
ਚੰਡੀਗੜ੍ਹ, 27 ਮਈ (ਹਿੰ.ਸ.)| ਮਹਿੰਦਰ ਚੌਧਰੀ ਜ਼ੂਆਲੋਜੀਕਲ ਪਾਰਕ, ਛੱਤਬੀੜ ਵਿਖੇ ਸੈਲਾਨੀਆਂ ਦੀ ਆਮਦ ਵਿੱਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਜੰਗਲੀ ਜੀਵ ਸੰਭਾਲ ਅਤੇ ਲੋਕ ਜਾਗਰੂਕਤਾ ਲਈ ਕੀਤੇ ਜਾ ਰਹੇ ਯਤਨਾਂ ਦੇ ਨਤੀਜੇ ਵਜੋਂ ਮੌਜੂਦਾ ਸਾਲ ਦੇ ਪਹਿਲੇ ਪੰਜ ਮਹੀਨਿਆਂ ਦੌਰਾਨ 2,31,930 ਸੈਲਾਨੀਆਂ ਨੇ ਛੱਤਬੀੜ ਚਿੜੀਆਘਰ ਦਾ ਦੌਰਾ ਕੀਤਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਜੰਗਲਾਤ ਅਤੇ ਜੰਗਲੀ ਜੀਵ ਸੰਭਾਲ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਸਰਕਾਰ ਜੰਗਲੀ ਜੀਵਾਂ ਦੀ ਸੰਭਾਲ ਅਤੇ ਲੋਕਾਂ ਵਿੱਚ ਜਾਗਰੂਕਤਾ ਫੈਲਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਮਿਲ ਰਿਹਾ ਹੁੰਗਾਰਾ ਬਹੁਤ ਹੀ ਉਤਸ਼ਾਹਜਨਕ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਜਨਵਰੀ ਮਹੀਨੇ ਵਿੱਚ 48,719, ਫਰਵਰੀ ਵਿੱਚ 54,216, ਮਾਰਚ ਵਿੱਚ 66,377, ਅਪ੍ਰੈਲ ਵਿੱਚ 40,168 ਅਤੇ ਮਈ ਮਹੀਨੇ ਵਿੱਚ 22,450 ਸੈਲਾਨੀਆਂ ਨੇ ਚਿੜੀਆਘਰ ਦਾ ਦੌਰਾ ਕੀਤਾ। ਉਨ੍ਹਾਂ ਕਿਹਾ ਕਿ ਸੈਲਾਨੀਆਂ ਨੇ ਇੱਥੇ ਸੁਚੱਜੇ ਢੰਗ ਨਾਲ ਸੰਭਾਲੇ ਗਏ ਮਾਹੌਲ ਵਿੱਚ ਪੰਛੀਆਂ ਅਤੇ ਜਾਨਵਰਾਂ ਦੀਆਂ ਵੱਖ-ਵੱਖ ਪ੍ਰਜਾਤੀਆਂ ਨੂੰ ਦੇਖ ਕੇ ਖਾਸ ਦਿਲਚਸਪੀ ਦਿਖਾਈ।
ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਛੱਤਬੀੜ ਚਿੜੀਆਘਰ ਵਿੱਚ ਜੰਗਲੀ ਜੀਵ ਸੰਭਾਲ ਨਾਲ ਜੁੜੀਆਂ ਕਈ ਮਹੱਤਵਪੂਰਨ ਪਹਿਲਕਦਮੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਦੇਸ਼ ਦਾ ਸਭ ਤੋਂ ਵੱਡਾ ਅਤੇ ਸਭ ਤੋਂ ਲੰਬਾ ਵਾਕ-ਇਨ ਐਵੀਅਰੀ (ਪੰਛੀਘਰ) ਸੈਲਾਨੀਆਂ ਲਈ ਖਾਸ ਆਕਰਸ਼ਣ ਦਾ ਕੇਂਦਰ ਬਣਿਆ ਹੋਇਆ ਹੈ। ਇਸ ਤੋਂ ਇਲਾਵਾ ਸੈਲਾਨੀਆਂ ਦੇ ਵਿਦਿਅਕ ਅਤੇ ਮਨੋਰੰਜਨ ਅਨੁਭਵ ਨੂੰ ਹੋਰ ਬਿਹਤਰ ਬਣਾਉਣ ਲਈ ਅਤਿ-ਆਧੁਨਿਕ ਡਾਇਨਾਸੌਰ ਪਾਰਕ ਵੀ ਸਥਾਪਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਭਵਿੱਖ ਵਿੱਚ ਵੀ ਜੰਗਲੀ ਜੀਵਾਂ ਦੀ ਸੰਭਾਲ ਅਤੇ ਪ੍ਰਕਿਰਤੀ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਅਜਿਹੀਆਂ ਪਹਿਲਾਂ ਜਾਰੀ ਰੱਖੇਗੀ।
ਹਿੰਦੂਸਥਾਨ ਸਮਾਚਾਰ / GURSHARAN SINGH