
ਚੰਡੀਗੜ੍ਹ, 14 ਮਈ (ਹਿੰ.ਸ.)| ਅੰਮ੍ਰਿਤਸਰ ਦੇ ਬੋਹੜੂ ਪੁਲ ਇਲਾਕੇ ਵਿੱਚ ਇੱਕ ਨੌਜਵਾਨ ਦੀ ਤੇਜ਼ਧਾਰ ਹਥਿਆਰਾਂ ਨਾਲ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ ਤਰਨਤਾਰਨ ਵਾਸੀ ਡੇਵਿਡ ਮਸੀਹ ਵਜੋਂ ਹੋਈ ਹੈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦਕਿ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਮ੍ਰਿਤਕ ਦੀ ਪਤਨੀ ਪਿੰਕੀ ਮਸੀਹ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਦੱਸਿਆ ਕਿ ਡੇਵਿਡ ਦੇ ਪੜੋਸ ਵਿੱਚ ਰਹਿੰਦੀ ਇੱਕ ਔਰਤ ਨਾਲ ਨਾਜਾਇਜ਼ ਸੰਬੰਧ ਸਨ। ਇਸ ਗੱਲ ਨੂੰ ਲੈ ਕੇ ਪਹਿਲਾਂ ਵੀ ਕਈ ਵਾਰ ਝਗੜੇ ਹੋ ਚੁੱਕੇ ਸਨ ਅਤੇ ਪਰਿਵਾਰ ਵੱਲੋਂ ਡੇਵਿਡ ਨੂੰ ਸਮਝਾਉਣ ਦੀ ਕੋਸ਼ਿਸ਼ ਵੀ ਕੀਤੀ ਗਈ ਸੀ, ਪਰ ਵਿਵਾਦ ਖਤਮ ਨਹੀਂ ਹੋਇਆ।
ਪਿੰਕੀ ਮਸੀਹ ਦੇ ਅਨੁਸਾਰ, ਉਕਤ ਔਰਤ ਦੇ ਪਤੀ ਅਸ਼ੋਕ ਕੁਮਾਰ ਨੇ ਆਪਣੇ ਕੁਝ ਸਾਥੀਆਂ ਨਾਲ ਮਿਲ ਕੇ ਬੋਹੜੂ ਪੁਲ ਨੇੜੇ ਡੇਵਿਡ ਮਸੀਹ ਨੂੰ ਘੇਰ ਲਿਆ ਅਤੇ ਉਸ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਹਮਲੇ ਦੌਰਾਨ ਡੇਵਿਡ ਦੇ ਗਲੇ ਅਤੇ ਛਾਤੀ ’ਤੇ ਗੰਭੀਰ ਵਾਰ ਕੀਤੇ ਗਏ। ਗੰਭੀਰ ਹਾਲਤ ਵਿੱਚ ਡੇਵਿਡ ਨੂੰ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ।
ਪੁਲਿਸ ਨੇ ਮ੍ਰਿਤਕ ਦੀ ਪਤਨੀ ਦੇ ਬਿਆਨਾਂ ਦੇ ਆਧਾਰ ’ਤੇ ਮਾਮਲਾ ਦਰਜ ਕਰ ਲਿਆ ਹੈ। ਨਾਲ ਹੀ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਅਤੇ ਨਾਮਜ਼ਦ ਮੁਲਜ਼ਮਾਂ ਦੀ ਭਾਲ ਲਈ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਦੀ ਮੁੱਢਲੀ ਜਾਂਚ ਅਨੁਸਾਰ ਅਸ਼ੋਕ ਕੁਮਾਰ ਨੂੰ ਸ਼ੱਕ ਸੀ ਕਿ ਡੇਵਿਡ ਉਸ ਦੀ ਪਤਨੀ ਨੂੰ ਆਪਣੇ ਨਾਲ ਅੰਮ੍ਰਿਤਸਰ ਲੈ ਕੇ ਜਾ ਰਿਹਾ ਸੀ। ਇਸੇ ਸ਼ੱਕ ਦੇ ਆਧਾਰ ’ਤੇ ਉਸ ਨੇ ਆਪਣੇ ਸਾਥੀਆਂ ਸਮੇਤ ਡੇਵਿਡ ਦਾ ਪਿੱਛਾ ਕੀਤਾ ਅਤੇ ਬੋਹਡੂ ਪੁਲ ਨੇੜੇ ਹਮਲਾ ਕਰ ਦਿੱਤਾ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।
ਹਿੰਦੂਸਥਾਨ ਸਮਾਚਾਰ / GURSHARAN SINGH