ਪੰਜਾਬ ਮੰਤਰੀ ਮੰਡਲ ਵੱਲੋਂ ਨੀਟ ਪ੍ਰੀਖਿਆਰਥੀਆਂ ਲਈ ਮੁਫ਼ਤ ਬੱਸ ਸਫ਼ਰ ਅਤੇ 1,013 ਲੈਕਚਰਾਰਾਂ ਦੀ ਭਰਤੀ ਨੂੰ ਮਨਜ਼ੂਰੀ
ਚੰਡੀਗੜ੍ਹ, 10 ਜੂਨ (ਹਿੰ.ਸ.)| ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਵਿਦਿਆਰਥੀਆਂ ਅਤੇ ਨੌਜਵਾਨਾਂ ਦੇ ਹਿੱਤ ਵਿੱਚ ਦੋ ਮਹੱਤਵਪੂਰਨ ਫੈਸਲੇ ਲੈਂਦਿਆਂ ਨੀਟ (ਯੂਜੀ) ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਬੱਸ ਸਫ਼ਰ ਅਤੇ ਸਕੂਲ ਸਿੱਖਿਆ ਵਿਭਾਗ ਵਿੱਚ 1,013 ਲੈ
ਮੁੱਖ ਮੰਤਰੀ ਭਗਵੰਤ ਸਿੰਘ ਮਾਨ


ਚੰਡੀਗੜ੍ਹ, 10 ਜੂਨ (ਹਿੰ.ਸ.)| ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਵਿਦਿਆਰਥੀਆਂ ਅਤੇ ਨੌਜਵਾਨਾਂ ਦੇ ਹਿੱਤ ਵਿੱਚ ਦੋ ਮਹੱਤਵਪੂਰਨ ਫੈਸਲੇ ਲੈਂਦਿਆਂ ਨੀਟ (ਯੂਜੀ) ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਬੱਸ ਸਫ਼ਰ ਅਤੇ ਸਕੂਲ ਸਿੱਖਿਆ ਵਿਭਾਗ ਵਿੱਚ 1,013 ਲੈਕਚਰਾਰਾਂ ਦੀ ਭਰਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਫੈਸਲੇ ਸਿੱਖਿਆ ਖੇਤਰ ਨੂੰ ਮਜ਼ਬੂਤ ਕਰਨ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਵੱਲ ਅਹਿਮ ਕਦਮ ਮੰਨੇ ਜਾ ਰਹੇ ਹਨ।

ਕੈਬਨਿਟ ਮੀਟਿੰਗ ਦੌਰਾਨ ਲਏ ਗਏ ਫੈਸਲੇ ਅਨੁਸਾਰ 3 ਮਈ 2026 ਨੂੰ ਰੱਦ ਕੀਤੀ ਗਈ ਨੀਟ ਪ੍ਰੀਖਿਆ ਹੁਣ 21 ਜੂਨ 2026 ਨੂੰ ਮੁੜ ਕਰਵਾਈ ਜਾਵੇਗੀ। ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਅਤੇ ਉਨ੍ਹਾਂ ਨਾਲ ਜਾਣ ਵਾਲੇ ਇੱਕ ਅਟੈਂਡੈਂਟ ਨੂੰ 20, 21 ਅਤੇ 22 ਜੂਨ ਦੌਰਾਨ ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਦੀਆਂ ਬੱਸਾਂ ਵਿੱਚ ਮੁਫ਼ਤ ਸਫ਼ਰ ਦੀ ਸਹੂਲਤ ਦਿੱਤੀ ਜਾਵੇਗੀ। ਵਿਦਿਆਰਥੀਆਂ ਨੂੰ ਸਿਰਫ਼ ਆਪਣਾ ਐਡਮਿਟ ਕਾਰਡ ਦਿਖਾਉਣਾ ਹੋਵੇਗਾ।

ਸਰਕਾਰ ਨੇ ਇਸ ਦੇ ਨਾਲ ਸਕੂਲ ਸਿੱਖਿਆ ਵਿਭਾਗ ਵਿੱਚ ਲੈਕਚਰਾਰ ਕਾਡਰ ਦੀਆਂ 1,013 ਖਾਲੀ ਅਸਾਮੀਆਂ ਭਰਨ ਲਈ ਵੀ ਹਰੀ ਝੰਡੀ ਦੇ ਦਿੱਤੀ ਹੈ। ਇਨ੍ਹਾਂ ਵਿੱਚ ਬੈਕਲਾਗ ਅਤੇ ਨਵੀਆਂ ਸਿਰਜੀਆਂ ਅਸਾਮੀਆਂ ਸ਼ਾਮਲ ਹਨ। ਭਰਤੀ ਐਜੂਕੇਸ਼ਨ ਰਿਕਰੂਟਮੈਂਟ ਡਾਇਰੈਕਟੋਰੇਟ ਰਾਹੀਂ ਕੀਤੀ ਜਾਵੇਗੀ।

ਨੌਜਵਾਨ ਉਮੀਦਵਾਰਾਂ ਨੂੰ ਵੱਡੀ ਰਾਹਤ ਦਿੰਦਿਆਂ ਕੈਬਨਿਟ ਨੇ ਲੈਕਚਰਾਰ ਅਸਾਮੀਆਂ ਲਈ ਅਰਜ਼ੀ ਦੇਣ ਵਾਲਿਆਂ ਨੂੰ ਉਪਰਲੀ ਉਮਰ ਹੱਦ ਵਿੱਚ ਪੰਜ ਸਾਲ ਦੀ ਇਕਮੁਸ਼ਤ ਛੋਟ ਦੇਣ ਦਾ ਵੀ ਫੈਸਲਾ ਕੀਤਾ ਹੈ। ਸਰਕਾਰ ਦਾ ਮੰਨਣਾ ਹੈ ਕਿ ਇਸ ਨਾਲ ਵੱਡੀ ਗਿਣਤੀ ਵਿੱਚ ਯੋਗ ਉਮੀਦਵਾਰਾਂ ਨੂੰ ਸਰਕਾਰੀ ਨੌਕਰੀਆਂ ਲਈ ਮੌਕਾ ਮਿਲੇਗਾ। ਮੁੱਖ ਮੰਤਰੀ ਦਫ਼ਤਰ ਅਨੁਸਾਰ ਇਹ ਫੈਸਲੇ ਸਿੱਖਿਆ ਨੂੰ ਉਤਸ਼ਾਹਿਤ ਕਰਨ, ਵਿਦਿਆਰਥੀਆਂ ਦਾ ਵਿੱਤੀ ਬੋਝ ਘਟਾਉਣ ਅਤੇ ਸਰਕਾਰੀ ਸਕੂਲਾਂ ਵਿੱਚ ਮਿਆਰੀ ਸਿੱਖਿਆ ਯਕੀਨੀ ਬਣਾਉਣ ਵੱਲ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੇ ਹਨ। ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਵਧਾਉਣ ਦੇ ਨਾਲ ਇਹ ਕਦਮ ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਵਿੱਚ ਵੀ ਸਹਾਇਕ ਸਾਬਤ ਹੋਣਗੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande