ਪੰਜਾਬੀਆਂ ਨੇ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਦਾ 'ਸਫ਼ਾਇਆ' ਕੀਤਾ: ਭਗਵੰਤ ਮਾਨ
ਸੂਬੇ ਭਰ ਵਿੱਚ ਆਮ ਆਦਮੀ ਪਾਰਟੀ ਨੂੰ ਮਿਲਿਆ ਵੱਡਾ ਸਮਰਥਨ : ਮੁੱਖ ਮੰਤਰੀ ਮਾਨ ਚੰਡੀਗੜ੍ਹ, 29 ਮਈ (ਹਿੰ.ਸ.)| ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ਨੂੰ ਪੰਜਾਬ ਸਰਕਾਰ ਦੇ ਵਿਕਾਸ-ਕੇਂਦਰਿਤ ਸ਼ਾਸਨ ਮਾਡ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ।


ਸੂਬੇ ਭਰ ਵਿੱਚ ਆਮ ਆਦਮੀ ਪਾਰਟੀ ਨੂੰ ਮਿਲਿਆ ਵੱਡਾ ਸਮਰਥਨ : ਮੁੱਖ ਮੰਤਰੀ ਮਾਨ

ਚੰਡੀਗੜ੍ਹ, 29 ਮਈ (ਹਿੰ.ਸ.)| ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ਨੂੰ ਪੰਜਾਬ ਸਰਕਾਰ ਦੇ ਵਿਕਾਸ-ਕੇਂਦਰਿਤ ਸ਼ਾਸਨ ਮਾਡਲ ‘ਤੇ ਲੋਕਾਂ ਦੀ ਮੋਹਰ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੀ ਨਫ਼ਰਤ ਅਤੇ ਵੰਡ ਪਾਉਣ ਵਾਲੀ ਰਾਜਨੀਤੀ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ।

ਚੰਡੀਗੜ੍ਹ ਵਿੱਚ ਸ਼ੁੱਕਰਵਾਰ ਨੂੰ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੇ ਮੁਫ਼ਤ ਬਿਜਲੀ, ਮਿਆਰੀ ਸਿੱਖਿਆ, ਮੁਫ਼ਤ ਅਤੇ ਬਿਹਤਰ ਸਿਹਤ ਸਹੂਲਤਾਂ, ਰੁਜ਼ਗਾਰ ਦੇ ਮੌਕੇ ਅਤੇ ਹੋਰ ਲੋਕ-ਭਲਾਈ ਸਕੀਮਾਂ ‘ਤੇ ਵਿਸ਼ਵਾਸ ਜਤਾਉਂਦੇ ਹੋਏ ‘ਆਪ’ ਦੇ ਹੱਕ ਵਿੱਚ ਫ਼ੈਸਲਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ ਪਾਰਟੀ ਨੂੰ ਮਿਲਿਆ ਵੱਡਾ ਸਮਰਥਨ ਦਰਸਾਉਂਦਾ ਹੈ ਕਿ ਲੋਕ ਕਾਰਗੁਜ਼ਾਰੀ ਦੀ ਰਾਜਨੀਤੀ ਦੇ ਨਾਲ ਖੜ੍ਹੇ ਹਨ।

ਮੁੱਖ ਮੰਤਰੀ ਨੇ ਦੱਸਿਆ ਕਿ ਧੂਰੀ ਵਿਧਾਨ ਸਭਾ ਹਲਕੇ ਵਿੱਚ ‘ਆਪ’ ਨੇ 21 ਵਿੱਚੋਂ 19 ਸੀਟਾਂ ਜਿੱਤੀਆਂ, ਜਦਕਿ ਗਿੱਦੜਬਾਹਾ ਵਿੱਚ 19 ਵਿੱਚੋਂ 17 ਅਤੇ ਬਰਨਾਲਾ ਵਿੱਚ 50 ਵਿੱਚੋਂ 37 ਸੀਟਾਂ ‘ਤੇ ਕਬਜ਼ਾ ਕੀਤਾ। ਉਨ੍ਹਾਂ ਕਿਹਾ ਕਿ ਦੁਆਬਾ, ਮਾਝਾ ਅਤੇ ਮਾਲਵਾ ਤਿੰਨਾਂ ਖੇਤਰਾਂ ਵਿੱਚ ਪਾਰਟੀ ਨੂੰ ਭਰਵਾਂ ਸਮਰਥਨ ਮਿਲਿਆ ਹੈ।

ਭਗਵੰਤ ਮਾਨ ਨੇ ਕਿਹਾ ਕਿ ਭਾਜਪਾ, ਜਿਸ ਨੂੰ ਉਨ੍ਹਾਂ “ਈ.ਡੀ. ਪਾਰਟੀ” ਕਿਹਾ, ਇਨ੍ਹਾਂ ਚੋਣਾਂ ਵਿੱਚ ਪੰਜਵੇਂ ਸਥਾਨ ‘ਤੇ ਰਹੀ ਅਤੇ ਕਈ ਥਾਵਾਂ ‘ਤੇ ਆਪਣੀ ਜ਼ਮਾਨਤ ਤੱਕ ਨਹੀਂ ਬਚਾ ਸਕੀ। ਉਨ੍ਹਾਂ ਤੰਜ਼ ਕਰਦਿਆਂ ਕਿਹਾ ਕਿ ਕੁਝ ਥਾਵਾਂ ‘ਤੇ ਤਾਂ ਆਜ਼ਾਦ ਉਮੀਦਵਾਰਾਂ ਨੇ ਵੀ ਭਾਜਪਾ ਨਾਲੋਂ ਵੱਧ ਸੀਟਾਂ ਜਿੱਤੀਆਂ ਹਨ।

ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਪਿਛਲੇ ਚਾਰ ਸਾਲਾਂ ਦੌਰਾਨ ਹੋਈਆਂ ਹਰ ਚੋਣ ਵਿੱਚ ਲੋਕਾਂ ਨੇ ‘ਆਪ’ ਨੂੰ ਸਮਰਥਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਚਾਇਤ ਚੋਣਾਂ, ਜ਼ਿਲ੍ਹਾ ਪ੍ਰੀਸ਼ਦ, ਬਲਾਕ ਸਮਿਤੀਆਂ, ਜਲੰਧਰ ਲੋਕ ਸਭਾ ਜ਼ਿਮਨੀ ਚੋਣ ਅਤੇ ਹੁਣ ਨਗਰ ਨਿਗਮ ਚੋਣਾਂ ਦੇ ਨਤੀਜੇ ਸਾਬਤ ਕਰਦੇ ਹਨ ਕਿ ਲੋਕਾਂ ਦਾ ਭਰੋਸਾ ਲਗਾਤਾਰ ਵੱਧ ਰਿਹਾ ਹੈ।

ਉਨ੍ਹਾਂ ਕਿਹਾ ਕਿ ਇਹ ਨਤੀਜੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਵੀ ਵੱਡਾ ਸੰਕੇਤ ਹਨ ਅਤੇ ਪਾਰਟੀ 2022 ਦੀ ਆਪਣੀ ਇਤਿਹਾਸਕ ਜਿੱਤ ਦਾ ਰਿਕਾਰਡ ਵੀ ਤੋੜ ਸਕਦੀ ਹੈ। ਮੁੱਖ ਮੰਤਰੀ ਨੇ ਭਰੋਸਾ ਦਿਵਾਇਆ ਕਿ ਪੰਜਾਬ ਦੇ ਹਰ ਸ਼ਹਿਰ, ਕਸਬੇ ਅਤੇ ਪਿੰਡ ਵਿੱਚ ਬਿਨਾਂ ਕਿਸੇ ਪੱਖਪਾਤ ਦੇ ਵਿਕਾਸ ਕਰਵਾਇਆ ਜਾਵੇਗਾ। ਭਗਵੰਤ ਮਾਨ ਨੇ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਜਿੱਤ ਸਰਕਾਰ ਨੂੰ ਹੋਰ ਵੱਧ ਤਨਦੇਹੀ ਨਾਲ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਿਤ ਕਰੇਗੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande