪੱਸ਼ਟ ਸਬੂਤ ਦੱਸਿਆ ਹੈ। ਮੋਹਾਲੀ ਦੇ ਵਿਕਾਸ ਭਵਨ ਵਿੱਚ ਇਨ੍ਹਾਂ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕਰਦਿਆਂ ਉਨ੍ਹਾਂ ਕਿਹਾ ਕਿ ਪਹਿਲਾਂ ਸੰਘਰਸ਼ ਕਰ ਰਹੀ ਸਿੱਖਿਆ ਪ੍ਰਣਾਲੀ ਹੁਣ ਕੌਮੀ ਪੱਧਰ ‘ਤੇ ਮੱਲਾਂ ਮਾਰ ਰਹੀ ਹੈ।
ਮੁੱਖ ਮੰਤਰੀ ਨੇ ਵਿਦਿਆਰਥੀਆਂ ਨੂੰ “ਤਾਰੇ ਜ਼ਮੀਨ ਪਰ” ਕਹਿੰਦੇ ਹੋਏ ਉਨ੍ਹਾਂ ਦੀ ਪ੍ਰਾਪਤੀ ਨੂੰ ਸਿਰਫ਼ ਨਿੱਜੀ ਕਾਮਯਾਬੀ ਨਹੀਂ, ਸਗੋਂ ਸਰਕਾਰੀ ਸਕੂਲਾਂ ਵਿੱਚ ਆਏ ਬਦਲਾਅ ਦਾ ਨਤੀਜਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਮਿਆਰੀ ਸਿੱਖਿਆ ਨੂੰ ਹਰ ਵਿਦਿਆਰਥੀ ਦਾ ਅਧਿਕਾਰ ਬਣਾਇਆ ਗਿਆ ਹੈ ਅਤੇ ਇਸ ਵਿੱਚ ਅਧਿਆਪਕਾਂ ਦੀ ਭੂਮਿਕਾ ਬੇਮਿਸਾਲ ਹੈ। ਭਗਵੰਤ ਮਾਨ ਨੇ ਦੱਸਿਆ ਕਿ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਵੱਡੇ ਸੁਧਾਰ ਕੀਤੇ ਗਏ ਹਨ। ਅਧਿਆਪਕਾਂ ਨੂੰ ਵਿਸ਼ਵ ਪੱਧਰੀ ਤਜਰਬਾ ਦਿਵਾਉਣ ਲਈ ਉਨ੍ਹਾਂ ਨੂੰ ਫਿਨਲੈਂਡ ਅਤੇ ਸਿੰਗਾਪੁਰ ਵਰਗੇ ਦੇਸ਼ਾਂ ਵਿੱਚ ਸਿਖਲਾਈ ਲਈ ਭੇਜਿਆ ਜਾ ਰਿਹਾ ਹੈ। ਇਸ ਨਾਲ ਕਲਾਸਰੂਮ ਸਿੱਖਿਆ ਵਿੱਚ ਨਵੀਂ ਸੋਚ ਅਤੇ ਤਰੀਕੇ ਆਏ ਹਨ, ਜਿਸਦਾ ਲਾਭ ਸਿੱਧੇ ਤੌਰ ‘ਤੇ ਵਿਦਿਆਰਥੀਆਂ ਨੂੰ ਮਿਲ ਰਿਹਾ ਹੈ।
ਉਨ੍ਹਾਂ ਕਿਹਾ ਕਿ ਪਹਿਲਾਂ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਦੀ ਘਾਟ ਅਤੇ ਪ੍ਰਸ਼ਾਸਕੀ ਬੋਝ ਕਾਰਨ ਅਧਿਆਪਕਾਂ ਨੂੰ ਮੁਸ਼ਕਲਾਂ ਆਉਂਦੀਆਂ ਸਨ, ਪਰ ਹੁਣ ਕੈਂਪਸ ਮੈਨੇਜਰਾਂ ਦੀ ਭਰਤੀ ਨਾਲ ਅਧਿਆਪਕ ਪੂਰੀ ਤਰ੍ਹਾਂ ਪੜ੍ਹਾਈ ‘ਤੇ ਧਿਆਨ ਕੇਂਦ੍ਰਿਤ ਕਰ ਰਹੇ ਹਨ। ਇਸ ਦੇ ਨਾਲ ਹੀ ਮਾਪੇ-ਅਧਿਆਪਕ ਮਿਲਣੀਆਂ ਰਾਹੀਂ ਭਾਈਚਾਰਕ ਭਾਗੀਦਾਰੀ ਨੂੰ ਵੀ ਮਜ਼ਬੂਤ ਕੀਤਾ ਗਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਕਈ ਵਿਦਿਆਰਥੀ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਨਾਲ ਸੰਬੰਧਿਤ ਹੋਣ ਦੇ ਬਾਵਜੂਦ ਵੱਡੀਆਂ ਕਾਮਯਾਬੀਆਂ ਹਾਸਲ ਕਰ ਰਹੇ ਹਨ, ਜੋ ਇਹ ਦਰਸਾਉਂਦਾ ਹੈ ਕਿ ਹੁਣ ਸਰਕਾਰੀ ਸਕੂਲ ਵੀ ਨਿੱਜੀ ਸਕੂਲਾਂ ਦੇ ਸਮਾਨ ਮੌਕੇ ਪ੍ਰਦਾਨ ਕਰ ਰਹੇ ਹਨ।
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵੀ ਇਸ ਮੌਕੇ ਕਿਹਾ ਕਿ ਪਹਿਲਾਂ ਸਿੱਖਿਆ ਪ੍ਰਣਾਲੀ ਦੀ ਹਾਲਤ ਕਾਫੀ ਕਮਜ਼ੋਰ ਸੀ, ਪਰ ਲਗਾਤਾਰ ਸੁਧਾਰਾਂ ਨਾਲ ਵੱਡੀ ਤਬਦੀਲੀ ਆਈ ਹੈ। ਉਨ੍ਹਾਂ ਕਿਹਾ ਕਿ ਹੁਣ ਵਿਦਿਆਰਥੀਆਂ ਦੀ ਪ੍ਰਗਤੀ ‘ਤੇ ਨਿਗਰਾਨੀ ਰੱਖਣ ਲਈ ਵਿਸ਼ੇਸ਼ ਪ੍ਰਣਾਲੀ ਤਿਆਰ ਕੀਤੀ ਗਈ ਹੈ। ਇਸ ਮੌਕੇ ਵਿਦਿਆਰਥੀਆਂ ਨੇ ਵੀ ਆਪਣੇ ਤਜ਼ਰਬੇ ਸਾਂਝੇ ਕਰਦਿਆਂ ਸਰਕਾਰ ਵੱਲੋਂ ਮਿਲ ਰਹੀਆਂ ਸਹੂਲਤਾਂ ਦੀ ਪ੍ਰਸ਼ੰਸਾ ਕੀਤੀ ਅਤੇ ਕਿਹਾ ਕਿ ਨਵੇਂ ਸਿੱਖਣ ਮਾਹੌਲ ਨੇ ਉਨ੍ਹਾਂ ਦੇ ਸੁਪਨਿਆਂ ਨੂੰ ਨਵੀਂ ਉਡਾਣ ਦਿੱਤੀ ਹੈ। ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਸਿੱਖਿਆ ਵਿਭਾਗ ਦੇ ਸਕੱਤਰ ਸੋਨਾਲੀ ਗਿਰੀ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।
ਹਿੰਦੂਸਥਾਨ ਸਮਾਚਾਰ / GURSHARAN SINGH