ਬਾਬਾ ਬਕਾਲਾ ਸਾਹਿਬ ਵਿਖੇ ਵਿਸ਼ਾਲ ਪੰਥਕ ਕਾਨਫਰੰਸ, ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ 2026 ਦੀਆਂ ਇਤਰਾਜ਼ਯੋਗ ਧਾਰਾਵਾਂ ਹਟਾਉਣ ਦੀ ਮੰਗ
ਬਾਬਾ ਬਕਾਲਾ ਸਾਹਿਬ, 31 ਮਈ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਗਏ “ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ (ਸੋਧ) ਐਕਟ 2026” ਨੂੰ ਲੈ ਕੇ ਉੱਠ ਰਹੇ ਇਤਰਾਜ਼ਾਂ ਦੇ ਮੱਦੇਨਜ਼ਰ ਅੱਜ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ, ਬਾਬਾ ਬਕਾਲਾ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸੰਬੋਧਨ ਕਰਦੇ ਹੋਏ।


ਬਾਬਾ ਬਕਾਲਾ ਸਾਹਿਬ, 31 ਮਈ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਗਏ “ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ (ਸੋਧ) ਐਕਟ 2026” ਨੂੰ ਲੈ ਕੇ ਉੱਠ ਰਹੇ ਇਤਰਾਜ਼ਾਂ ਦੇ ਮੱਦੇਨਜ਼ਰ ਅੱਜ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ, ਬਾਬਾ ਬਕਾਲਾ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਵਿਸ਼ਾਲ ਪੰਥਕ ਕਾਨਫਰੰਸ ਕਰਵਾਈ ਗਈ। ਕਾਨਫਰੰਸ ਵਿੱਚ ਵੱਖ-ਵੱਖ ਸਿੱਖ ਸੰਪ੍ਰਦਾਵਾਂ, ਜਥੇਬੰਦੀਆਂ, ਬੁੱਧੀਜੀਵੀਆਂ ਅਤੇ ਪੰਜਾਬ ਭਰ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰੀ।

ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸਰਕਾਰ ਵੱਲੋਂ ਪਾਸ ਕੀਤਾ ਗਿਆ ਇਹ ਕਾਨੂੰਨ “ਮਿੱਠਾ ਜ਼ਹਿਰ” ਹੈ ਅਤੇ ਇਸ ਰਾਹੀਂ ਸਿੱਖ ਸੰਸਥਾਵਾਂ ਅਤੇ ਧਾਰਮਿਕ ਮਾਮਲਿਆਂ ਵਿੱਚ ਦਖ਼ਲਅੰਦਾਜ਼ੀ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਬੇਅਦਬੀ ਦੇ ਦੋਸ਼ੀਆਂ ਲਈ ਸਖ਼ਤ ਸਜ਼ਾਵਾਂ ਦਾ ਪੰਥ ਸਮਰਥਨ ਕਰਦਾ ਹੈ, ਪਰ ਕਾਨੂੰਨ ਵਿੱਚ ਸ਼ਾਮਲ ਕੁਝ ਧਾਰਾਵਾਂ ਸਿੱਖ ਮਰਯਾਦਾ ਅਤੇ ਧਾਰਮਿਕ ਅਧਿਕਾਰਾਂ ਨਾਲ ਟਕਰਾਉਂਦੀਆਂ ਹਨ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖ ਕੌਮ ਨੂੰ ਬੇਅਦਬੀ ਖ਼ਿਲਾਫ਼ ਸਖ਼ਤ ਕਾਨੂੰਨ ਤੋਂ ਕੋਈ ਇਤਰਾਜ਼ ਨਹੀਂ, ਪਰ ਐਕਟ ਦੀਆਂ ਕੁਝ ਮੱਦਾਂ ਗੁਰਬਾਣੀ ਅਤੇ ਧਾਰਮਿਕ ਪਰੰਪਰਾਵਾਂ ਨਾਲ ਜੁੜੇ ਮਾਮਲਿਆਂ ਵਿੱਚ ਸਰਕਾਰੀ ਦਖ਼ਲ ਦਾ ਰਸਤਾ ਖੋਲ੍ਹਦੀਆਂ ਹਨ। ਉਨ੍ਹਾਂ ਸਰਕਾਰ ਨੂੰ ਸਿੱਖ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਇਤਰਾਜ਼ਯੋਗ ਧਾਰਾਵਾਂ ਤੁਰੰਤ ਹਟਾਉਣ ਦੀ ਅਪੀਲ ਕੀਤੀ।

ਕਾਨਫਰੰਸ ਦੌਰਾਨ ਦਮਦਮੀ ਟਕਸਾਲ, ਅਕਾਲੀ ਬੁੱਢਾ ਦਲ, ਤਰਨਾ ਦਲ ਅਤੇ ਹੋਰ ਪ੍ਰਮੁੱਖ ਸਿੱਖ ਜਥੇਬੰਦੀਆਂ ਦੇ ਆਗੂਆਂ ਨੇ ਵੀ ਐਕਟ ਵਿੱਚ ਸੋਧ ਦੀ ਮੰਗ ਦੁਹਰਾਈ। ਸਮਾਗਮ ਵਿੱਚ ਇੱਕ ਮਤਾ ਵੀ ਪਾਸ ਕੀਤਾ ਗਿਆ, ਜਿਸ ਨੂੰ ਹਾਜ਼ਰ ਸੰਗਤਾਂ ਅਤੇ ਜਥੇਬੰਦੀਆਂ ਨੇ ਜੈਕਾਰਿਆਂ ਦੀ ਗੂੰਜ ਵਿਚ ਮਨਜ਼ੂਰੀ ਦਿੱਤੀ। ਪੰਥਕ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਸਿੱਖ ਕੌਮ ਦੇ ਇਤਰਾਜ਼ਾਂ ਨੂੰ ਗੰਭੀਰਤਾ ਨਾਲ ਨਾ ਲਿਆ ਤਾਂ ਆਉਣ ਵਾਲੇ ਸਮੇਂ ਵਿੱਚ ਇਸ ਮਾਮਲੇ ‘ਤੇ ਹੋਰ ਸਖ਼ਤ ਫ਼ੈਸਲੇ ਕੀਤੇ ਜਾ ਸਕਦੇ ਹਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande