
ਜਲੰਧਰ, 31 ਮਈ (ਹਿੰ.ਸ.)| ਨਾਜਾਇਜ਼ ਅਸਲਾ ਤਸਕਰੀ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਜਲੰਧਰ ਦਿਹਾਤੀ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਇੱਕ ਨਾਜਾਇਜ਼ ਅਸਲਾ ਸਪਲਾਈ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਇੱਕ ਵਿਅਕਤੀ ਨੂੰ ਨਾਜਾਇਜ਼ ਪਿਸਤੌਲ, ਮੈਗਜ਼ੀਨ ਅਤੇ ਜਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਸੀਨੀਅਰ ਪੁਲਿਸ ਕਪਤਾਨ ਜਲੰਧਰ ਦਿਹਾਤੀ ਹਰਵਿੰਦਰ ਸਿੰਘ ਵਿਰਕ ਦੇ ਦਿਸ਼ਾ-ਨਿਰਦੇਸ਼ਾਂ ਅਤੇ ਪੁਲਿਸ ਕਪਤਾਨ (ਤਫ਼ਤੀਸ਼) ਵਿਨੀਤ ਅਹਲਾਵਤ ਅਤੇ ਉਪ ਪੁਲਿਸ ਕਪਤਾਨ ਫਿਲੌਰ ਭਾਰਤ ਮਸੀਹ ਲਾਧੜ ਦੀ ਨਿਗਰਾਨੀ ਹੇਠ, ਮੁੱਖ ਅਫ਼ਸਰ ਥਾਣਾ ਫਿਲੌਰ ਲਵਨੀਤ ਬੰਗੜ ਦੀ ਅਗਵਾਈ ਵਿੱਚ ਪੁਲਿਸ ਟੀਮ ਨੇ ਇਹ ਕਾਰਵਾਈ ਅਮਲ ਵਿੱਚ ਲਿਆਂਦੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐੱਸਪੀ ਭਾਰਤ ਮਸੀਹ ਲੱਧੜ ਨੇ ਦੱਸਿਆ ਕਿ ਵਿਸ਼ੇਸ਼ ਚੈਕਿੰਗ ਦੌਰਾਨ ਪੁਲਿਸ ਪੋਸਟ ਅੱਪਰਾ ਦੇ ਇੰਚਾਰਜ ਏਐੱਸਆਈ ਸੁਖਦੇਵ ਸਿੰਘ ਨੇ ਜਸ਼ਨਪ੍ਰੀਤ ਸਿੰਘ ਵਾਸੀ ਪਿੰਡ ਮੰਡੀ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕੀਤਾ। ਤਲਾਸ਼ੀ ਦੌਰਾਨ ਉਸ ਦੇ ਕਬਜ਼ੇ ਵਿੱਚੋਂ ਇੱਕ 7.63 ਐੱਮ.ਐੱਮ. ਪਿਸਤੌਲ, ਇੱਕ ਮੈਗਜ਼ੀਨ ਅਤੇ 6 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ।
ਬਰਾਮਦਗੀ ਦੇ ਆਧਾਰ ’ਤੇ ਥਾਣਾ ਫਿਲੌਰ ਵਿਖੇ ਅਸਲਾ ਐਕਟ ਦੀਆਂ ਧਾਰਾਵਾਂ 25, 54 ਅਤੇ 59 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਪੁਲਿਸ ਅਧਿਕਾਰੀਆਂ ਅਨੁਸਾਰ ਮੁੱਢਲੀ ਪੁੱਛਗਿੱਛ ਦੌਰਾਨ ਸਾਹਮਣੇ ਆਇਆ ਹੈ ਕਿ ਬਰਾਮਦ ਕੀਤਾ ਗਿਆ ਹਥਿਆਰ ਇੱਕ ਨਾਜਾਇਜ਼ ਅਸਲਾ ਸਪਲਾਇਰ ਰਾਹੀਂ ਹਾਸਲ ਕੀਤਾ ਗਿਆ ਸੀ। ਅਗਲੀ ਜਾਂਚ ਦੌਰਾਨ ਲਵਪ੍ਰੀਤ ਸਿੰਘ ਉਰਫ਼ ਲਾਡੀ ਦੀ ਪਛਾਣ ਹਥਿਆਰ ਦੇ ਕਥਿਤ ਸਪਲਾਇਰ ਵਜੋਂ ਕੀਤੀ ਗਈ ਹੈ।
ਪੁਲਿਸ ਵੱਲੋਂ ਨਾਜਾਇਜ਼ ਅਸਲਾ ਸਪਲਾਈ ਚੇਨ ਨਾਲ ਜੁੜੇ ਹੋਰ ਵਿਅਕਤੀਆਂ ਅਤੇ ਸੰਭਾਵਿਤ ਸਬੰਧਾਂ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਗ੍ਰਿਫ਼ਤਾਰ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁੱਛਗਿੱਛ ਲਈ ਪੁਲਿਸ ਰਿਮਾਂਡ ਹਾਸਲ ਕਰ ਲਿਆ ਗਿਆ ਹੈ।
ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ’ਤੇ ਹੋਰ ਗ੍ਰਿਫ਼ਤਾਰੀਆਂ ਅਤੇ ਕਾਰਵਾਈ ਕੀਤੀ ਜਾ ਸਕਦੀ ਹੈ। ਨਾਜਾਇਜ਼ ਹਥਿਆਰਾਂ ਦੀ ਤਸਕਰੀ ਅਤੇ ਅਪਰਾਧਿਕ ਗਤੀਵਿਧੀਆਂ ’ਤੇ ਨਕੇਲ ਕੱਸਣ ਲਈ ਜਲੰਧਰ ਦਿਹਾਤੀ ਪੁਲਿਸ ਦੀ ਇਹ ਕਾਰਵਾਈ ਅਹਿਮ ਮੰਨੀ ਜਾ ਰਹੀ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH