
ਚੰਡੀਗੜ੍ਹ, 02 ਮਈ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਕਿਫਾਇਤੀ ਅਤੇ ਸੁਗਮ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਚਲਾਈ ਜਾ ਰਹੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਅਹਿਮ ਪ੍ਰਗਤੀ ਦਰਜ ਕੀਤੀ ਗਈ ਹੈ। ਸਰਕਾਰ ਵੱਲੋਂ ਜਾਰੀ ਕੀਤੇ ਗਏ ਤਾਜ਼ਾ ਅੰਕੜਿਆਂ ਮੁਤਾਬਕ ਇਸ ਯੋਜਨਾ ਤਹਿਤ ਹੁਣ ਤੱਕ 465.36 ਕਰੋੜ ਰੁਪਏ ਤੋਂ ਵੱਧ ਦਾ ਇਲਾਜ ਕੀਤਾ ਜਾ ਚੁੱਕਾ ਹੈ, ਜਦਕਿ 42 ਲੱਖ ਤੋਂ ਵੱਧ ਸਿਹਤ ਕਾਰਡ ਜਾਰੀ ਹੋ ਚੁੱਕੇ ਹਨ। ਇਸਦੇ ਨਾਲ ਹੀ 2.77 ਲੱਖ ਤੋਂ ਵੱਧ ਲਾਭਪਾਤਰੀਆਂ ਨੂੰ ਇਲਾਜ ਦੀ ਸਹੂਲਤ ਮਿਲ ਚੁੱਕੀ ਹੈ।
ਸਰਕਾਰ ਨੇ ਇਸ ਪ੍ਰਾਪਤੀ ਨੂੰ ਲੋਕਾਂ ਦੇ ਭਰੋਸੇ ਦੀ ਨਿਸ਼ਾਨੀ ਦੱਸਦਿਆਂ ਕਿਹਾ ਹੈ ਕਿ ਵੱਡੀ ਗਿਣਤੀ ਵਿੱਚ ਪਰਿਵਾਰ ਇਸ ਯੋਜਨਾ ਦਾ ਲਾਭ ਲੈ ਰਹੇ ਹਨ। ਹਾਲਾਂਕਿ, ਸਰਕਾਰ ਨੇ ਉਹਨਾਂ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਜਿਨ੍ਹਾਂ ਨੇ ਅਜੇ ਤੱਕ ਰਜਿਸਟ੍ਰੇਸ਼ਨ ਨਹੀਂ ਕਰਵਾਈ ਕਿ ਉਹ ਦੇਰੀ ਨਾ ਕਰਨ। ਮੈਡੀਕਲ ਐਮਰਜੈਂਸੀ ਕਿਸੇ ਵੀ ਵੇਲੇ ਆ ਸਕਦੀ ਹੈ ਅਤੇ ਪਹਿਲਾਂ ਤੋਂ ਰਜਿਸਟ੍ਰੇਸ਼ਨ ਕਰਵਾਉਣ ਨਾਲ ਪਰਿਵਾਰਾਂ ਨੂੰ ਆਰਥਿਕ ਬੋਝ ਤੋਂ ਬਚਾਇਆ ਜਾ ਸਕਦਾ ਹੈ।
ਸਿਹਤ ਅਤੇ ਪਰਿਵਾਰ ਕਲਿਆਣ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਹ ਯੋਜਨਾ ਸੂਬੇ ਦੇ ਹਰ ਨਾਗਰਿਕ ਲਈ ਸਿਹਤ ਸੇਵਾਵਾਂ ਨੂੰ ਸਸਤਾ ਅਤੇ ਆਸਾਨ ਬਣਾ ਰਹੀ ਹੈ। ਉਨ੍ਹਾਂ ਦੱਸਿਆ ਕਿ ਲੱਖਾਂ ਲੋਕਾਂ ਵੱਲੋਂ ਕੀਤੀ ਗਈ ਰਜਿਸਟ੍ਰੇਸ਼ਨ ਅਤੇ ਵੱਡੇ ਪੱਧਰ ‘ਤੇ ਕੀਤੇ ਇਲਾਜ ਇਸ ਗੱਲ ਦਾ ਸਪਸ਼ਟ ਸਬੂਤ ਹਨ ਕਿ ਯੋਜਨਾ ਪ੍ਰਤੀ ਲੋਕਾਂ ਦਾ ਭਰੋਸਾ ਵਧ ਰਿਹਾ ਹੈ। ਇਸ ਯੋਜਨਾ ਦੀ ਖਾਸ ਗੱਲ ਇਹ ਹੈ ਕਿ ਇਹ ਪੂਰੀ ਤਰ੍ਹਾਂ ਸਮਾਵੇਸ਼ੀ ਹੈ। ਇਸ ਵਿੱਚ ਉਮਰ, ਲਿੰਗ ਜਾਂ ਆਮਦਨ ਦੇ ਆਧਾਰ ‘ਤੇ ਕੋਈ ਪਾਬੰਦੀ ਨਹੀਂ ਹੈ, ਜਿਸ ਕਾਰਨ ਇਹ ਹਰ ਵਰਗ ਲਈ ਲਾਭਕਾਰੀ ਸਾਬਤ ਹੋ ਰਹੀ ਹੈ। ਯੋਜਨਾ ਤਹਿਤ ਹਰ ਪਰਿਵਾਰ ਨੂੰ ਪ੍ਰਤੀ ਵਰ੍ਹੇ 10 ਲੱਖ ਰੁਪਏ ਤੱਕ ਦਾ ਨਕਦ-ਰਹਿਤ ਇਲਾਜ ਉਪਲਬਧ ਹੈ, ਜਿਸ ਵਿੱਚ ਵੱਡੀਆਂ ਸਰਜਰੀਆਂ ਅਤੇ ਗੰਭੀਰ ਬੀਮਾਰੀਆਂ ਵੀ ਸ਼ਾਮਲ ਹਨ।
ਲੋਕਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਉਣ ਲਈ ਸਰਕਾਰ ਵੱਲੋਂ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਵਿੱਚ ਰੋਜ਼ਾਨਾ ਰਜਿਸਟ੍ਰੇਸ਼ਨ ਕੈਂਪ ਲਗਾਏ ਜਾ ਰਹੇ ਹਨ। ਇਹ ਕੈਂਪ ਗੁਰਦੁਆਰਿਆਂ, ਪੰਚਾਇਤ ਘਰਾਂ ਅਤੇ ਕਮਿਊਨਿਟੀ ਕੇਂਦਰਾਂ ਵਿੱਚ ਲਗਦੇ ਹਨ, ਜਿੱਥੇ ਸਿਖਲਾਈ ਪ੍ਰਾਪਤ ਕਰਮਚਾਰੀ ਮੌਕੇ ‘ਤੇ ਹੀ ਦਸਤਾਵੇਜ਼ਾਂ ਦੀ ਜਾਂਚ ਕਰਕੇ ਰਜਿਸਟ੍ਰੇਸ਼ਨ ਪੂਰੀ ਕਰਵਾਉਂਦੇ ਹਨ।
ਸਰਕਾਰ ਨੇ ਕੁਝ ਗਲਤਫਹਿਮੀਆਂ ਨੂੰ ਵੀ ਦੂਰ ਕਰਦਿਆਂ ਕਿਹਾ ਹੈ ਕਿ ਇਹ ਯੋਜਨਾ ਸਿਰਫ਼ ਗਰੀਬਾਂ ਲਈ ਨਹੀਂ, ਸਗੋਂ ਪੰਜਾਬ ਦੇ ਹਰ ਨਿਵਾਸੀ ਲਈ ਹੈ। ਰਜਿਸਟ੍ਰੇਸ਼ਨ ਪ੍ਰਕਿਰਿਆ ਬਹੁਤ ਆਸਾਨ ਹੈ ਅਤੇ ਆਧਾਰ ਕਾਰਡ ਅਤੇ ਵੋਟਰ ਕਾਰਡ ਵਰਗੇ ਦਸਤਾਵੇਜ਼ਾਂ ਨਾਲ ਕਿਸੇ ਵੀ ਕੈਂਪ ‘ਤੇ ਜਾ ਕੇ ਰਜਿਸਟ੍ਰੇਸ਼ਨ ਕਰਵਾਈ ਜਾ ਸਕਦੀ ਹੈ। ਪੰਜਾਬ ਸਰਕਾਰ ਨੇ ਸਾਰੇ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਯੋਜਨਾ ਨਾਲ ਜੁੜ ਕੇ ਆਪਣੀ ਅਤੇ ਆਪਣੇ ਪਰਿਵਾਰ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ।
ਹਿੰਦੂਸਥਾਨ ਸਮਾਚਾਰ / GURSHARAN SINGH