
ਚੰਡੀਗੜ੍ਹ, 01 ਜੂਨ (ਹਿੰ.ਸ.)| ਪੰਜਾਬ ਦੀ ਮਜ਼ਬੂਤ ਵਿੱਤੀ ਕਾਰਗੁਜ਼ਾਰੀ ਨੂੰ ਦੁਹਰਾਉਂਦਿਆਂ ਸੂਬੇ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਐਲਾਨ ਕੀਤਾ ਹੈ ਕਿ ਮਈ 2026 ਦੌਰਾਨ ਵਸਤੂਆਂ ਅਤੇ ਸੇਵਾਵਾਂ ਕਰ ਦੀ ਕਲੈਕਸ਼ਨ ਵਿੱਚ ਸੂਬੇ ਨੇ 14.59 ਫੀਸਦੀ ਦਾ ਵਾਧਾ ਦਰਜ ਕੀਤਾ ਹੈ। ਵਿੱਤ ਮੰਤਰੀ ਅਨੁਸਾਰ, ਮਈ 2026 ਵਿੱਚ ਪੰਜਾਬ ਨੇ ਕੁੱਲ 2,400.52 ਕਰੋੜ ਰੁਪਏ ਜੀਐੱਸਟੀ ਮਾਲੀਆ ਇਕੱਠਾ ਕੀਤਾ ਹੈ, ਜਦਕਿ ਪਿਛਲੇ ਸਾਲ ਮਈ 2025 ਵਿੱਚ ਇਹ ਅੰਕੜਾ 2,094.81 ਕਰੋੜ ਰੁਪਏ ਸੀ। ਇਸ ਤਰ੍ਹਾਂ ਸੂਬੇ ਨੂੰ 305.71 ਕਰੋੜ ਰੁਪਏ ਦਾ ਵਾਧੂ ਮਾਲੀਆ ਪ੍ਰਾਪਤ ਹੋਇਆ ਹੈ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਵਾਧਾ ਸੂਬੇ ਵਿੱਚ ਜਾਰੀ ਆਰਥਿਕ ਗਤੀਵਿਧੀਆਂ, ਟੈਕਸ ਪਾਲਣਾ ਵਿੱਚ ਸੁਧਾਰ ਅਤੇ ਆਬਕਾਰੀ ਤੇ ਕਰ ਵਿਭਾਗ ਵੱਲੋਂ ਲਾਗੂ ਕੀਤੇ ਜਾ ਰਹੇ ਸਖ਼ਤ ਇਨਫੋਰਸਮੈਂਟ ਉਪਾਵਾਂ ਦਾ ਨਤੀਜਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦੀ GST ਕਾਰਗੁਜ਼ਾਰੀ ਕੌਮੀ ਔਸਤ ਨਾਲੋਂ ਵੀ ਵਧੀਆ ਰਹੀ ਹੈ, ਜਿੱਥੇ ਦੇਸ਼ ਦੇ ਕੁੱਲ GST ਮਾਲੀਏ ਵਿੱਚ ਸਿਰਫ਼ ਲਗਭਗ 3.2 ਫੀਸਦੀ ਵਾਧਾ ਦਰਜ ਕੀਤਾ ਗਿਆ।
ਵਿੱਤ ਮੰਤਰੀ ਨੇ ਜਾਣਕਾਰੀ ਦਿੱਤੀ ਕਿ ਸੂਬੇ ਵਿੱਚ ਕੈਸ਼ ਕਲੈਕਸ਼ਨ ਵਿੱਚ ਵੀ 6.57 ਫੀਸਦੀ ਵਾਧਾ ਹੋਇਆ ਹੈ, ਜੋ ਵਿੱਤੀ ਪ੍ਰਬੰਧਨ ਅਤੇ ਟੈਕਸ ਪ੍ਰਸ਼ਾਸਨ ਦੀ ਮਜ਼ਬੂਤੀ ਨੂੰ ਦਰਸਾਉਂਦਾ ਹੈ।
ਇਨਫੋਰਸਮੈਂਟ ਕਾਰਵਾਈਆਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟਸ (SIPU) ਨੇ ਮਈ 2026 ਦੌਰਾਨ 182.69 ਕਰੋੜ ਰੁਪਏ ਜੁਰਮਾਨਾ ਲਗਾਇਆ ਅਤੇ 178.76 ਕਰੋੜ ਰੁਪਏ ਦੀ ਵਸੂਲੀ ਕੀਤੀ ਹੈ। ਇਹ ਕਾਰਵਾਈਆਂ ਡਾਟਾ ਐਨਾਲਿਟਿਕਸ, ਖੁਫੀਆ ਜਾਣਕਾਰੀ ਅਤੇ ਫੀਲਡ ਜਾਂਚਾਂ ਦੇ ਆਧਾਰ ‘ਤੇ ਕੀਤੀਆਂ ਗਈਆਂ ਹਨ।
ਵਿੱਤ ਮੰਤਰੀ ਨੇ ਇੱਕ ਵੱਡੇ ਖੁਲਾਸੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਪੰਜਾਬ ਕਰ ਵਿਭਾਗ ਨੇ 85.4 ਕਰੋੜ ਰੁਪਏ ਦੇ ਫਰਜ਼ੀ ਬਿਲਿੰਗ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਇਸ ਮਾਮਲੇ ਵਿੱਚ ਲੁਧਿਆਣਾ ਦੀ ਇੱਕ ਫਰਮ ਦੇ ਡਾਇਰੈਕਟਰ ਨੂੰ 15.56 ਕਰੋੜ ਰੁਪਏ ਦੇ ਫਰਜ਼ੀ ਇਨਪੁਟ ਟੈਕਸ ਕ੍ਰੈਡਿਟ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਜਾਂਚ ਵਿੱਚ ਸਾਹਮਣੇ ਆਇਆ ਕਿ ਗੈਰ-ਮੌਜੂਦ ਫਰਮਾਂ, ਫਰਜ਼ੀ ਇਨਵੌਇਸ ਅਤੇ ਜਾਲਸਾਜ਼ੀ ਵਾਲੇ ਟਰਾਂਸਪੋਰਟ ਦਸਤਾਵੇਜ਼ਾਂ ਰਾਹੀਂ ਟੈਕਸ ਧੋਖਾਧੜੀ ਕੀਤੀ ਜਾ ਰਹੀ ਸੀ।
ਉਨ੍ਹਾਂ ਦੱਸਿਆ ਕਿ ਇਸ ਕਾਰਵਾਈ ਨਾਲ ਜੁੜੇ ਲਾਭਪਾਤਰੀਆਂ ਕੋਲੋਂ ਲਗਭਗ 3 ਕਰੋੜ ਰੁਪਏ ਦੀ ਵਸੂਲੀ ਵੀ ਕੀਤੀ ਜਾ ਚੁੱਕੀ ਹੈ। ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਟੈਕਸ ਚੋਰੀ ਅਤੇ ਫਰਜ਼ੀ ਬਿਲਿੰਗ ਖ਼ਿਲਾਫ਼ ‘ਜ਼ੀਰੋ ਟੋਲਰੈਂਸ’ ਨੀਤੀ ‘ਤੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਇਮਾਨਦਾਰ ਟੈਕਸਦਾਤਾਵਾਂ ਲਈ ਨਿਆਂਪੂਰਨ ਮਾਹੌਲ ਬਣਾਉਣਾ ਅਤੇ ਸੂਬੇ ਦੇ ਮਾਲੀਏ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH