
ਅੰਮ੍ਰਿਤਸਰ, 12 ਮਈ (ਹਿੰ.ਸ.)| ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ (ਜੀਐਨਡੀਯੂ) ਵਿਖੇ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ, ਜਿਸ ਵਿੱਚ ਗੁਰੂ ਸਾਹਿਬ ਦੀ ਬਾਣੀ, ਵਿਚਾਰਧਾਰਾ ਅਤੇ ਸਮਾਜਿਕ ਸਮਾਨਤਾ ਦੇ ਸੰਦੇਸ਼ ਨੂੰ ਵਿਸ਼ੇਸ਼ ਤੌਰ ‘ਤੇ ਉਭਾਰਿਆ ਗਿਆ। ਸਮਾਗਮ ਵਿੱਚ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ, ਸੰਤ ਗੁਰਦੀਪ ਗਿਰੀ, ਵਿਦਵਾਨਾਂ, ਅਧਿਆਪਕਾਂ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਨੇ ਹਿੱਸਾ ਲਿਆ।
ਸੈਮੀਨਾਰ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਨੌਜਵਾਨਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਦਰਸਾਏ “ਬੇਗਮਪੁਰਾ” ਦੇ ਸੁਪਨੇ ਨੂੰ ਸਾਕਾਰ ਕਰਨ ਲਈ ਅੱਗੇ ਆਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਗੁਰੂ ਰਵਿਦਾਸ ਜੀ ਦੇ ਸਮਾਨਤਾ ਅਤੇ ਇਨਸਾਫ਼ ਦੇ ਸਿਧਾਂਤਾਂ ਨੂੰ ਅਮਲ ਵਿੱਚ ਲਿਆਉਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਖੁਰਾਲਗੜ੍ਹ ਵਿਖੇ ਗੁਰੂ ਰਵਿਦਾਸ ਯਾਦਗਾਰ ਦਾ ਵਿਸਥਾਰ ਕੀਤਾ ਜਾ ਰਿਹਾ ਹੈ, ਜਦਕਿ ਫਰੀਦਪੁਰ ਵਿੱਚ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਦੀ ਸਥਾਪਨਾ ਵੀ ਜਲਦ ਸ਼ੁਰੂ ਹੋਵੇਗੀ।
ਚੀਮਾ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਨੇ 650 ਸਾਲ ਪਹਿਲਾਂ ਹੀ ਸਮਾਨਤਾ, ਪ੍ਰੇਮ ਅਤੇ ਮਨੁੱਖਤਾ ਦਾ ਸੰਦੇਸ਼ ਦਿੱਤਾ ਸੀ, ਜੋ ਅੱਜ ਵੀ ਉਤਨਾ ਹੀ ਪ੍ਰਸੰਗਿਕ ਹੈ। ਉਨ੍ਹਾਂ ਕਿਹਾ ਕਿ ਸਮਾਜ ਵਿੱਚ ਮੌਜੂਦ ਜਾਤ-ਪਾਤ, ਵਿਤਕਰੇ ਅਤੇ ਅਸਮਾਨਤਾ ਨੂੰ ਖਤਮ ਕਰਨ ਲਈ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਅਪਣਾਉਣਾ ਬਹੁਤ ਜ਼ਰੂਰੀ ਹੈ।
ਸੰਤ ਗੁਰਦੀਪ ਗਿਰੀ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਵਿੱਚ ਪ੍ਰੇਮ ਅਤੇ ਭਗਤੀ ਨੂੰ ਵਿਸ਼ੇਸ਼ ਮਹੱਤਵ ਦਿੱਤਾ ਗਿਆ ਹੈ। ਉਨ੍ਹਾਂ ਨੌਜਵਾਨਾਂ ਨੂੰ ਜਾਤੀ ਭੇਦਭਾਵ ਅਤੇ ਸਮਾਜਿਕ ਵੰਡ ਤੋਂ ਉੱਪਰ ਉੱਠ ਕੇ ਗੁਰੂ ਸਾਹਿਬ ਦੇ ਦਰਸਾਏ ਰਾਹ ‘ਤੇ ਚੱਲਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਗੁਰੂ ਰਵਿਦਾਸ ਜੀ ਦੇ 40 ਸ਼ਬਦ ਅਤੇ ਇੱਕ ਸਲੋਕ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ।
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਦੀ ਵਿਚਾਰਧਾਰਾ ਕਿਸੇ ਇੱਕ ਭਾਈਚਾਰੇ ਤੱਕ ਸੀਮਿਤ ਨਹੀਂ, ਸਗੋਂ ਪੂਰੀ ਮਨੁੱਖਤਾ ਲਈ ਪ੍ਰੇਰਣਾ ਦਾ ਸਰੋਤ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸੈਮੀਨਾਰ ਨੌਜਵਾਨਾਂ ਨੂੰ ਸਮਾਜਿਕ ਨਿਆਂ, ਸਮਾਨਤਾ ਅਤੇ ਅਧਿਆਤਮਿਕਤਾ ਨਾਲ ਜੋੜਨ ਵਿੱਚ ਮਦਦਗਾਰ ਸਾਬਤ ਹੁੰਦੇ ਹਨ। ਜੀਐਨਡੀਯੂ ਦੇ ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਅਤੇ ਪੰਜਾਬੀ ਅਧਿਐਨ ਵਿਭਾਗ ਦੇ ਮੁਖੀ ਪ੍ਰੋ. ਮਨਜਿੰਦਰ ਸਿੰਘ ਨੇ ਵੀ ਗੁਰੂ ਰਵਿਦਾਸ ਜੀ ਦੀ ਵਿਚਾਰਧਾਰਾ ਨੂੰ ਆਧੁਨਿਕ ਸਮਾਜ ਲਈ ਮਾਰਗਦਰਸ਼ਕ ਕਰਾਰ ਦਿੱਤਾ। ਸਮਾਗਮ ਦੌਰਾਨ ਵਿਦਿਆਰਥੀਆਂ ਅਤੇ ਮਹਿਮਾਨਾਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਵੀ ਕੀਤਾ ਗਿਆ।
ਹਿੰਦੂਸਥਾਨ ਸਮਾਚਾਰ / GURSHARAN SINGH