
ਅੰਮ੍ਰਿਤਸਰ, 23 ਮਈ (ਹਿੰ.ਸ.)| ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਇੱਕ ਟਾਰਗੇਟ ਕਿਲਿੰਗ ਦੀ ਸਾਜ਼ਿਸ਼ ਨੂੰ ਨਾਕਾਮ ਬਣਾਇਆ ਹੈ। ਇਸ ਦੌਰਾਨ ਪੁਲਿਸ ਨੇ ਦੋ ਹਥਿਆਰਬੰਦ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ, ਜਿਨ੍ਹਾਂ ਵਿੱਚੋਂ ਇੱਕ ਪੁਲਿਸ ਮੁਕਾਬਲੇ ਦੌਰਾਨ ਜ਼ਖ਼ਮੀ ਹੋ ਗਿਆ।
ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਥਾਣਾ ਇਸਲਾਮਾਬਾਦ ਅਧੀਨ ਫਤਾਹਪੁਰ ਇਲਾਕੇ ਵਿੱਚ ਸਬ-ਇੰਸਪੈਕਟਰ ਰਾਕੇਸ਼ ਕੁਮਾਰ ਦੀ ਅਗਵਾਈ ਹੇਠ ਪੁਲਿਸ ਟੀਮ ਗਸ਼ਤ ਅਤੇ ਸਰਚ ਅਭਿਆਨ ’ਤੇ ਸੀ। ਇਸ ਦੌਰਾਨ ਮੋਟਰਸਾਈਕਲ ’ਤੇ ਆ ਰਹੇ ਦੋ ਸ਼ੱਕੀ ਵਿਅਕਤੀਆਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ, ਪਰ ਉਹ ਭੱਜਣ ਲੱਗ ਪਏ ਅਤੇ ਪੁਲਿਸ ਪਾਰਟੀ ’ਤੇ ਫਾਇਰਿੰਗ ਕਰ ਦਿੱਤੀ।
ਪੁਲਿਸ ਨੇ ਆਤਮ ਰੱਖਿਆ ਵਿੱਚ ਜਵਾਬੀ ਕਾਰਵਾਈ ਕੀਤੀ, ਜਿਸ ਦੌਰਾਨ ਇੱਕ ਮੁਲਜ਼ਮ ਦੇ ਪੈਰ ਵਿੱਚ ਗੋਲੀ ਲੱਗ ਗਈ ਅਤੇ ਉਸ ਦਾ ਹਥਿਆਰ ਮੌਕੇ ’ਤੇ ਹੀ ਡਿੱਗ ਪਿਆ। ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਦੋਵਾਂ ਨੂੰ ਕਾਬੂ ਕਰ ਲਿਆ। ਜ਼ਖ਼ਮੀ ਮੁਲਜ਼ਮ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।
ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਕੁਲਬੀਰ ਸਿੰਘ ਅਤੇ ਜਸ਼ਨਦੀਪ ਸਿੰਘ ਉਰਫ ਮਾਇਆ ਵਜੋਂ ਹੋਈ ਹੈ। ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਦੋਵੇਂ ਵਿਦੇਸ਼ ਵਿੱਚ ਬੈਠੇ ਗੈਂਗਸਟਰ ਅੰਕੁਸ਼ ਬਾਹਮਣ ਦੇ ਸੰਪਰਕ ਵਿੱਚ ਸਨ ਅਤੇ ਉਨ੍ਹਾਂ ਨੂੰ ਵਿਰੋਧੀ ਗੈਂਗ ਦੇ ਦੋ ਮੈਂਬਰਾਂ ਦੀ ਹੱਤਿਆ ਕਰਨ ਦੀ ਜ਼ਿੰਮੇਵਾਰੀ ਦਿੱਤੀ ਗਈ ਸੀ।
ਪੁਲਿਸ ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਦੋਵਾਂ ਦਾ ਅਪਰਾਧਿਕ ਰਿਕਾਰਡ ਹੈ। ਕੁਲਬੀਰ ਸਿੰਘ ਖ਼ਿਲਾਫ਼ ਐਨਡੀਪੀਐਸ ਐਕਟ ਅਤੇ ਚੋਰੀ ਦੇ ਚਾਰ ਮਾਮਲੇ ਦਰਜ ਹਨ, ਜਦਕਿ ਜਸ਼ਨਦੀਪ ਸਿੰਘ ਉਰਫ ਮਾਇਆ ਖ਼ਿਲਾਫ਼ ਆਰਮਜ਼ ਐਕਟ ਤਹਿਤ ਦੋ ਕੇਸ ਦਰਜ ਹਨ। ਇਸ ਮਾਮਲੇ ਸਬੰਧੀ ਥਾਣਾ ਇਸਲਾਮਾਬਾਦ ਵਿੱਚ ਕੇਸ ਦਰਜ ਕਰਕੇ ਅਗਲੀ ਜਾਂਚ ਜਾਰੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਸਮੇਂ ਸਿਰ ਕੀਤੀ ਕਾਰਵਾਈ ਨਾਲ ਇੱਕ ਵੱਡੀ ਅਪਰਾਧਿਕ ਵਾਰਦਾਤ ਨੂੰ ਟਾਲ ਦਿੱਤਾ ਗਿਆ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH