
ਮੋਗਾ, 23 ਮਈ (ਹਿੰ.ਸ.)| ਮੋਗਾ ਪੁਲਿਸ ਨੇ ਨਸ਼ਾ ਵਿਰੋਧੀ ਮੁਹਿੰਮ ਤਹਿਤ ਵੱਡੀ ਸਫਲਤਾ ਹਾਸਲ ਕਰਦਿਆਂ ਵੱਖ-ਵੱਖ ਇਲਾਕਿਆਂ ਤੋਂ ਹੈਰੋਇਨ (ਚਿੱਟਾ) ਅਤੇ ਨਸ਼ੀਲੀਆਂ ਗੋਲੀਆਂ ਸਮੇਤ ਇੱਕ ਮਹਿਲਾ ਸਮੇਤ 13 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਡੀਐਸਪੀ ਸਿਟੀ ਜਤਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਦੀਆਂ ਵੱਖ-ਵੱਖ ਟੀਮਾਂ ਨੇ ਗਸ਼ਤ ਅਤੇ ਗੁਪਤ ਸੂਚਨਾਵਾਂ ਦੇ ਆਧਾਰ ’ਤੇ ਇਹ ਕਾਰਵਾਈ ਕੀਤੀ ਹੈ।
ਡੀਐਸਪੀ ਜਤਿੰਦਰ ਸਿੰਘ ਮੁਤਾਬਕ ਸਾਰੇ ਮੁਲਜ਼ਮਾਂ ਖ਼ਿਲਾਫ਼ ਸੰਬੰਧਿਤ ਥਾਣਿਆਂ ਵਿੱਚ ਐਨਡੀਪੀਐਸ ਐਕਟ ਤਹਿਤ ਮਾਮਲੇ ਦਰਜ ਕਰ ਲਏ ਗਏ ਹਨ। ਪੁਲਿਸ ਵੱਲੋਂ ਹੁਣ ਉਨ੍ਹਾਂ ਤੋਂ ਪੁੱਛਗਿੱਛ ਕਰਕੇ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਨਸ਼ਾ ਕਿੱਥੋਂ ਲਿਆਂਦਾ ਜਾਂਦਾ ਸੀ ਅਤੇ ਕਿਸ ਨੂੰ ਸਪਲਾਈ ਕੀਤਾ ਜਾਣਾ ਸੀ। ਥਾਣਾ ਸਦਰ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਗੁਰਤੇਜ ਸਿੰਘ ਉਰਫ ਰਮਨ ਵਾਸੀ ਘੱਲ ਕਲਾਂ ਨੂੰ 10 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ।
ਥਾਣਾ ਸਿਟੀ ਸਾਊਥ ਦੀ ਟੀਮ ਨੇ ਨਾਕਾਬੰਦੀ ਦੌਰਾਨ ਮਨਿੰਦਰ ਸਿੰਘ, ਸ਼ੀਤਲ ਕੁਮਾਰ ਅਤੇ ਬਲਦੇਵ ਸਿੰਘ ਉਰਫ ਬੱਲੂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 10 ਗ੍ਰਾਮ ਹੈਰੋਇਨ ਅਤੇ 38 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ।
ਥਾਣਾ ਮਹਿਣਾ ਦੀ ਪੁਲਿਸ ਨੇ ਜੋਰਾ ਸਿੰਘ ਅਤੇ ਜਸਵੰਤ ਸਿੰਘ ਉਰਫ ਅਜੇ ਨੂੰ 15 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ।
ਥਾਣਾ ਬਾਘਾ ਪੁਰਾਣਾ ਵਿੱਚ ਪੁਲਿਸ ਨੇ ਮਹਿਲਾ ਸੁਖਜੀਤ ਕੌਰ ਅਤੇ ਉਸ ਦੇ ਸਾਥੀ ਰਵੀ ਕੁਮਾਰ ਨੂੰ 20 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ।
ਥਾਣਾ ਬਧਨੀ ਕਲਾਂ ਦੀ ਪੁਲਿਸ ਨੇ ਜਗਤਾਰ ਸਿੰਘ ਉਰਫ ਤਾਰੀ, ਸੁਖਬੀਰ ਸਿੰਘ ਉਰਫ ਸੁੱਖੀ ਅਤੇ ਮਨਵੀਰ ਸਿੰਘ ਉਰਫ ਮੰਨਾ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਕੁੱਲ 50 ਗ੍ਰਾਮ ਹੈਰੋਇਨ ਬਰਾਮਦ ਕੀਤੀ।
ਇਸ ਤੋਂ ਇਲਾਵਾ ਪੁਲਿਸ ਚੌਕੀ ਲੋਪੋਂ ਦੀ ਟੀਮ ਨੇ ਦਲੀਪ ਸਿੰਘ ਨੂੰ 10 ਗ੍ਰਾਮ ਹੈਰੋਇਨ ਅਤੇ 25 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ।
ਪੁਲਿਸ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਨਸ਼ਾ ਤਸਕਰਾਂ ਖ਼ਿਲਾਫ਼ ਮੁਹਿੰਮ ਲਗਾਤਾਰ ਜਾਰੀ ਰਹੇਗੀ ਅਤੇ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਹਿੰਦੂਸਥਾਨ ਸਮਾਚਾਰ / GURSHARAN SINGH