
ਚੰਡੀਗੜ੍ਹ, 25 ਮਈ (ਹਿੰ.ਸ.)| ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਨੂੰ ਲੈ ਕੇ ਕੇਂਦਰ ਸਰਕਾਰ ‘ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇੰਧਨ ਦੀਆਂ ਵਧਦੀਆਂ ਕੀਮਤਾਂ ਆਮ ਭਾਰਤੀ ਪਰਿਵਾਰਾਂ ਲਈ ਅਸਹਿਣਸ਼ੀਲ ਬੋਝ ਬਣ ਚੁੱਕੀਆਂ ਹਨ ਅਤੇ ਇਹ ਹਾਲਾਤ “ਮੈਕਰੋ-ਇਕਨਾਮਿਕ ਡਿਸਕਨੈਕਟ” ਨੂੰ ਦਰਸਾਉਂਦੇ ਹਨ।
ਸਿੰਗਲਾ ਨੇ ਕਿਹਾ ਕਿ ਡੀਜ਼ਲ ਦੀ ਕੀਮਤ ਵਿੱਚ ਵਾਧਾ ਸਿੱਧੇ ਤੌਰ ‘ਤੇ ਟਰਾਂਸਪੋਰਟ, ਖੇਤੀਬਾੜੀ ਅਤੇ ਰੋਜ਼ਾਨਾ ਜ਼ਰੂਰੀ ਵਸਤੂਆਂ ਦੀਆਂ ਕੀਮਤਾਂ ਨੂੰ ਪ੍ਰਭਾਵਿਤ ਕਰਦਾ ਹੈ, ਜਿਸ ਨਾਲ ਮਹਿੰਗਾਈ ਦਾ ਦਬਾਅ ਹੋਰ ਵੱਧ ਜਾਂਦਾ ਹੈ। ਉਨ੍ਹਾਂ ਅਨੁਸਾਰ ਇਸ ਦਾ ਸਭ ਤੋਂ ਵੱਧ ਅਸਰ ਮੱਧ ਵਰਗ, ਮਜ਼ਦੂਰਾਂ ਅਤੇ ਕਿਸਾਨਾਂ ‘ਤੇ ਪੈ ਰਿਹਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਵਿਸ਼ਵ ਪੱਧਰ ‘ਤੇ ਕੱਚੇ ਤੇਲ ਦੀਆਂ ਕੀਮਤਾਂ ਘੱਟ ਹੋਣ ਦੇ ਬਾਵਜੂਦ ਭਾਰਤ ਵਿੱਚ ਪੈਟਰੋਲ-ਡੀਜ਼ਲ ਮਹਿੰਗੇ ਮਿਲ ਰਹੇ ਹਨ, ਕਿਉਂਕਿ ਸਰਕਾਰ ਵੱਲੋਂ ਐਕਸਾਈਜ਼ ਡਿਊਟੀ ਅਤੇ ਟੈਕਸਾਂ ਵਿੱਚ ਵਾਧਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਨੀਤੀਆਂ ਆਮ ਲੋਕਾਂ ਦੇ ਹਿੱਤਾਂ ਦੇ ਵਿਰੁੱਧ ਹਨ।
ਸਿੰਗਲਾ ਨੇ ਕਿਹਾ ਕਿ ਤੇਲ ਦੀਆਂ ਕੀਮਤਾਂ ਵਿੱਚ ਹਰ ਵਾਧਾ ਸਿਰਫ਼ ਵਾਹਨ ਚਾਲਕਾਂ ਨੂੰ ਨਹੀਂ, ਸਗੋਂ ਪੂਰੇ ਆਰਥਿਕ ਢਾਂਚੇ ਨੂੰ ਪ੍ਰਭਾਵਿਤ ਕਰਦਾ ਹੈ, ਜਿਸ ਨਾਲ ਸਬਜ਼ੀਆਂ, ਦੁੱਧ, ਦਵਾਈਆਂ ਅਤੇ ਹੋਰ ਜ਼ਰੂਰੀ ਚੀਜ਼ਾਂ ਮਹਿੰਗੀਆਂ ਹੋ ਜਾਂਦੀਆਂ ਹਨ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਜਦੋਂ ਜਨਤਾ ਰਾਹਤ ਦੀ ਉਮੀਦ ਕਰਦੀ ਹੈ, ਉਸ ਵੇਲੇ ਵਾਧੂ ਟੈਕਸਾਂ ਰਾਹੀਂ ਬੋਝ ਪਾਇਆ ਜਾ ਰਿਹਾ ਹੈ। ਉਨ੍ਹਾਂ ਨੇ ਮੰਗ ਕੀਤੀ ਕਿ ਸਰਕਾਰ ਤੁਰੰਤ ਲੋਕਾਂ ਨੂੰ ਰਾਹਤ ਦੇਵੇ ਅਤੇ ਮਹਿੰਗਾਈ ‘ਤੇ ਕੰਟਰੋਲ ਲਈ ਠੋਸ ਕਦਮ ਚੁੱਕੇ।
ਹਿੰਦੂਸਥਾਨ ਸਮਾਚਾਰ / GURSHARAN SINGH