
ਸੰਗਤ ਵੱਲੋਂ 600 ਦੇ ਕਰੀਬ ਪਾਸਪੋਰਟ ਜਮ੍ਹਾਂ, ਸਰਕਾਰੀ ਨੋਟੀਫਿਕੇਸ਼ਨ ਦੀ ਉਡੀਕ ਜਾਰੀ
ਚੰਡੀਗੜ੍ਹ, 16 ਮਈ (ਹਿੰ.ਸ.)| ਗੁਰੂਦਵਾਰਾ ਡੇਹਰਾ ਸਾਹਿਬ ਲਾਹੌਰ ਵਿਖੇ ਮਨਾਏ ਜਾਣ ਵਾਲੇ ਪੰਜਵੇਂ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸਲਾਨਾ ਸ਼ਹੀਦੀ ਸਮਾਗਮਾਂ ਵਿੱਚ ਸ਼ਮੂਲੀਅਤ ਲਈ ਸਿੱਖ ਸ਼ਰਧਾਲੂਆਂ ਦਾ ਵਿਸ਼ੇਸ਼ ਜੱਥਾ 10 ਜੂਨ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ। ਇਸ ਧਾਰਮਿਕ ਯਾਤਰਾ ਨੂੰ ਲੈ ਕੇ ਸੰਗਤ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਅਤੇ ਹੁਣ ਤੱਕ ਕਰੀਬ 600 ਸ਼ਰਧਾਲੂਆਂ ਵੱਲੋਂ ਵੀਜ਼ਾ ਪ੍ਰਕਿਰਿਆ ਲਈ ਆਪਣੇ ਪਾਸਪੋਰਟ ਜਮ੍ਹਾਂ ਕਰਵਾਏ ਜਾ ਚੁੱਕੇ ਹਨ। ਨਿਰਧਾਰਤ ਪ੍ਰੋਗਰਾਮ ਅਨੁਸਾਰ ਜੱਥਾ ਪਾਕਿਸਤਾਨ ਸਥਿਤ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕਰਨ ਤੋਂ ਇਲਾਵਾ ਲਾਹੌਰ ਵਿਖੇ ਹੋਣ ਵਾਲੇ ਸ਼ਹੀਦੀ ਸਮਾਗਮਾਂ ਵਿੱਚ ਹਾਜ਼ਰੀ ਭਰੇਗਾ ਅਤੇ 19 ਜੂਨ ਨੂੰ ਵਾਪਸ ਭਾਰਤ ਪਰਤੇਗਾ।
ਜ਼ਿਕਰਯੋਗ ਹੈ ਕਿ ਪਿਛਲੇ ਸਮੇਂ ਦੌਰਾਨ ਨਾਨਕਸ਼ਾਹੀ ਕੈਲੰਡਰ ਦੀਆਂ ਤਰੀਕਾਂ ਸਬੰਧੀ ਪੈਦਾ ਹੋਏ ਵਿਵਾਦ ਕਾਰਨ ਸੰਗਤ ਸ਼ਹੀਦੀ ਸਮਾਗਮਾਂ ਵਿੱਚ ਸ਼ਮੂਲੀਅਤ ਕਰਨ ਤੋਂ ਵਾਂਝੀ ਰਹਿ ਗਈ ਸੀ। ਹਾਲਾਂਕਿ ਇਸ ਵਾਰ ਯਾਤਰਾ ਨੂੰ ਲੈ ਕੇ ਤਿਆਰੀਆਂ ਪੂਰੇ ਜ਼ੋਰਾਂ ’ਤੇ ਹਨ, ਪਰ ਸਰਕਾਰ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਨਾ ਹੋਣ ਕਾਰਨ ਪ੍ਰਬੰਧਕਾਂ ਅਤੇ ਸ਼ਰਧਾਲੂਆਂ ਵਿੱਚ ਉਡੀਕ ਦਾ ਮਾਹੌਲ ਬਣਿਆ ਹੋਇਆ ਹੈ। ਜੱਥੇ ਦੇ ਪ੍ਰਬੰਧਕਾਂ ਨੂੰ ਉਮੀਦ ਹੈ ਕਿ ਸਰਕਾਰ ਵੱਲੋਂ ਜਲਦ ਹੀ ਮਨਜ਼ੂਰੀ ਮਿਲ ਜਾਵੇਗੀ ਤਾਂ ਜੋ ਸਿੱਖ ਸ਼ਰਧਾਲੂ ਬਿਨਾਂ ਕਿਸੇ ਰੁਕਾਵਟ ਦੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨ ਕਰ ਸਕਣ।
ਹਿੰਦੂਸਥਾਨ ਸਮਾਚਾਰ / GURSHARAN SINGH