ਸਤਿਕਾਰ ਐਕਟ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਵੱਲੋਂ 31 ਮਈ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਵਿਸ਼ਾਲ ਪੰਥਕ ਕਾਨਫਰੰਸ
ਅੰਮ੍ਰਿਤਸਰ, 20 ਮਈ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਗਏ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ (ਸੋਧ) ਐਕਟ 2026’ ਵਿੱਚ ਦਰਜ ਕੁਝ ਮੱਦਾਂ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੱਡਾ ਕਦਮ ਚੁੱਕਦਿਆਂ 31 ਮਈ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਵਿਸ਼ਾਲ ਪੰਥਕ ਕਾਨਫਰੰਸ
ਜਾਣਕਾਰੀ ਦਿੰਦੇ ਹੋਏ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ।


ਅੰਮ੍ਰਿਤਸਰ, 20 ਮਈ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਗਏ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ (ਸੋਧ) ਐਕਟ 2026’ ਵਿੱਚ ਦਰਜ ਕੁਝ ਮੱਦਾਂ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੱਡਾ ਕਦਮ ਚੁੱਕਦਿਆਂ 31 ਮਈ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਵਿਸ਼ਾਲ ਪੰਥਕ ਕਾਨਫਰੰਸ ਸੱਦੀ ਹੈ।

ਇਸ ਦੀ ਜਾਣਕਾਰੀ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਅੰਮ੍ਰਿਤਸਰ ਵਿੱਚ ਮੀਡੀਆ ਨਾਲ ਗੱਲਬਾਤ ਦੌਰਾਨ ਦਿੱਤੀ। ਉਨ੍ਹਾਂ ਕਿਹਾ ਕਿ ਇਹ ਇਕੱਠ ਟਕਰਾਅ ਲਈ ਨਹੀਂ, ਸਗੋਂ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਅਤੇ ਇਤਰਾਜਾਂ ਦੀ ਤਰਜਮਾਨੀ ਲਈ ਹੈ।

ਧਾਮੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਪਹਿਲਾਂ ਵੀ ਵੱਖ-ਵੱਖ ਪੰਥਕ ਮੀਟਿੰਗਾਂ ਹੋ ਚੁੱਕੀਆਂ ਹਨ, ਜਿਨ੍ਹਾਂ ਵਿੱਚ ਇਹ ਮੰਗ ਉਠੀ ਸੀ ਕਿ ਇਸ ਮਸਲੇ ’ਤੇ ਸਮੂਹ ਸਿੱਖ ਜਥੇਬੰਦੀਆਂ ਦਾ ਵੱਡਾ ਇਕੱਠ ਬੁਲਾਇਆ ਜਾਵੇ। ਇਸੇ ਕਾਰਨ ਇਹ ਕਾਨਫਰੰਸ ਉਲੀਕੀ ਗਈ ਹੈ।

ਉਨ੍ਹਾਂ ਸਪਸ਼ਟ ਕੀਤਾ ਕਿ ਸਿੱਖ ਕੌਮ ਨਾਲ ਸਬੰਧਤ ਕਾਨੂੰਨਾਂ ਵਿੱਚ ਪਿਛਲੇ ਸਮੇਂ ਦੌਰਾਨ ਜੋ ਵੀ ਸੋਧਾਂ ਹੋਈਆਂ ਹਨ, ਉਹ ਸ਼੍ਰੋਮਣੀ ਕਮੇਟੀ ਵੱਲੋਂ ਮਤੇ ਪਾਸ ਕਰਕੇ ਹੀ ਭੇਜੀਆਂ ਗਈਆਂ ਸਨ। ਪਰ ਮੌਜੂਦਾ ਸੋਧ ਬਾਰੇ ਨਾ ਤਾਂ ਸ਼੍ਰੋਮਣੀ ਕਮੇਟੀ ਅਤੇ ਨਾ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਕੋਈ ਸਲਾਹ-ਮਸ਼ਵਰਾ ਕੀਤਾ ਗਿਆ।

ਧਾਮੀ ਨੇ ਦੋਸ਼ ਲਗਾਇਆ ਕਿ ਸੋਧੇ ਗਏ ਕਾਨੂੰਨ ਵਿੱਚ ਕੁਝ ਮੱਦਾਂ ਅਤੇ ਸ਼ਬਦਾਵਲੀ ਸਿੱਖ ਸਿਧਾਂਤਾਂ ਨਾਲ ਮੇਲ ਨਹੀਂ ਖਾਂਦੀਆਂ, ਜਿਸ ਕਾਰਨ ਸੰਗਤਾਂ ਵਿੱਚ ਰੋਸ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਧਾਰਮਿਕ ਮਾਮਲਿਆਂ ਵਿੱਚ ਅੜੀਅਲ ਰਵੱਈਆ ਨਹੀਂ ਅਪਣਾਉਣਾ ਚਾਹੀਦਾ।

ਉਨ੍ਹਾਂ ਸਮੂਹ ਸਿੱਖ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਨਿਰਮਲੇ, ਉਦਾਸੀ ਸੰਪਰਦਾਵਾਂ ਅਤੇ ਹੋਰ ਸਿੱਖ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਇਸ ਕਾਨਫਰੰਸ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਕਈ ਅਹੁਦੇਦਾਰ ਅਤੇ ਮੈਂਬਰ ਵੀ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande