
ਲੁਧਿਆਣਾ, 01 ਜੂਨ (ਹਿੰ.ਸ.)| ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਪਾਰਟੀ ਪੂਰੀ ਤਰ੍ਹਾਂ ਇਕਜੁੱਟ ਹੈ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਸੂਬੇ ਵਿੱਚ ਮੁੜ ਸੱਤਾ ਵਿੱਚ ਵਾਪਸੀ ਕਰੇਗੀ। ਉਹ ਅੱਜ ਲੁਧਿਆਣਾ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਮੁਲਾਕਾਤ ਦੌਰਾਨ ਪੱਤਰਕਾਰਾਂ ਨਾਲ ਗੱਲ ਕਰ ਰਹੇ ਸਨ।
ਵੜਿੰਗ, ਜੋ ਕਿ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਵੀ ਹਨ, ਨੇ ਦੱਸਿਆ ਕਿ ਚੰਨੀ ਖੇਤੀਬਾੜੀ ਸੰਬੰਧੀ ਸੰਸਦੀ ਸਥਾਈ ਕਮੇਟੀ ਦੇ ਚੇਅਰਮੈਨ ਹਨ ਅਤੇ ਪੀਏਯੂ ਦੇ ਦੌਰੇ 'ਤੇ ਆਏ ਇੱਕ ਵਫ਼ਦ ਦੀ ਅਗਵਾਈ ਕਰ ਰਹੇ ਸਨ। ਇਸ ਮੌਕੇ ਵੜਿੰਗ ਨੇ ਪੀਏਯੂ ਕੈਂਪਸ ਵਿੱਚ ਉਨ੍ਹਾਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲਈ 1000 ਕਰੋੜ ਰੁਪਏ ਦੀ ਵਿਸ਼ੇਸ਼ ਗਰਾਂਟ ਅਤੇ ਹਰ ਸਾਲ 50 ਤੋਂ 60 ਕਰੋੜ ਰੁਪਏ ਦੀ ਨਿਯਮਤ ਗਰਾਂਟ ਦੇਣ ਦੀ ਮੰਗ ਪੱਤਰ ਵੀ ਸੌਂਪਿਆ।
ਉਨ੍ਹਾਂ ਕਿਹਾ ਕਿ ਪੀਏਯੂ ਨੇ ਦੇਸ਼ ਦੀ ਖੁਰਾਕ ਸੁਰੱਖਿਆ ਵਿੱਚ ਵੱਡਾ ਯੋਗਦਾਨ ਪਾਇਆ ਹੈ ਅਤੇ ਹਰਿਤ ਕ੍ਰਾਂਤੀ ਦੀ ਸ਼ੁਰੂਆਤ ਵੀ ਇਥੋਂ ਹੋਈ ਸੀ, ਇਸ ਲਈ ਯੂਨੀਵਰਸਿਟੀ ਨੂੰ ਮਜ਼ਬੂਤ ਵਿੱਤੀ ਸਹਾਇਤਾ ਮਿਲਣੀ ਚਾਹੀਦੀ ਹੈ।
ਸਿਆਸੀ ਮਸਲਿਆਂ ‘ਤੇ ਗੱਲ ਕਰਦਿਆਂ ਵੜਿੰਗ ਨੇ ਕਿਹਾ ਕਿ ਉਹ, ਪ੍ਰਤਾਪ ਸਿੰਘ ਬਾਜਵਾ, ਚਰਨਜੀਤ ਸਿੰਘ ਚੰਨੀ, ਸੁਖਜਿੰਦਰ ਸਿੰਘ ਰੰਧਾਵਾ ਸਮੇਤ ਸਾਰੇ ਸੀਨੀਅਰ ਆਗੂ ਇਕਜੁੱਟ ਹਨ ਅਤੇ 2027 ਵਿੱਚ ਕਾਂਗਰਸ ਦੀ ਜਿੱਤ ਨਿਸ਼ਚਿਤ ਬਣਾਉਣ ਲਈ ਕੰਮ ਕਰ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਮੌਜੂਦਾ ਆਪ ਸਰਕਾਰ ਦਾ ਪ੍ਰਦਰਸ਼ਨ ਕਮਜ਼ੋਰ ਹੈ ਅਤੇ ਲੋਕ ਕਾਨੂੰਨ-ਵਿਵਸਥਾ, ਨਸ਼ਿਆਂ ਅਤੇ ਬੇਰੁਜ਼ਗਾਰੀ ਵਰਗੀਆਂ ਸਮੱਸਿਆਵਾਂ ਨਾਲ ਪਰੇਸ਼ਾਨ ਹਨ।
ਨਗਰ ਕੌਂਸਲ ਚੋਣਾਂ ਬਾਰੇ ਪੁੱਛੇ ਸਵਾਲ ‘ਤੇ ਉਨ੍ਹਾਂ ਕਿਹਾ ਕਿ ਪਿਛਲੇ ਦੋ ਦਹਾਕਿਆਂ ਤੋਂ ਸੱਤਾਧਾਰੀ ਪਾਰਟੀ ਇਹ ਚੋਣਾਂ ਜਿੱਤਦੀ ਆ ਰਹੀ ਹੈ, ਪਰ ਬਾਅਦ ਵਿੱਚ ਵਿਧਾਨ ਸਭਾ ਚੋਣਾਂ ਹਾਰ ਜਾਂਦੀ ਹੈ। ਉਨ੍ਹਾਂ ਨੇ ਆਪ ਸਰਕਾਰ ‘ਤੇ ਭ੍ਰਿਸ਼ਟਾਚਾਰ ਅਤੇ ਕਰਜ਼ੇ ਦੇ ਬੋਝ ਨੂੰ ਵਧਾਉਣ ਦੇ ਦੋਸ਼ ਵੀ ਲਗਾਏ।
ਰੇਲਵੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨਾਲ ਸੰਬੰਧਤ ਸਵਾਲ ‘ਤੇ ਵੜਿੰਗ ਨੇ ਤਿੱਖੀ ਟਿੱਪਣੀ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਪੰਜਾਬ ਲਈ ਆਪਣੇ ਦੋ ਸਾਲਾਂ ਦੇ ਕੰਮ ਦਾ ਹਿਸਾਬ ਦੇਣਾ ਚਾਹੀਦਾ ਹੈ। ਇਸ ਤੋਂ ਇਲਾਵਾ, ਕੈਪਟਨ ਅਮਰਿੰਦਰ ਸਿੰਘ ਦੇ ਬਿਆਨ ਬਾਰੇ ਉਨ੍ਹਾਂ ਕਿਹਾ ਕਿ ਜੇਕਰ ਕਾਂਗਰਸ ਵਿੱਚ ਇਤਨੀ ਖੁੱਲ੍ਹੀ ਸੋਚ ਸੀ ਤਾਂ ਉਨ੍ਹਾਂ ਨੇ ਪਾਰਟੀ ਕਿਉਂ ਛੱਡੀ।
ਈਦ ਮੌਕੇ ਗੈਰ-ਹਾਜ਼ਰੀ ਬਾਰੇ ਪੁੱਛੇ ਸਵਾਲ ‘ਤੇ ਉਨ੍ਹਾਂ ਕਿਹਾ ਕਿ ਉਹ ਨਿਯਮਿਤ ਤੌਰ ‘ਤੇ ਧਾਰਮਿਕ ਆਗੂਆਂ ਨੂੰ ਮਿਲਦੇ ਰਹਿੰਦੇ ਹਨ ਪਰ ਉਸ ਦਿਨ ਹੋਰ ਰੁਝੇਵਿਆਂ ਕਾਰਨ ਹਾਜ਼ਰ ਨਹੀਂ ਹੋ ਸਕੇ।
ਇਸ ਮੌਕੇ ਜੱਸੀ ਖੰਗੂੜਾ, ਸੁਰਿੰਦਰ ਡਾਵਰ, ਕੁਲਦੀਪ ਸਿੰਘ ਵੈਦ, ਪਵਨ ਦੀਵਾਨ, ਸੰਜੇ ਤਲਵਾੜ ਸਮੇਤ ਕਈ ਸੀਨੀਅਰ ਆਗੂ ਵੀ ਮੌਜੂਦ ਰਹੇ।
ਹਿੰਦੂਸਥਾਨ ਸਮਾਚਾਰ / GURSHARAN SINGH