
ਚੰਡੀਗੜ੍ਹ, 23 ਮਈ (ਹਿੰ.ਸ.)| ਪੰਜਾਬ ਵਿੱਚ ਹੋਣ ਵਾਲੀਆਂ ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਨੂੰ ਸ਼ਾਂਤੀਪੂਰਨ ਅਤੇ ਨਿਰਪੱਖ ਢੰਗ ਨਾਲ ਕਰਵਾਉਣ ਲਈ ਮਾਨਸਾ ਪੁਲਿਸ ਵੱਲੋਂ ਵੱਡੇ ਪੱਧਰ ’ਤੇ ਫਲੈਗ ਮਾਰਚ ਕੱਢਿਆ ਗਿਆ। ਮਾਨਸਾ ਸ਼ਹਿਰ ਵਿੱਚ ਇਹ ਫਲੈਗ ਮਾਰਚ ਐਸਐਸਪੀ ਭਾਗੀਰਥ ਸਿੰਘ ਮੀਣਾ ਦੀ ਅਗਵਾਈ ਹੇਠ ਕੀਤਾ ਗਿਆ। ਐਸਐਸਪੀ ਭਾਗੀਰਥ ਸਿੰਘ ਮੀਣਾ ਨੇ ਦੱਸਿਆ ਕਿ ਚੋਣਾਂ ਦੌਰਾਨ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੈ। ਉਨ੍ਹਾਂ ਜਾਣਕਾਰੀ ਦਿੱਤੀ ਕਿ ਮਾਨਸਾ ਤੋਂ ਇਲਾਵਾ ਸਰਦੂਲਗੜ੍ਹ, ਬੁਢਲਾਡਾ, ਬਰੇਟਾ, ਭੀਖੀ ਅਤੇ ਜੋਗਾ ਖੇਤਰਾਂ ਵਿੱਚ ਵੀ ਫਲੈਗ ਮਾਰਚ ਕੀਤੇ ਗਏ ਹਨ।
ਮੀਡੀਆ ਨਾਲ ਗੱਲਬਾਤ ਕਰਦਿਆਂ ਐਸਐਸਪੀ ਨੇ ਕਿਹਾ ਕਿ ਜ਼ਿਲ੍ਹੇ ਦੇ ਸੰਵੇਦਨਸ਼ੀਲ ਅਤੇ ਅਤਿ ਸੰਵੇਦਨਸ਼ੀਲ ਬੂਥਾਂ ’ਤੇ ਖ਼ਾਸ ਨਿਗਰਾਨੀ ਰੱਖੀ ਜਾਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਕਿਸੇ ਵੀ ਵਿਅਕਤੀ ਨੂੰ ਕਾਨੂੰਨ ਆਪਣੇ ਹੱਥ ਵਿੱਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਚੋਣ ਪ੍ਰਕਿਰਿਆ ਵਿੱਚ ਰੁਕਾਵਟ ਪੈਦਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਹਰ ਬੂਥ ’ਤੇ ਪੁਲਿਸ ਦੀ ਕੜੀ ਨਿਗਰਾਨੀ ਰਹੇਗੀ ਅਤੇ ਸ਼ਹਿਰ ਵਿੱਚ ਪੀਸੀਆਰ ਟੀਮਾਂ ਲਗਾਤਾਰ ਗਸ਼ਤ ਕਰਦੀਆਂ ਰਹਿਣਗੀਆਂ ਤਾਂ ਜੋ ਵੋਟਿੰਗ ਦੌਰਾਨ ਅਮਨ-ਕਾਨੂੰਨ ਬਣਿਆ ਰਹੇ। ਪੁਲਿਸ ਪ੍ਰਸ਼ਾਸਨ ਨੇ ਦੁਹਰਾਇਆ ਕਿ ਜ਼ਿਲ੍ਹੇ ਵਿੱਚ ਸ਼ਾਂਤੀਪੂਰਨ ਮਤਦਾਨ ਯਕੀਨੀ ਬਣਾਉਣ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।
ਹਿੰਦੂਸਥਾਨ ਸਮਾਚਾਰ / GURSHARAN SINGH