
ਚੰਡੀਗੜ੍ਹ, 26 ਮਈ (ਹਿੰ.ਸ.)| ਪ੍ਰਸਿੱਧ ਗਾਇਕ ਹਨੀ ਸਿੰਘ ਨੇ ਮੰਗਲਵਾਰ ਨੂੰ ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨਾਲ ਦਿੱਲੀ ਵਿੱਚ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਚੱਲ ਰਹੀ ਮੁਹਿੰਮ ਨਾਲ ਜੁੜਨ ਦਾ ਐਲਾਨ ਕੀਤਾ। ਮੀਟਿੰਗ ਦੌਰਾਨ ਪੰਜਾਬ ਵਿੱਚ ਵੱਧ ਰਹੇ ਨਸ਼ੇ, ਖ਼ਾਸ ਕਰਕੇ ‘ਚਿੱਟੇ’ ਦੇ ਖ਼ਤਰੇ ਅਤੇ ਨੌਜਵਾਨਾਂ ਨੂੰ ਇਸ ਤੋਂ ਬਚਾਉਣ ਲਈ ਕੀਤੇ ਜਾਣ ਵਾਲੇ ਉਪਰਾਲਿਆਂ ’ਤੇ ਵਿਸਥਾਰ ਨਾਲ ਚਰਚਾ ਹੋਈ। ਤਰੁਣ ਚੁੱਘ ਨੇ ਕਿਹਾ ਕਿ ਪੰਜਾਬ ਗੁਰੂਆਂ, ਪੀਰਾਂ-ਫਕੀਰਾਂ ਅਤੇ ਪੰਜ ਦਰਿਆਵਾਂ ਦੀ ਪਵਿੱਤਰ ਧਰਤੀ ਹੈ, ਪਰ ਅੱਜ ਨਸ਼ੇ ਦਾ ਜ਼ਹਿਰ ਹਜ਼ਾਰਾਂ ਪਰਿਵਾਰਾਂ ਅਤੇ ਨੌਜਵਾਨਾਂ ਦੀ ਜ਼ਿੰਦਗੀ ਬਰਬਾਦ ਕਰ ਰਿਹਾ ਹੈ। ਉਨ੍ਹਾਂ ‘ਚਿੱਟੇ’ ਦੇ ਫੈਲਾਅ ਨੂੰ ਸੁਨਾਮੀ ਵਰਗੀ ਸਥਿਤੀ ਕਰਾਰ ਦਿੰਦਿਆਂ ਕਿਹਾ ਕਿ ਇਸ ਨੂੰ ਰੋਕਣ ਲਈ ਸਮਾਜ ਦੇ ਹਰ ਵਰਗ ਨੂੰ ਅੱਗੇ ਆਉਣਾ ਪਵੇਗਾ।
ਤਰੁਣ ਚੁੱਘ ਨੇ ਹਨੀ ਸਿੰਘ ਨੂੰ ਅਪੀਲ ਕੀਤੀ ਕਿ ਉਹ ਆਪਣੀ ਆਵਾਜ਼ ਅਤੇ ਪ੍ਰਭਾਵ ਰਾਹੀਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨ। ਉਨ੍ਹਾਂ ਕਿਹਾ ਕਿ ਹਨੀ ਸਿੰਘ ਦੀ ਜ਼ਿੰਦਗੀ ਇੱਕ ਉਦਾਹਰਨ ਹੈ, ਜਿਨ੍ਹਾਂ ਨੇ ਮੁਸ਼ਕਲ ਦੌਰ ਤੋਂ ਬਾਹਰ ਆ ਕੇ ਦੁਨੀਆ ਭਰ ਵਿੱਚ ਆਪਣੀ ਵੱਖਰੀ ਪਹਿਚਾਣ ਬਣਾਈ ਅਤੇ ਮਜ਼ਬੂਤ ਵਾਪਸੀ ਕੀਤੀ। ਚੁੱਘ ਨੇ ਕਿਹਾ ਕਿ ਜੇਕਰ ਯੋ ਯੋ ਹਨੀ ਸਿੰਘ ਉਸ ਮਾੜੇ ਦੌਰ ਤੋਂ ਬਾਹਰ ਨਿਕਲ ਸਕਦੇ ਹਨ ਤਾਂ ਪੰਜਾਬ ਦਾ ਹਰ ਨੌਜਵਾਨ ਵੀ ਨਸ਼ਿਆਂ ਦੀ ਗ੍ਰਿਫ਼ਤ ਤੋਂ ਬਾਹਰ ਆ ਸਕਦਾ ਹੈ। ਉਨ੍ਹਾਂ ਨੌਜਵਾਨਾਂ ਨੂੰ ਚਿੱਟੇ, ਸਮੈਕ ਅਤੇ ਨਸ਼ੇ ਵਾਲੇ ਟੀਕਿਆਂ ਵਰਗੀਆਂ ਬੁਰੀਆਂ ਆਦਤਾਂ ਤੋਂ ਦੂਰ ਰਹਿਣ ਅਤੇ ਸਿਹਤਮੰਦ ਜੀਵਨ ਅਪਣਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਅਸਲੀ ਪਹਿਚਾਣ ਦੁੱਧ, ਦਹੀਂ, ਲੱਸੀ, ਘਿਉ ਅਤੇ ਮਿਹਨਤੀ ਨੌਜਵਾਨ ਹਨ, ਨਾ ਕਿ ਨਸ਼ਾ।
ਹਿੰਦੂਸਥਾਨ ਸਮਾਚਾਰ / GURSHARAN SINGH