
ਚੰਡੀਗੜ੍ਹ, 29 ਅਪ੍ਰੈਲ (ਹਿੰ.ਸ.)| ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਝੋਨੇ ਦੇ ਸੀਜ਼ਨ ਤੋਂ ਪਹਿਲਾਂ ਕਿਸਾਨਾਂ ਲਈ ਵੱਡੀ ਰਾਹਤ ਦਾ ਐਲਾਨ ਕਰਦਿਆਂ ਕਿਹਾ ਹੈ ਕਿ 1 ਮਈ ਤੋਂ ਸੂਬੇ ਭਰ ਵਿੱਚ ਨਹਿਰੀ ਪਾਣੀ ਦੀ ਸਪਲਾਈ ਸ਼ੁਰੂ ਕਰ ਦਿੱਤੀ ਜਾਵੇਗੀ। ਇਸ ਲਈ ਨਹਿਰਾਂ ਵਿੱਚ 21,000 ਕਿਊਸਿਕ ਪਾਣੀ ਛੱਡਿਆ ਜਾਵੇਗਾ, ਜਿਸ ਨਾਲ ਧਰਤੀ ਹੇਠਲੇ ਪਾਣੀ ‘ਤੇ ਨਿਰਭਰਤਾ ਘਟੇਗੀ।
ਮੁੱਖ ਮੰਤਰੀ ਨੇ ਦੱਸਿਆ ਕਿ ਸਿੰਜਾਈ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਸਰਕਾਰ ਵੱਲੋਂ 6,700 ਕਰੋੜ ਰੁਪਏ ਦਾ ਵੱਡਾ ਨਿਵੇਸ਼ ਕੀਤਾ ਗਿਆ ਹੈ। ਇਸ ਦੇ ਨਾਲ ਹੀ 14,000 ਕਿਲੋਮੀਟਰ ਪਾਈਪਲਾਈਨ ਨੈੱਟਵਰਕ ਵਿਛਾਇਆ ਗਿਆ ਹੈ ਅਤੇ ਹਜ਼ਾਰਾਂ ਕਿਲੋਮੀਟਰ ਨਵੀਆਂ ਨਹਿਰਾਂ ਅਤੇ ਰਜਬਾਹੇ ਤਿਆਰ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਕਦਮ ਨਾ ਸਿਰਫ ਪਾਣੀ ਦੀ ਉਪਲਬਧਤਾ ਵਧਾਏਗਾ, ਸਗੋਂ ਟਿਊਬਵੈੱਲਾਂ ‘ਤੇ ਦਬਾਅ ਘਟਾ ਕੇ ਬਿਜਲੀ ਦੀ ਬਚਤ ਵੀ ਯਕੀਨੀ ਬਣਾਏਗਾ। ਖਾਸ ਤੌਰ ‘ਤੇ ਮਾਲਵਾ ਖੇਤਰ ਦੇ ਕਿਸਾਨਾਂ ਨੂੰ ਇਸ ਦਾ ਵੱਡਾ ਲਾਭ ਮਿਲੇਗਾ, ਜਿੱਥੇ ਪਾਣੀ ਦੀ ਕਮੀ ਇੱਕ ਵੱਡੀ ਸਮੱਸਿਆ ਰਹੀ ਹੈ।
ਮੁੱਖ ਮੰਤਰੀ ਨੇ ਦੱਸਿਆ ਕਿ ਪਾਣੀ ਦੀ ਸਪਲਾਈ ਨੂੰ ਸੁਚਾਰੂ ਬਣਾਉਣ ਲਈ ਝੋਨੇ ਦੀ ਬਿਜਾਈ ਨੂੰ ਚਾਰ ਜ਼ੋਨਾਂ ਵਿੱਚ ਵੰਡਿਆ ਗਿਆ ਹੈ। 15 ਮਈ ਤੋਂ ਸਿੱਧੀ ਬਿਜਾਈ ਸ਼ੁਰੂ ਹੋਵੇਗੀ, ਜਦਕਿ 1 ਜੂਨ ਤੋਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ਪੜਾਅਵਾਰ ਢੰਗ ਨਾਲ ਬਿਜਾਈ ਦੀ ਪ੍ਰਕਿਰਿਆ ਸ਼ੁਰੂ ਹੋਵੇਗੀ। ਉਨ੍ਹਾਂ ਦੇ ਅਨੁਸਾਰ 1 ਜੂਨ ਤੋਂ ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ, ਤਰਨ ਤਾਰਨ, ਰੋਪੜ, ਐਸ.ਏ.ਐਸ. ਨਗਰ, ਫਤਿਹਗੜ੍ਹ ਸਾਹਿਬ ਅਤੇ ਹੁਸ਼ਿਆਰਪੁਰ ਵਿੱਚ ਬਿਜਾਈ ਸ਼ੁਰੂ ਹੋਵੇਗੀ। ਇਸ ਤੋਂ ਬਾਅਦ 5 ਜੂਨ ਤੋਂ ਫਰੀਦਕੋਟ, ਬਠਿੰਡਾ, ਫਿਰੋਜ਼ਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਫਾਜ਼ਿਲਕਾ ਵਿੱਚ, ਜਦਕਿ 9 ਜੂਨ ਤੋਂ ਲੁਧਿਆਣਾ, ਮੋਗਾ, ਮਾਨਸਾ, ਪਟਿਆਲਾ, ਸੰਗਰੂਰ, ਬਰਨਾਲਾ, ਜਲੰਧਰ ਅਤੇ ਹੋਰ ਜ਼ਿਲ੍ਹਿਆਂ ਵਿੱਚ ਬਿਜਾਈ ਕੀਤੀ ਜਾਵੇਗੀ।
ਮੁੱਖ ਮੰਤਰੀ ਨੇ ਇਹ ਵੀ ਦੱਸਿਆ ਕਿ ਪਾਣੀ ਸੰਭਾਲ ਲਈ ਰੀਚਾਰਜ ਪੌਇੰਟ ਬਣਾਏ ਗਏ ਹਨ, ਜਿਸ ਨਾਲ ਧਰਤੀ ਹੇਠਲੇ ਪਾਣੀ ਦਾ ਪੱਧਰ 2 ਤੋਂ 4 ਮੀਟਰ ਤੱਕ ਵਧਿਆ ਹੈ। ਪਿਛਲੇ ਇੱਕ ਸਾਲ ਵਿੱਚ ਲਗਭਗ 21 ਲੱਖ ਘਣ ਮੀਟਰ ਪਾਣੀ ਰੀਚਾਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਯੋਜਨਾ ਭਵਿੱਖ ਦੀਆਂ ਪੀੜ੍ਹੀਆਂ ਲਈ ਪਾਣੀ ਸੰਭਾਲਣ ਵੱਲ ਇੱਕ ਵੱਡਾ ਕਦਮ ਹੈ। ਇਸ ਨਾਲ ਨਾ ਸਿਰਫ ਕਿਸਾਨਾਂ ਨੂੰ ਲਾਭ ਮਿਲੇਗਾ, ਸਗੋਂ ਸੂਬੇ ਦੇ ਜਲ ਸਰੋਤਾਂ ਦੀ ਸੁਰੱਖਿਆ ਵੀ ਯਕੀਨੀ ਬਣੇਗੀ।
ਹਿੰਦੂਸਥਾਨ ਸਮਾਚਾਰ / GURSHARAN SINGH