
ਚੰਡੀਗੜ੍ਹ, 01 ਜੂਨ (ਹਿੰ.ਸ.)| ਪੰਜਾਬ ਦੇ ਜੇਲ੍ਹ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਹੈ ਕਿ ਜੇਲ੍ਹਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਹਿੰਸਕ ਘਟਨਾ, ਸੁਰੱਖਿਆ ਵਿੱਚ ਕੁਤਾਹੀ ਜਾਂ ਪ੍ਰਸ਼ਾਸਨਿਕ ਲਾਪਰਵਾਹੀ ਸਾਹਮਣੇ ਆਉਣ ਦੀ ਸੂਰਤ ਵਿੱਚ ਸਬੰਧਤ ਅਧਿਕਾਰੀਆਂ ਦੀ ਸਿੱਧੀ ਜ਼ਿੰਮੇਵਾਰੀ ਤੈਅ ਕੀਤੀ ਜਾਵੇਗੀ ਅਤੇ ਉਨ੍ਹਾਂ ਖ਼ਿਲਾਫ਼ ਸਖ਼ਤ ਅਨੁਸ਼ਾਸਨਾਤਮਕ ਕਾਰਵਾਈ ਕੀਤੀ ਜਾਵੇਗੀ।
ਪੰਜਾਬ ਭਵਨ ਵਿੱਚ ਸੂਬੇ ਦੀਆਂ ਸਮੂਹ ਜੇਲ੍ਹਾਂ ਦੇ ਸੁਪਰਡੈਂਟਾਂ ਨਾਲ ਹੋਈ ਉੱਚ ਪੱਧਰੀ ਸਮੀਖਿਆ ਮੀਟਿੰਗ ਦੌਰਾਨ ਉਨ੍ਹਾਂ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਜੇਲ੍ਹਾਂ ਵਿੱਚ ਸੁਰੱਖਿਅਤ, ਅਨੁਸ਼ਾਸਿਤ ਅਤੇ ਸੁਧਾਰਕ ਮਾਹੌਲ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਹਾਲਤ ਵਿੱਚ ਹਿੰਸਕ ਘਟਨਾਵਾਂ ਜਾਂ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਮੀਟਿੰਗ ਦੌਰਾਨ ਜੇਲ੍ਹ ਪ੍ਰਬੰਧਨ, ਸੁਰੱਖਿਆ ਪ੍ਰਣਾਲੀ, ਬੰਦੀਆਂ ਦੀ ਭਲਾਈ ਅਤੇ ਵਿਭਾਗੀ ਕਾਰਗੁਜ਼ਾਰੀ ਨਾਲ ਜੁੜੇ ਮੁੱਦਿਆਂ ‘ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਜੇਲ੍ਹ ਮੰਤਰੀ ਨੇ ਅਧਿਕਾਰੀਆਂ ਨੂੰ ਆਪਣੀ ਕਾਰਗੁਜ਼ਾਰੀ ਦਾ ਲਗਾਤਾਰ ਮੁਲਾਂਕਣ ਕਰਨ ਅਤੇ ਉਪਲਬਧ ਸਰੋਤਾਂ ਦੀ ਪ੍ਰਭਾਵਸ਼ਾਲੀ ਵਰਤੋਂ ਕਰਕੇ ਬਿਹਤਰ ਨਤੀਜੇ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।
ਡਾ. ਰਵਜੋਤ ਸਿੰਘ ਨੇ ਕਿਹਾ ਕਿ ਜੇਲ੍ਹਾਂ ਦਾ ਮੁੱਖ ਉਦੇਸ਼ ਸਿਰਫ਼ ਹਿਰਾਸਤ ਨਹੀਂ, ਸਗੋਂ ਬੰਦੀਆਂ ਦੇ ਸੁਧਾਰ ਅਤੇ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨਾ ਵੀ ਹੈ। ਇਸ ਲਈ ਸਿੱਖਿਆ, ਹੁਨਰ ਵਿਕਾਸ, ਸਿਹਤ ਸੇਵਾਵਾਂ ਅਤੇ ਮਨੋਵਿਗਿਆਨਕ ਸਹਾਇਤਾ ‘ਤੇ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ।
ਉਨ੍ਹਾਂ ਜੇਲ੍ਹ ਪ੍ਰਸ਼ਾਸਨ ਨੂੰ ਨਿਰਦੇਸ਼ ਦਿੱਤਾ ਕਿ ਹਰ ਪੱਧਰ ‘ਤੇ ਪਾਰਦਰਸ਼ਤਾ ਅਤੇ ਜਵਾਬਦੇਹੀ ਯਕੀਨੀ ਬਣਾਈ ਜਾਵੇ। ਮੀਟਿੰਗ ਵਿੱਚ ਜੇਲ੍ਹ ਵਿਭਾਗ ਦੇ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ, ਜਿਨ੍ਹਾਂ ਵੱਲੋਂ ਚੱਲ ਰਹੇ ਸੁਧਾਰਾਤਮਕ ਪ੍ਰੋਗਰਾਮਾਂ ਅਤੇ ਵਿਭਾਗੀ ਗਤੀਵਿਧੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ।
ਹਿੰਦੂਸਥਾਨ ਸਮਾਚਾਰ / GURSHARAN SINGH