
ਖੰਨਾ, 29 ਅਪ੍ਰੈਲ (ਹਿੰ.ਸ.)| ਖੰਨਾ ਪੁਲਿਸ ਵੱਲੋਂ “ਗੈਂਗਸਟਰਾਂ ‘ਤੇ ਵਾਰ” ਅਤੇ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਵੱਡੀ ਸਫਲਤਾ ਹਾਸਲ ਕੀਤੀ ਗਈ ਹੈ। ਐਸਐਸਪੀ ਡਾ. ਦਰਪਣ ਆਹਲੂਵਾਲੀਆ ਦੀ ਅਗਵਾਈ ਹੇਠ ਪੁਲਿਸ ਨੇ ਪਿਛਲੇ ਚਾਰ ਮਹੀਨਿਆਂ ਦੌਰਾਨ 598 ਮੁਕੱਦਮੇ ਦਰਜ ਕਰਕੇ 782 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਡੀਜੀਪੀ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਅਤੇ ਲੁਧਿਆਣਾ ਰੇਂਜ ਦੇ ਡੀ.ਆਈ.ਜੀ. ਸਤਿੰਦਰ ਸਿੰਘ ਦੀ ਰਹਿਨੁਮਾਈ ਹੇਠ ਖੰਨਾ ਪੁਲਿਸ ਨੇ ਜ਼ਿਲ੍ਹੇ ਭਰ ਵਿੱਚ ਕਾਰਡਨ ਐਂਡ ਸਰਚ ਆਪ੍ਰੇਸ਼ਨ ਚਲਾਇਆ। ਇਸ ਦੌਰਾਨ ਡੀ.ਐਸ.ਪੀ. ਦਰਜੇ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ ਵੱਖ-ਵੱਖ ਟੀਮਾਂ ਬਣਾਕੇ ਇਕੱਠੇ ਕਾਰਵਾਈ ਕੀਤੀ ਗਈ।
ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਲਗਭਗ 15 ਹਾਟਸਪਾਟ ਚਿੰਨ੍ਹਿਤ ਕਰਕੇ ਵਿਆਪਕ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਦੌਰਾਨ 84 ਸ਼ੱਕੀ ਵਿਅਕਤੀਆਂ ਅਤੇ 56 ਵਾਹਨਾਂ ਦੀ ਜਾਂਚ ਕੀਤੀ ਗਈ। ਆਪ੍ਰੇਸ਼ਨ ਦੌਰਾਨ 8 ਨਵੇਂ ਕੇਸ ਦਰਜ ਕਰਕੇ 10 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ। ਗ੍ਰਿਫਤਾਰ ਕੀਤੇ ਗਏ ਦੋਸ਼ੀਆਂ ਤੋਂ 80 ਨਸ਼ੀਲੀਆਂ ਗੋਲੀਆਂ, 2 ਗ੍ਰਾਮ ਆਈਸ ਡਰੱਗ, 19.2 ਗ੍ਰਾਮ ਹੈਰੋਇਨ ਅਤੇ 6 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਗਿਆ।
ਸਾਲ 2026 ਦੀ ਸ਼ੁਰੂਆਤ ਤੋਂ ਹੁਣ ਤੱਕ ਖੰਨਾ ਪੁਲਿਸ ਨੇ ਨਸ਼ਾ ਤਸਕਰੀ ਅਤੇ ਅਪਰਾਧ ਦੇ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ 9 ਕਿੱਲੋ ਤੋਂ ਵੱਧ ਹੈਰੋਇਨ, 7 ਕਿੱਲੋ ਭੁੱਕੀ, 7 ਕਿੱਲੋ ਅਫੀਮ ਅਤੇ 62 ਕਿੱਲੋ ਗਾਂਜਾ ਬਰਾਮਦ ਕੀਤਾ ਹੈ। ਇਸ ਤੋਂ ਇਲਾਵਾ ਸੈਂਕੜਿਆਂ ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲਾਂ ਦੇ ਨਾਲ 5.35 ਲੱਖ ਰੁਪਏ ਦੀ ਡਰੱਗ ਮਨੀ ਵੀ ਜ਼ਬਤ ਕੀਤੀ ਗਈ ਹੈ।
ਐਸ.ਐਸ.ਪੀ. ਡਾ. ਦਰਪਣ ਆਹਲੂਵਾਲੀਆ ਨੇ ਕਿਹਾ ਕਿ ਪੁਲਿਸ ਅਪਰਾਧੀਆਂ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰ ਰਹੀ ਹੈ ਅਤੇ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ। ਸਥਾਨਕ ਲੋਕਾਂ ਨੇ ਵੀ ਪੁਲਿਸ ਦੀ ਕਾਰਵਾਈ ਦੀ ਸਾਰਾਹਨਾ ਕਰਦਿਆਂ ਕਿਹਾ ਕਿ ਐਸ.ਐਸ.ਪੀ. ਦੀ ਸਖ਼ਤ ਅਤੇ ਇਮਾਨਦਾਰ ਅਗਵਾਈ ਕਾਰਨ ਜ਼ਿਲ੍ਹੇ ਵਿੱਚ ਅਪਰਾਧ ‘ਤੇ ਕਾਫ਼ੀ ਹੱਦ ਤੱਕ ਕਾਬੂ ਪਾਇਆ ਗਿਆ ਹੈ। ਪੁਲਿਸ ਵੱਲੋਂ ਇਹ ਮੁਹਿੰਮ ਆਉਣ ਵਾਲੇ ਸਮੇਂ ਵਿੱਚ ਵੀ ਜਾਰੀ ਰੱਖਣ ਦੇ ਸੰਕੇਤ ਦਿੱਤੇ ਗਏ ਹਨ।
ਹਿੰਦੂਸਥਾਨ ਸਮਾਚਾਰ / GURSHARAN SINGH