
ਚੰਡੀਗੜ੍ਹ, 31 ਮਈ (ਹਿੰ.ਸ.)| ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ਾਂ ਤਹਿਤ ਪਰਮਜੀਤ ਸਿੰਘ ਗਿੱਲ ਦੀ ਮੁੱਢਲੀ ਮੈਂਬਰਸ਼ਿਪ ਤੁਰੰਤ ਪ੍ਰਭਾਵ ਨਾਲ ਰੱਦ ਕਰ ਦਿੱਤੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਮੁਹਾਲੀ ਦਫ਼ਤਰ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਇਹ ਕਾਰਵਾਈ ਪਾਰਟੀ ਹਾਈਕਮਾਂਡ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕੀਤੀ ਗਈ ਹੈ। ਦਫ਼ਤਰ ਇੰਚਾਰਜ ਕੁਲਦੀਪ ਸਿੰਘ ਨੇ ਦੱਸਿਆ ਕਿ ਨਗਰ ਨਿਗਮ ਚੋਣਾਂ ਦੌਰਾਨ ਪਾਰਟੀ ਦੇ ਅਧਿਕਾਰਤ ਉਮੀਦਵਾਰ ਦਾ ਖੁੱਲ੍ਹ ਕੇ ਵਿਰੋਧ ਕਰਨ ਸਬੰਧੀ ਮਿਲੀ ਲਿਖਤੀ ਸ਼ਿਕਾਇਤ ਦੇ ਆਧਾਰ 'ਤੇ ਇਹ ਫ਼ੈਸਲਾ ਲਿਆ ਗਿਆ।
ਉਨ੍ਹਾਂ ਦੱਸਿਆ ਕਿ ਮੋਹਾਲੀ ਨਗਰ ਨਿਗਮ ਚੋਣਾਂ ਵਿੱਚ ਵਾਰਡ ਨੰਬਰ 7 ਤੋਂ ਸ਼੍ਰੋਮਣੀ ਅਕਾਲੀ ਦਲ ਨੇ ਇੰਦਰਪ੍ਰੀਤ ਕੌਰ ਪ੍ਰਿੰਸ ਨੂੰ ਆਪਣਾ ਅਧਿਕਾਰਤ ਉਮੀਦਵਾਰ ਐਲਾਨਿਆ ਸੀ। ਪਰਮਜੀਤ ਸਿੰਘ ਗਿੱਲ ਉੱਤੇ ਦੋਸ਼ ਹੈ ਕਿ ਉਹ ਪਿਛਲੇ ਕੁਝ ਸਮੇਂ ਤੋਂ ਪਾਰਟੀ ਦੇ ਫ਼ੈਸਲੇ ਦੇ ਉਲਟ ਜਾ ਕੇ ਉਮੀਦਵਾਰ ਦੀ ਵਿਰੋਧਤਾ ਕਰ ਰਹੇ ਸਨ, ਜਿਸ ਨਾਲ ਪਾਰਟੀ ਦੀ ਚੋਣ ਮੁਹਿੰਮ ਅਤੇ ਅਕਸ ਨੂੰ ਨੁਕਸਾਨ ਪਹੁੰਚ ਰਿਹਾ ਸੀ।
ਕੁਲਦੀਪ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਨੁਸ਼ਾਸਨ ਨੂੰ ਸਭ ਤੋਂ ਵੱਧ ਤਰਜੀਹ ਦਿੰਦਾ ਹੈ ਅਤੇ ਪਾਰਟੀ ਵਿਰੋਧੀ ਗਤੀਵਿਧੀਆਂ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪਾਰਟੀ ਦੇ ਫ਼ੈਸਲਿਆਂ ਅਤੇ ਅਧਿਕਾਰਤ ਉਮੀਦਵਾਰਾਂ ਖ਼ਿਲਾਫ਼ ਕੰਮ ਕਰਨ ਵਾਲਿਆਂ ਖ਼ਿਲਾਫ਼ ਭਵਿੱਖ ਵਿੱਚ ਵੀ ਸਖ਼ਤ ਕਾਰਵਾਈ ਜਾਰੀ ਰਹੇਗੀ।
ਪਾਰਟੀ ਨੇ ਸਪੱਸ਼ਟ ਕੀਤਾ ਹੈ ਕਿ ਇਹ ਫ਼ੈਸਲਾ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ ਅਤੇ ਪਰਮਜੀਤ ਸਿੰਘ ਗਿੱਲ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਮੁੱਢਲੇ ਮੈਂਬਰ ਨਹੀਂ ਰਹੇ।
ਹਿੰਦੂਸਥਾਨ ਸਮਾਚਾਰ / GURSHARAN SINGH