
ਫ਼ਰੀਦਕੋਟ, 30 ਮਈ (ਹਿੰ.ਸ.)| ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਅਧੀਨ ਚੱਲ ਰਹੇ ਹੋਸਟਲ ਵਿੱਚ ਰਹਿ ਰਹੀ ਇੱਕ ਨਰਸਿੰਗ ਵਿਦਿਆਰਥਣ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਸ਼ਨੀਵਾਰ ਤੜਕੇ ਕਰੀਬ 2:30 ਵਜੇ ਦੀ ਦੱਸੀ ਜਾ ਰਹੀ ਹੈ, ਜਦੋਂ ਵਿਦਿਆਰਥਣ ਨੇ ਹੋਸਟਲ ਦੇ ਕਮਰੇ ਵਿੱਚ ਫਾਹਾ ਲਗਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।
ਜਦੋਂ ਹੋਸਟਲ ਦੀਆਂ ਹੋਰ ਵਿਦਿਆਰਥਣਾਂ ਅਤੇ ਸਟਾਫ਼ ਨੂੰ ਇਸ ਘਟਨਾ ਬਾਰੇ ਪਤਾ ਲੱਗਾ ਤਾਂ ਤੁਰੰਤ ਪ੍ਰਸ਼ਾਸਨ ਅਤੇ ਪੁਲਿਸ ਨੂੰ ਸੂਚਿਤ ਕੀਤਾ ਗਿਆ। ਮੌਕੇ 'ਤੇ ਪਹੁੰਚੀ ਪੁਲਿਸ ਨੇ ਸਥਿਤੀ ਦਾ ਜਾਇਜ਼ਾ ਲਿਆ, ਪਰ ਉਦੋਂ ਤੱਕ ਵਿਦਿਆਰਥਣ ਦੀ ਮੌਤ ਹੋ ਚੁੱਕੀ ਸੀ। ਮ੍ਰਿਤਕਾ ਦੀ ਪਛਾਣ 22 ਸਾਲਾ ਅਮਨਪ੍ਰੀਤ ਕੌਰ ਪੁੱਤਰੀ ਗੁਰਮੁਖ ਸਿੰਘ ਵਾਸੀ ਸ਼ਿਵਜੋਤ ਐਨਕਲੇਵ, ਖਰੜ ਵਜੋਂ ਹੋਈ ਹੈ। ਉਹ ਯੂਨੀਵਰਸਿਟੀ ਕਾਲਜ ਆਫ਼ ਨਰਸਿੰਗ ਵਿੱਚ ਬੀ.ਐੱਸ.ਸੀ. ਨਰਸਿੰਗ ਦੇ ਤੀਜੇ ਸਮੈਸਟਰ ਦੀ ਵਿਦਿਆਰਥਣ ਸੀ ਅਤੇ ਕਾਲਜ ਦੇ ਹੋਸਟਲ ਵਿੱਚ ਰਹਿ ਰਹੀ ਸੀ।
ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਮੈਡੀਕਲ ਕਾਲਜ ਹਸਪਤਾਲ ਦੀ ਮੋਰਚਰੀ ਵਿੱਚ ਰਖਵਾ ਦਿੱਤਾ ਹੈ। ਘਟਨਾ ਤੋਂ ਬਾਅਦ ਕਾਲਜ ਅਤੇ ਹੋਸਟਲ ਵਿੱਚ ਸੋਗ ਦਾ ਮਾਹੌਲ ਬਣ ਗਿਆ ਹੈ। ਡੀ.ਐੱਸ.ਪੀ. ਤਰਲੋਚਨ ਸਿੰਘ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਖੁਦਕੁਸ਼ੀ ਦੇ ਕਾਰਨਾਂ ਬਾਰੇ ਕੋਈ ਸਪੱਸ਼ਟ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਮ੍ਰਿਤਕਾ ਦੇ ਪਰਿਵਾਰ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਦੇ ਫ਼ਰੀਦਕੋਟ ਪਹੁੰਚਣ ਤੋਂ ਬਾਅਦ ਅਗਲੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਹਰ ਪੱਖ ਤੋਂ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਪੋਸਟਮਾਰਟਮ ਰਿਪੋਰਟ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਬਾਰੇ ਕੁਝ ਸਪੱਸ਼ਟ ਹੋ ਸਕੇਗਾ।
ਹਿੰਦੂਸਥਾਨ ਸਮਾਚਾਰ / GURSHARAN SINGH