
ਮੋਗਾ, 25 ਮਈ (ਹਿੰ.ਸ.)| ਮੋਗਾ ਪੁਲਿਸ ਨੇ ਜ਼ਿਲ੍ਹੇ ਵਿੱਚ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਤਹਿਤ ਵੱਡੀ ਕਾਰਵਾਈ ਕਰਦਿਆਂ ਹੈਰੋਇਨ, ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲਾਂ ਸਮੇਤ 6 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਸਾਰੇ ਮੁਲਜ਼ਮਾਂ ਖ਼ਿਲਾਫ਼ ਵੱਖ-ਵੱਖ ਥਾਣਿਆਂ ਵਿੱਚ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਥਾਣਾ ਸਿਟੀ ਮੋਗਾ ਦੇ ਇੰਸਪੈਕਟਰ ਵਰੁਣ ਕੁਮਾਰ ਨੇ ਦੱਸਿਆ ਕਿ ਫੋਕਲ ਪੁਆਇੰਟ ਚੌਕੀ ਇੰਚਾਰਜ ਮੁਹਕਮ ਸਿੰਘ ਦੀ ਅਗਵਾਈ ਹੇਠ ਏਐਸਆਈ ਨਿਰਮਲ ਸਿੰਘ ਦੀ ਟੀਮ ਨੇ ਕਾਰਵਾਈ ਕਰਦਿਆਂ ਐਫਸੀਆਈ ਰੋਡ ਮੋਗਾ ਤੋਂ ਕੁਲਵੰਤ ਸਿੰਘ ਉਰਫ਼ ਕਾਂਤਾ ਨੂੰ 10 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ।
ਇਸੇ ਤਰ੍ਹਾਂ ਹਵਾਲਦਾਰ ਸੁਰਿੰਦਰਪਾਲ ਸਿੰਘ ਨੇ ਗਸ਼ਤ ਦੌਰਾਨ ਸਾਧਾਂਵਾਲੀ ਬਸਤੀ ਦੇ ਰਹਿਣ ਵਾਲੇ ਰਾਜਵੀਰ ਸਿੰਘ ਨੂੰ 20 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ। ਥਾਣਾ ਬਾਘਾ ਪੁਰਾਣਾ ਦੀ ਪੁਲਿਸ ਨੇ ਪਿੰਡ ਲੰਘੇਆਣਾ ਦੇ ਕੁਲਵੰਤ ਸਿੰਘ ਉਰਫ਼ ਕਾਲਾ ਨੂੰ 50 ਨਸ਼ੀਲੀਆਂ ਗੋਲੀਆਂ ਅਤੇ 300 ਪ੍ਰੇਗਾਬੇਲਿਨ ਕੈਪਸੂਲਾਂ ਸਮੇਤ ਗ੍ਰਿਫ਼ਤਾਰ ਕੀਤਾ। ਥਾਣਾ ਧਰਮਕੋਟ ਪੁਲਿਸ ਨੇ ਪਿੰਡ ਠੂਠਗੜ੍ਹ ਦੇ ਗੁਰਜੰਟ ਸਿੰਘ ਉਰਫ਼ ਜੰਟਾ ਨੂੰ 50 ਨਸ਼ੀਲੀਆਂ ਗੋਲੀਆਂ ਨਾਲ ਦਬੋਚਿਆ। ਇਸ ਤੋਂ ਇਲਾਵਾ ਥਾਣਾ ਫਤਿਹਗੜ੍ਹ ਪੰਜਤੂਰ ਨੇ ਆਕਾਸ਼ਦੀਪ ਸਿੰਘ ਉਰਫ਼ ਆਕਾਸ਼ ਨੂੰ 10 ਗ੍ਰਾਮ ਹੈਰੋਇਨ ਸਮੇਤ ਅਤੇ ਥਾਣਾ ਨਿਹਾਲ ਸਿੰਘ ਵਾਲਾ ਪੁਲਿਸ ਨੇ ਹਰਨੇਕ ਸਿੰਘ ਉਰਫ਼ ਨਿੱਕੀ ਨੂੰ 20 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਕਿਹਾ ਹੈ ਕਿ ਸਾਰੇ ਮਾਮਲਿਆਂ ਦੀ ਗਹਿਰਾਈ ਨਾਲ ਜਾਂਚ ਜਾਰੀ ਹੈ ਅਤੇ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH