
ਬਠਿੰਡਾ, 29 ਅਪ੍ਰੈਲ (ਹਿੰ.ਸ.)| ਬਠਿੰਡਾ ਜ਼ਿਲ੍ਹੇ ਦੇ ਪਿੰਡ ਗੁਰੂਸਰ ਸੈਣੇਵਾਲਾ ਵਿੱਚ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ, ਜਿਸ ਵਿੱਚ ਇੱਕ ਵਿਅਕਤੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਜ਼ਖਮੀ ਨੂੰ ਤੁਰੰਤ ਇਲਾਜ ਲਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਮਿਲੀ ਜਾਣਕਾਰੀ ਅਨੁਸਾਰ ਕੋਟਕਪੂਰਾ ਪੁਲਿਸ ਇੱਕ ਦਰਜ ਮਾਮਲੇ ਵਿੱਚ ਗ੍ਰਿਫ਼ਤਾਰੀ ਕਰਨ ਲਈ ਪਿੰਡ ਵਿੱਚ ਪਹੁੰਚੀ ਹੋਈ ਸੀ। ਇਸ ਦੌਰਾਨ ਅਚਾਨਕ ਗੋਲੀ ਚੱਲਣ ਦੀ ਘਟਨਾ ਵਾਪਰੀ। ਹਾਲਾਂਕਿ ਇਹ ਅਜੇ ਤੱਕ ਸਪਸ਼ਟ ਨਹੀਂ ਹੋ ਸਕਿਆ ਕਿ ਗੋਲੀ ਪੁਲਿਸ ਵੱਲੋਂ ਚਲਾਈ ਗਈ ਜਾਂ ਕਿਸੇ ਹੋਰ ਵਿਅਕਤੀ ਵੱਲੋਂ।
ਸੂਤਰਾਂ ਮੁਤਾਬਕ ਇਹ ਮਾਮਲਾ ਜ਼ਮੀਨੀ ਵਿਵਾਦ ਨਾਲ ਜੁੜਿਆ ਹੋਇਆ ਹੈ ਅਤੇ ਇਸ ਵਿੱਚ ਦੋ ਧਿਰਾਂ ਸ਼ਾਮਲ ਸਨ। ਘਟਨਾ ਤੋਂ ਬਾਅਦ ਇਲਾਕੇ ਵਿੱਚ ਤਣਾਅ ਦਾ ਮਾਹੌਲ ਬਣ ਗਿਆ ਹੈ, ਜਿਸ ਦੇ ਮੱਦੇਨਜ਼ਰ ਪੁਲਿਸ ਵੱਲੋਂ ਸੁਰੱਖਿਆ ਪ੍ਰਬੰਧ ਵਧਾ ਦਿੱਤੇ ਗਈ ਹੈ।
ਐਸਪੀਡੀ ਜਸਮੀਤ ਸਿੰਘ ਨੇ ਦੱਸਿਆ ਕਿ ਜ਼ਖਮੀ ਵਿਅਕਤੀ ਦੀ ਪਛਾਣ ਨਿਰਮਲ ਸਿੰਘ ਉਰਫ਼ ਟੀਟੂ ਵਜੋਂ ਹੋਈ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਪੂਰੀ ਸੱਚਾਈ ਪੁਲਿਸ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਸਾਹਮਣੇ ਆਵੇਗੀ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਸਥਿਤੀ ‘ਤੇ ਨਜ਼ਰ ਰੱਖੀ ਜਾ ਰਹੀ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH