
ਮੋਹਾਲੀ, 31 ਮਈ (ਹਿੰ.ਸ.)| ਜਨਤਾ ਨਾਲ ਭਰੋਸੇਮੰਦ ਸਾਂਝ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਡੀਐਸਪੀ ਸਿਟੀ-2 ਹਰਸਿਮਰਨ ਸਿੰਘ ਬੱਲ ਵੱਲੋਂ ਵੱਖ-ਵੱਖ ਵਪਾਰੀ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਐਸਐਸਪੀ ਮੋਹਾਲੀ ਹਰਮਨਦੀਪ ਸਿੰਘ ਹਾਂਸ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਰਵਾਈ ਗਈ ਇਸ ਮੀਟਿੰਗ ਦੌਰਾਨ ਵਪਾਰੀਆਂ ਦੀਆਂ ਸਮੱਸਿਆਵਾਂ, ਚਿੰਤਾਵਾਂ ਅਤੇ ਸੁਝਾਵਾਂ ਨੂੰ ਧਿਆਨ ਨਾਲ ਸੁਣਿਆ ਗਿਆ। ਉਨ੍ਹਾਂ ਵਪਾਰੀਆਂ ਨੂੰ ਭਰੋਸਾ ਦਿਵਾਇਆ ਕਿ ਮੋਹਾਲੀ ਪੁਲਿਸ ਲੋਕਾਂ ਦੀ ਸੁਰੱਖਿਆ ਅਤੇ ਕਾਨੂੰਨ-ਵਿਵਸਥਾ ਨੂੰ ਬਰਕਰਾਰ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਡੀਐਸਪੀ ਨੇ ਦੱਸਿਆ ਕਿ ਐਸਐਸਪੀ ਮੋਹਾਲੀ ਵੱਲੋਂ ਜਨਤਕ ਥਾਵਾਂ, ਬਾਜ਼ਾਰਾਂ ਅਤੇ ਭੀੜ-ਭਾੜ ਵਾਲੇ ਖੇਤਰਾਂ ਵਿੱਚ ਪੁਲਿਸ ਦੀ ਮੌਜੂਦਗੀ ਹੋਰ ਮਜ਼ਬੂਤ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਦੇ ਨਾਲ ਹੀ ਲੋਕਾਂ ਨਾਲ ਭਰੋਸੇਮੰਦ ਰਿਸ਼ਤਾ ਕਾਇਮ ਕਰਨ ਲਈ ਵਪਾਰੀ ਐਸੋਸੀਏਸ਼ਨਾਂ ਅਤੇ ਸਥਾਨਕ ਨੁਮਾਇੰਦਿਆਂ ਨਾਲ ਤਾਲਮੇਲ ਵਧਾਉਣ 'ਤੇ ਵੀ ਜ਼ੋਰ ਦਿੱਤਾ ਜਾ ਰਿਹਾ ਹੈ।
ਮੀਟਿੰਗ ਦੌਰਾਨ ਬਾਜ਼ਾਰਾਂ, ਜਨਤਕ ਥਾਵਾਂ ਅਤੇ ਛੋਟੇ ਕਸਬਿਆਂ ਵਿੱਚ ਪੁਲਿਸ ਪੈਟਰੋਲਿੰਗ ਅਤੇ ਨਾਕਾਬੰਦੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਸਬੰਧੀ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ।
ਹਰਸਿਮਰਨ ਸਿੰਘ ਬੱਲ ਨੇ ਕਿਹਾ ਕਿ ਪੁਲਿਸ ਅਤੇ ਜਨਤਾ ਵਿਚਕਾਰ ਆਪਸੀ ਸਹਿਯੋਗ ਅਤੇ ਵਿਸ਼ਵਾਸ ਹੀ ਅਪਰਾਧਾਂ ਦੀ ਰੋਕਥਾਮ ਅਤੇ ਸ਼ਾਂਤੀਪੂਰਨ ਮਾਹੌਲ ਕਾਇਮ ਰੱਖਣ ਦੀ ਸਭ ਤੋਂ ਵੱਡੀ ਕੁੰਜੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਸ਼ੱਕੀ ਗਤੀਵਿਧੀ ਜਾਂ ਕਾਨੂੰਨ-ਵਿਵਸਥਾ ਨਾਲ ਸਬੰਧਤ ਜਾਣਕਾਰੀ ਤੁਰੰਤ ਪੁਲਿਸ ਨਾਲ ਸਾਂਝੀ ਕਰਨ ਤਾਂ ਜੋ ਸਮੇਂ ਸਿਰ ਕਾਰਵਾਈ ਕੀਤੀ ਜਾ ਸਕੇ।
ਹਿੰਦੂਸਥਾਨ ਸਮਾਚਾਰ / GURSHARAN SINGH