
ਚੰਡੀਗੜ੍ਹ, 17 ਜੂਨ (ਹਿੰ.ਸ.)| ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕਿ ਪੰਜਾਬ ਨੇ 1.74 ਲੱਖ ਕਰੋੜ ਰੁਪਏ ਦਾ ਨਿਵੇਸ਼ ਆਕਰਸ਼ਿਤ ਕਰਕੇ ਉਦਯੋਗਿਕ ਵਿਕਾਸ ਦੇ ਖੇਤਰ ਵਿੱਚ ਨਵਾਂ ਇਤਿਹਾਸ ਰਚਿਆ ਹੈ। ਉਨ੍ਹਾਂ ਕਿਹਾ ਕਿ ਇਸ ਵੱਡੇ ਪੱਧਰ ਦੇ ਨਿਵੇਸ਼ ਨਾਲ ਸੂਬੇ ਵਿੱਚ 5.89 ਲੱਖ ਨਵੇਂ ਰੋਜ਼ਗਾਰ ਦੇ ਮੌਕੇ ਪੈਦਾ ਹੋਏ ਹਨ, ਜਿਸ ਨਾਲ ਨੌਜਵਾਨਾਂ ਨੂੰ ਵੱਡਾ ਲਾਭ ਮਿਲਿਆ ਹੈ।ਸੰਧਵਾਂ ਨੇ ਕਿਹਾ ਕਿ ਪੰਜਾਬ ਦੀ ਉਪਜਾਊ ਧਰਤੀ ਹੁਣ ਸਿਰਫ਼ ਖੇਤੀਬਾੜੀ ਲਈ ਹੀ ਨਹੀਂ, ਸਗੋਂ ਉਦਯੋਗਿਕ ਵਿਕਾਸ ਲਈ ਵੀ ਮਹੱਤਵਪੂਰਨ ਸਾਬਤ ਹੋ ਰਹੀ ਹੈ। ਉਨ੍ਹਾਂ ਦੇਸ਼-ਵਿਦੇਸ਼ ਦੀਆਂ ਵੱਡੀਆਂ ਉਦਯੋਗਿਕ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ।ਉੱਦਮਤਾ ਨੂੰ ਉਤਸ਼ਾਹਿਤ ਕਰਨ ਦੀ ਲੋੜ 'ਤੇ ਜ਼ੋਰ ਦਿੰਦਿਆਂ ਸਪੀਕਰ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਸਟਾਰਟਅੱਪ ਅਤੇ ਕਾਰੋਬਾਰ ਵੱਲ ਪ੍ਰੇਰਿਤ ਕਰਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਸਿਰਫ਼ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨ ਦੀ ਸੋਚ ਵਿਕਸਿਤ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਆਪਣਾ ਕਾਰੋਬਾਰ ਸ਼ੁਰੂ ਕਰਕੇ ਨੌਜਵਾਨ ਨਾ ਸਿਰਫ਼ ਆਪਣੀ ਆਰਥਿਕ ਸਥਿਤੀ ਮਜ਼ਬੂਤ ਕਰ ਸਕਦੇ ਹਨ, ਬਲਕਿ ਹੋਰ ਲੋਕਾਂ ਲਈ ਵੀ ਰੋਜ਼ਗਾਰ ਦੇ ਮੌਕੇ ਪੈਦਾ ਕਰ ਸਕਦੇ ਹਨ।
ਵਿਸ਼ਵ ਪੱਧਰੀ ਉਦਾਹਰਣ ਦਿੰਦਿਆਂ ਸੰਧਵਾਂ ਨੇ ਕਿਹਾ ਕਿ ਚੀਨ ਦੀ ਤਰੱਕੀ ਦਾ ਵੱਡਾ ਕਾਰਨ ਉਸ ਵੱਲੋਂ ਉਦਯੋਗੀਕਰਨ ਨੂੰ ਦਿੱਤਾ ਗਿਆ ਵੱਡਾ ਉਤਸ਼ਾਹ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਵੀ ਮੌਜੂਦਾ ਸਰਕਾਰ ਦੇ ਸਮੇਂ ਉਦਯੋਗਿਕ ਨਿਵੇਸ਼ ਵਿੱਚ ਵਾਧਾ ਹੋਇਆ ਹੈ ਅਤੇ ਸਰਕਾਰ ਨੇ ਪੰਜਾਬ ਨੂੰ ਨਿਵੇਸ਼ ਲਈ ਪਸੰਦੀਦਾ ਸਥਾਨ ਬਣਾਉਣ ਲਈ ਕਈ ਕਦਮ ਚੁੱਕੇ ਹਨ।
ਸਪੀਕਰ ਨੇ ਕਿਹਾ ਕਿ ਸਰਕਾਰ ਵੱਲੋਂ ਬਣਾਈ ਗਈ ਨਵੀਂ ਉਦਯੋਗਿਕ ਨੀਤੀ ਨੂੰ ਉਦਯੋਗਿਕ ਖੇਤਰ ਵੱਲੋਂ ਚੰਗਾ ਹੁੰਗਾਰਾ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਇਹ ਨੀਤੀ ਉਦਯੋਗਪਤੀਆਂ ਦੀਆਂ ਸਿਫ਼ਾਰਸ਼ਾਂ ਅਤੇ ਲੋੜਾਂ ਨੂੰ ਧਿਆਨ ਵਿੱਚ ਰੱਖ ਕੇ ਤਿਆਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮੋਹਾਲੀ ਨੂੰ ਵਿਸ਼ਵ ਪੱਧਰੀ ਆਈਟੀ ਬਿਜ਼ਨਸ ਹੱਬ ਵਜੋਂ ਵਿਕਸਤ ਕਰਨ ਦੀ ਯੋਜਨਾ 'ਤੇ ਵੀ ਕੰਮ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਦਾ ਉਦੇਸ਼ ਹੈ ਕਿ ਵੱਧ ਤੋਂ ਵੱਧ ਉਦਯੋਗ ਸੂਬੇ ਵਿੱਚ ਆਉਣ ਅਤੇ ਨੌਜਵਾਨਾਂ ਲਈ ਨਵੇਂ ਮੌਕੇ ਪੈਦਾ ਹੋਣ।
ਹਿੰਦੂਸਥਾਨ ਸਮਾਚਾਰ / GURSHARAN SINGH