
ਜਲੰਧਰ, 24 ਮਈ (ਹਿੰ.ਸ.)| ਜਲੰਧਰ ਦਿਹਾਤੀ ਪੁਲਿਸ ਦੇ ਸੀਆਈਏ ਸਟਾਫ ਨੇ ਸੁਨੀਲ ਨਾਟਾ ਫਿਰੋਜ਼ਪੁਰ ਅਤੇ ਡੋਨੀ ਬੱਲ ਗਿਰੋਹ ਨਾਲ ਜੁੜੇ ਇਕ ਮੁੱਖ ਮੈਂਬਰ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਮੁਲਜ਼ਮ ਕੋਲੋਂ 100 ਗ੍ਰਾਮ ਹੈਰੋਇਨ, .32 ਬੋਰ ਦੀਆਂ ਦੋ ਪਿਸਤੌਲਾਂ, ਦੋ ਜ਼ਿੰਦਾ ਕਾਰਤੂਸ ਅਤੇ ਇਕ ਕਾਲਾ ਸਾਈਡ ਬੈਗ ਬਰਾਮਦ ਕੀਤਾ ਹੈ।
ਐਸਐਸਪੀ ਹਰਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਇੰਸਪੈਕਟਰ ਪੁਸ਼ਪ ਬਾਲੀ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਸੁੱਚਾ ਸਿੰਘ ਉਰਫ਼ ਸੰਨੀ ਲਾਂਬੜਾ ਇਲਾਕੇ ਵਿੱਚ ਵੱਡੇ ਪੱਧਰ ’ਤੇ ਹੈਰੋਇਨ ਦੀ ਤਸਕਰੀ ਕਰ ਰਿਹਾ ਹੈ। ਇਸ ਸੂਚਨਾ ਦੇ ਆਧਾਰ ’ਤੇ ਐਸਆਈ ਕਸ਼ਮੀਰ ਸਿੰਘ ਦੀ ਅਗਵਾਈ ਹੇਠ ਸੀਆਈਏ ਸਟਾਫ ਦੀ ਟੀਮ ਨੇ ਇਲਾਕੇ ਵਿੱਚ ਗਸ਼ਤ ਸ਼ੁਰੂ ਕੀਤੀ।
ਗਸ਼ਤ ਦੌਰਾਨ ਜਦੋਂ ਪੁਲਿਸ ਟੀਮ ਪਿੰਡ ਰਾਮਪੁਰ ਲੱਲੀਆਂ ਦੇ ਅੱਡੇ ਨੇੜੇ ਪਹੁੰਚੀ ਤਾਂ ਸੜਕ ਕਿਨਾਰੇ ਖੜ੍ਹਾ ਇਕ ਨੌਜਵਾਨ ਪੁਲਿਸ ਗੱਡੀ ਦੇਖ ਕੇ ਘਬਰਾ ਗਿਆ ਅਤੇ ਨੇੜਲੇ ਖੋਖੇ ਵੱਲ ਜਾਣ ਲੱਗਾ। ਸ਼ੱਕ ਦੇ ਆਧਾਰ ’ਤੇ ਪੁਲਿਸ ਨੇ ਉਸ ਨੂੰ ਰੋਕ ਕੇ ਤਲਾਸ਼ੀ ਲਈ, ਜਿਸ ਦੌਰਾਨ ਉਸਦੇ ਬੈਗ ਵਿੱਚੋਂ 100 ਗ੍ਰਾਮ ਹੈਰੋਇਨ, ਦੋ ਪਿਸਤੌਲਾਂ ਅਤੇ ਦੋ ਕਾਰਤੂਸ ਬਰਾਮਦ ਹੋਏ।
ਪੁੱਛਗਿੱਛ ਦੌਰਾਨ ਮੁਲਜ਼ਮ ਦੀ ਪਛਾਣ ਸੁੱਚਾ ਸਿੰਘ ਉਰਫ਼ ਸੰਨੀ ਪੁੱਤਰ ਸੁਰਜੀਤ ਸਿੰਘ ਵਾਸੀ ਪਿੰਡ ਫਤਿਹਗੜ੍ਹ ਪੰਜਤੂਰ, ਜ਼ਿਲ੍ਹਾ ਮੋਗਾ ਵਜੋਂ ਹੋਈ ਹੈ।
ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਥਾਣਾ ਲਾਂਬੜਾ ਵਿੱਚ ਐਨਡੀਪੀਐਸ ਐਕਟ ਅਤੇ ਆਰਮਜ਼ ਐਕਟ ਤਹਿਤ ਐਫਆਈਆਰ ਦਰਜ ਕਰ ਲਈ ਹੈ। ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਪਹਿਲਾਂ ਵੀ ਕਤਲ, ਆਰਮਜ਼ ਐਕਟ ਅਤੇ ਨਸ਼ਾ ਤਸਕਰੀ ਦੇ ਕਈ ਮਾਮਲਿਆਂ ਵਿੱਚ ਸ਼ਾਮਲ ਰਹਿ ਚੁੱਕਾ ਹੈ। ਉਹ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਰਿਹਾ ਅਤੇ ਮਾਰਚ 2026 ਵਿੱਚ ਫਰੀਦਕੋਟ ਜੇਲ੍ਹ ਤੋਂ ਜ਼ਮਾਨਤ ’ਤੇ ਬਾਹਰ ਆਇਆ ਸੀ।
ਪੁੱਛਗਿੱਛ ਦੌਰਾਨ ਮੁਲਜ਼ਮ ਨੇ ਖੁਲਾਸਾ ਕੀਤਾ ਕਿ ਉਸਨੇ “ਅਭੀ” ਨਾਮਕ ਵਿਅਕਤੀ ਨਾਲ ਮਿਲ ਕੇ ਦੁਬਾਰਾ ਹੈਰੋਇਨ ਤਸਕਰੀ ਸ਼ੁਰੂ ਕੀਤੀ ਸੀ। ਉਸਦੇ ਮੁਤਾਬਕ ਬਰਾਮਦ ਹੈਰੋਇਨ ਅਤੇ ਹਥਿਆਰ ਵੀ “ਅਭੀ” ਨੇ ਹੀ ਮੁਹੱਈਆ ਕਰਵਾਏ ਸਨ। ਪੁਲਿਸ ਅਨੁਸਾਰ “ਅਭੀ” ਵਿਦੇਸ਼ ਵਿੱਚ ਬੈਠੇ ਗੈਂਗਸਟਰ ਡੋਨੀ ਬੱਲ ਦੇ ਸੰਪਰਕ ਵਿੱਚ ਹੈ ਅਤੇ ਇਸ ਵੇਲੇ ਜ਼ਮਾਨਤ ’ਤੇ ਬਾਹਰ ਆ ਕੇ ਲੁਕਿਆ ਹੋਇਆ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH