ਕੇਵਲ ਸਿੰਘ ਢਿੱਲੋਂ ਦੀ ਨਿਯੁਕਤੀ ਨੂੰ ਲੈ ਕੇ ਕੈਪਟਨ ਅਮਰਿੰਦਰ ਨੇ ਜਤਾਈ ਨਾਰਾਜ਼ਗੀ
ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਵਿਚਾਲੇ ਗਠਜੋੜ ਹੋਣਾ ਚਾਹੀਦਾ : ਕੈਪਟਨ ਅਮਰਿੰਦਰ ਸਿੰਘ ਚੰਡੀਗੜ੍ਹ, 30 ਮਈ (ਹਿੰ.ਸ.)| ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਵਜੋਂ ਕੇਵਲ ਸਿੰਘ ਢਿੱਲੋਂ ਦੀ ਨਿਯੁਕਤੀ ਨੂੰ ਲੈ ਕੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਖੁੱਲ੍ਹ ਕੇ ਆਪਣੀ ਨਾਰਾਜ਼ਗੀ
ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ


ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਵਿਚਾਲੇ ਗਠਜੋੜ ਹੋਣਾ ਚਾਹੀਦਾ : ਕੈਪਟਨ ਅਮਰਿੰਦਰ ਸਿੰਘ

ਚੰਡੀਗੜ੍ਹ, 30 ਮਈ (ਹਿੰ.ਸ.)| ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਵਜੋਂ ਕੇਵਲ ਸਿੰਘ ਢਿੱਲੋਂ ਦੀ ਨਿਯੁਕਤੀ ਨੂੰ ਲੈ ਕੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਖੁੱਲ੍ਹ ਕੇ ਆਪਣੀ ਨਾਰਾਜ਼ਗੀ ਜ਼ਾਹਿਰ ਕੀਤੀ ਹੈ। ਇੱਕ ਇੰਟਰਵਿਊ ਦੌਰਾਨ ਕੈਪਟਨ ਨੇ ਕਿਹਾ ਕਿ ਕੇਵਲ ਢਿੱਲੋਂ ਉਨ੍ਹਾਂ ਦੇ ਪੁਰਾਣੇ ਮਿੱਤਰ ਹਨ, ਪਰ ਦੋਸਤੀ ਅਤੇ ਸਿਆਸੀ ਯੋਗਤਾ ਦੋ ਵੱਖ-ਵੱਖ ਗੱਲਾਂ ਹਨ। ਉਨ੍ਹਾਂ ਦਾ ਮੰਨਣਾ ਹੈ ਕਿ ਪੰਜਾਬ ਭਾਜਪਾ ਦੀ ਅਗਵਾਈ ਲਈ ਕੇਵਲ ਢਿੱਲੋਂ ਸਭ ਤੋਂ ਢੁੱਕਵਾਂ ਵਿਕਲਪ ਨਹੀਂ ਹਨ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਮਹੱਤਵਪੂਰਨ ਨਿਯੁਕਤੀ ਤੋਂ ਪਹਿਲਾਂ ਉਨ੍ਹਾਂ ਨਾਲ ਕੋਈ ਸਲਾਹ-ਮਸ਼ਵਰਾ ਨਹੀਂ ਕੀਤਾ ਗਿਆ। ਉਨ੍ਹਾਂ ਦਾਅਵਾ ਕੀਤਾ ਕਿ ਕਾਂਗਰਸ ਵਿੱਚ ਜਦੋਂ ਉਹ ਪ੍ਰਦੇਸ਼ ਪ੍ਰਧਾਨ ਰਹੇ ਸਨ ਤਾਂ ਅਜਿਹੇ ਫ਼ੈਸਲਿਆਂ ਤੋਂ ਪਹਿਲਾਂ ਸਲਾਹ ਲਈ ਜਾਂਦੀ ਸੀ, ਪਰ ਭਾਜਪਾ ਵਿੱਚ ਫ਼ੈਸਲੇ ਉੱਪਰਲੇ ਪੱਧਰ ਤੋਂ ਹੀ ਕਰ ਦਿੱਤੇ ਜਾਂਦੇ ਹਨ।ਉਨ੍ਹਾਂ ਕਿਹਾ ਕਿ ਜਦੋਂ ਉਹ ਮੁੱਖ ਮੰਤਰੀ ਸਨ ਤਾਂ ਕੇਵਲ ਢਿੱਲੋਂ ਸਿਆਸਤ ਵਿੱਚ ਸਰਗਰਮ ਸਨ, ਪਰ ਜ਼ਮੀਨੀ ਪੱਧਰ ’ਤੇ ਉਨ੍ਹਾਂ ਦੀ ਕਾਰਗੁਜ਼ਾਰੀ ਉਹੋ ਜਿਹੀ ਨਹੀਂ ਰਹੀ, ਜਿਹੀ ਇੱਕ ਵੱਡੇ ਸੰਗਠਨ ਦੀ ਅਗਵਾਈ ਲਈ ਲੋੜੀਂਦੀ ਹੁੰਦੀ ਹੈ। ਕੈਪਟਨ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦਾ ਝਟਕਾ ਲੱਗਾ ਹੈ ਕਿ ਇੰਨਾ ਵੱਡਾ ਫ਼ੈਸਲਾ ਕਰਦੇ ਸਮੇਂ ਉਨ੍ਹਾਂ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕਰ ਦਿੱਤਾ ਗਿਆ।

ਸਾਬਕਾ ਮੁੱਖ ਮੰਤਰੀ ਨੇ ਭਾਜਪਾ ਵੱਲੋਂ ਸੁਨੀਲ ਜਾਖੜ ਅਤੇ ਅਸ਼ਵਨੀ ਸ਼ਰਮਾ ਨੂੰ ਪ੍ਰਧਾਨਗੀ ਤੋਂ ਹਟਾਉਣ ’ਤੇ ਵੀ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਦੋਵੇਂ ਆਗੂ ਪਾਰਟੀ ਦੇ ਮਜ਼ਬੂਤ ਥੰਮ੍ਹ ਸਨ ਅਤੇ ਆਪਣੀ ਜ਼ਿੰਮੇਵਾਰੀ ਚੰਗੇ ਢੰਗ ਨਾਲ ਨਿਭਾ ਰਹੇ ਸਨ। ਉਨ੍ਹਾਂ ਦਾ ਮੰਨਣਾ ਹੈ ਕਿ ਇਸ ਫ਼ੈਸਲੇ ਦੇ ਅਸਰ ਆਉਣ ਵਾਲੇ ਸਮੇਂ ਵਿੱਚ ਜ਼ਰੂਰ ਵੇਖਣ ਨੂੰ ਮਿਲਣਗੇ ਅਤੇ ਲੰਬੇ ਸਮੇਂ ਤੋਂ ਪਾਰਟੀ ਨਾਲ ਜੁੜੇ ਆਗੂ ਇਸ ਨਾਲ ਪ੍ਰਭਾਵਿਤ ਹੋ ਸਕਦੇ ਹਨ।ਜੱਟ ਸਿੱਖ ਚਿਹਰੇ ਨੂੰ ਅੱਗੇ ਲਿਆਉਣ ਦੀ ਰਣਨੀਤੀ ਬਾਰੇ ਕੈਪਟਨ ਨੇ ਕਿਹਾ ਕਿ ਕਿਸੇ ਵੀ ਪਾਰਟੀ ਨੂੰ ਜਾਤ ਜਾਂ ਭਾਈਚਾਰੇ ਦੀ ਰਾਜਨੀਤੀ ਤੋਂ ਉੱਪਰ ਉੱਠ ਕੇ ਪੰਜਾਬ ਦੇ ਹਿੱਤਾਂ ਬਾਰੇ ਸੋਚਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਦਲਿਤ ਭਾਈਚਾਰੇ ਦੀ ਵੀ ਅਹਿਮ ਭੂਮਿਕਾ ਹੈ ਅਤੇ ਚੋਣਾਂ ਵਿੱਚ ਆਖ਼ਰਕਾਰ ਵੋਟਿੰਗ ਪੈਟਰਨ ਹੀ ਫ਼ੈਸਲਾ ਕਰਦਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਇਹ ਵੀ ਦੁਹਰਾਇਆ ਕਿ ਪੰਜਾਬ ਵਿੱਚ ਭਾਜਪਾ ਇਕੱਲੇ ਆਪਣੇ ਦਮ ’ਤੇ ਚੋਣਾਂ ਨਹੀਂ ਜਿੱਤ ਸਕਦੀ। ਉਨ੍ਹਾਂ ਕਿਹਾ ਕਿ ਸੂਬੇ ਦੀ ਸਥਿਰਤਾ ਅਤੇ ਸੁਰੱਖਿਆ ਲਈ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਵਿਚਾਲੇ ਗਠਜੋੜ ਹੋਣਾ ਚਾਹੀਦਾ ਹੈ। ਉਨ੍ਹਾਂ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਵਿੱਚ ਭਾਜਪਾ ਦੇ ਪ੍ਰਦਰਸ਼ਨ ਦਾ ਹਵਾਲਾ ਦਿੰਦਿਆਂ ਕਿਹਾ ਕਿ ਮਜ਼ਬੂਤ ਜ਼ਮੀਨੀ ਆਧਾਰ ਤੋਂ ਬਿਨਾਂ ਪਾਰਟੀ ਲਈ ਸਫ਼ਲਤਾ ਹਾਸਲ ਕਰਨੀ ਮੁਸ਼ਕਲ ਹੈ।ਕਾਂਗਰਸ ਵਿੱਚ ਵਾਪਸੀ ਦੀਆਂ ਅਟਕਲਾਂ ਨੂੰ ਖਾਰਜ ਕਰਦਿਆਂ ਕੈਪਟਨ ਨੇ ਕਿਹਾ ਕਿ ਉਹ ਕਦੇ ਵੀ ਕਾਂਗਰਸ ਵਿੱਚ ਨਹੀਂ ਜਾਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਧੀ ਜੈਇੰਦਰ ਕੌਰ ਭਾਜਪਾ ਵਿੱਚ ਸਰਗਰਮ ਹੈ ਅਤੇ ਉਹ ਖੁਦ ਵੀ ਪਾਰਟੀ ਨਾਲ ਹੀ ਜੁੜੇ ਰਹਿਣਗੇ। ਇਸ ਦੇ ਨਾਲ ਹੀ ਉਨ੍ਹਾਂ ਆਮ ਆਦਮੀ ਪਾਰਟੀ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਦੇ ਮਹੱਤਵਪੂਰਨ ਫ਼ੈਸਲੇ ਦਿੱਲੀ ਤੋਂ ਨਿਯੰਤਰਿਤ ਕੀਤੇ ਜਾ ਰਹੇ ਹਨ। ਹਾਲਾਂਕਿ ਧਿਆਨਯੋਗ ਗੱਲ ਇਹ ਹੈ ਕਿ 28 ਮਈ ਨੂੰ ਕੈਪਟਨ ਅਮਰਿੰਦਰ ਸਿੰਘ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ’ਤੇ ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਭਾਜਪਾ ਦਾ ਪ੍ਰਧਾਨ ਨਿਯੁਕਤ ਹੋਣ ’ਤੇ ਵਧਾਈ ਵੀ ਦਿੱਤੀ ਸੀ ਅਤੇ ਪੰਜਾਬ ਵਿੱਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande