
ਚੰਡੀਗੜ੍ਹ, 01 ਜੂਨ (ਹਿੰ.ਸ.)| ਆਰਥਿਕ ਤੌਰ ‘ਤੇ ਕਮਜ਼ੋਰ ਅਤੇ ਲੋੜਵੰਦ ਪਰਿਵਾਰਾਂ ਦੀ ਸਹਾਇਤਾ ਲਈ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ 1241 ਲਾਭਪਾਤਰੀਆਂ ਨੂੰ ਕੁੱਲ 6.33 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਗਈ ਹੈ। ਇਹ ਜਾਣਕਾਰੀ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਇਹ ਰਾਸ਼ੀ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਨਾਲ ਸਬੰਧਤ ਯੋਗ ਪਰਿਵਾਰਾਂ ਨੂੰ ਜਾਰੀ ਕੀਤੀ ਗਈ ਹੈ, ਜਿਨ੍ਹਾਂ ਦੀਆਂ ਅਰਜ਼ੀਆਂ ਅਸ਼ੀਰਵਾਦ ਪੋਰਟਲ ਰਾਹੀਂ ਪ੍ਰਾਪਤ ਹੋਈਆਂ ਸਨ। ਇਸ ਸਕੀਮ ਤਹਿਤ ਅੰਮ੍ਰਿਤਸਰ ਦੇ 546, ਬਰਨਾਲਾ ਦੇ 19, ਬਠਿੰਡਾ ਦੇ 14, ਫਰੀਦਕੋਟ ਦੇ 10, ਸ੍ਰੀ ਫਤਹਿਗੜ੍ਹ ਸਾਹਿਬ ਦੇ 21, ਜਲੰਧਰ ਦੇ 129, ਕਪੂਰਥਲਾ ਦੇ 90, ਮਾਨਸਾ ਦੇ 27, ਪਟਿਆਲਾ ਦੇ 39, ਪਠਾਨਕੋਟ ਦੇ 208, ਐਸ.ਏ.ਐਸ. ਨਗਰ ਦੇ 22, ਐਸ.ਬੀ.ਐਸ. ਨਗਰ ਦੇ 103 ਅਤੇ ਮਲੇਰਕੋਟਲਾ ਦੇ 13 ਲਾਭਪਾਤਰੀਆਂ ਨੂੰ ਲਾਭ ਮਿਲੇਗਾ।
ਡਾ. ਬਲਜੀਤ ਕੌਰ ਨੇ ਕਿਹਾ ਕਿ ਅਸ਼ੀਰਵਾਦ ਸਕੀਮ ਤਹਿਤ ਯੋਗ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ ਲਈ 51,000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਹ ਸਕੀਮ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਲਈ ਵੱਡਾ ਸਹਾਰਾ ਸਾਬਤ ਹੋ ਰਹੀ ਹੈ ਅਤੇ ਵਿਆਹ ਸਮੇਂ ਪੈਣ ਵਾਲੇ ਵਿੱਤੀ ਬੋਝ ਨੂੰ ਘਟਾਉਣ ਵਿੱਚ ਮਦਦਗਾਰ ਹੈ।
ਉਨ੍ਹਾਂ ਦੱਸਿਆ ਕਿ ਯੋਗਤਾ ਲਈ ਪਰਿਵਾਰ ਦਾ ਪੰਜਾਬ ਦਾ ਸਥਾਈ ਨਿਵਾਸੀ ਹੋਣਾ, ਗਰੀਬੀ ਰੇਖਾ ਤੋਂ ਹੇਠਾਂ ਹੋਣਾ ਅਤੇ ਸਾਲਾਨਾ ਆਮਦਨ 32,790 ਰੁਪਏ ਤੋਂ ਘੱਟ ਹੋਣੀ ਲਾਜ਼ਮੀ ਹੈ। ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਲੈ ਸਕਦੀਆਂ ਹਨ।
ਮੰਤਰੀ ਨੇ ਕਿਹਾ ਕਿ ਵਿੱਤੀ ਸਹਾਇਤਾ ਦੀ ਰਕਮ ਡਾਇਰੈਕਟ ਬੈਨੀਫਿਟ ਟਰਾਂਸਫਰ (DBT) ਰਾਹੀਂ ਸਿੱਧੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਭੇਜੀ ਜਾਂਦੀ ਹੈ, ਜਿਸ ਨਾਲ ਪਾਰਦਰਸ਼ਤਾ ਅਤੇ ਜਵਾਬਦੇਹੀ ਯਕੀਨੀ ਬਣਦੀ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH