ਅਕਾਲ ਤਖ਼ਤ ਸਾਹਿਬ ਦਾ ਰੁਤਬਾ ਕਿਸੇ ਵੀ ਮੁੱਖ ਮੰਤਰੀ ਦੀ ਕੁਰਸੀ ਤੋਂ ਉੱਚਾ ਹੈ : ਕੇਵਲ ਸਿੰਘ ਢਿੱਲੋਂ
ਚੰਡੀਗੜ੍ਹ, 17 ਜੂਨ (ਹਿੰ.ਸ.)| ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਮੁੱਖ ਮੰਤਰੀ ਭਗਵੰਤ ਮਾਨ ''ਤੇ ਨਿਸ਼ਾਨਾ ਸਾਧਦਿਆਂ ਕਿਹਾ ਹੈ ਕਿ ਜੇ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਅਕਾਲ ਤਖ਼ਤ ਸਾਹਿਬ ਅੱਗੇ ਸੀਸ ਨਿਵਾ ਸਕਦੇ ਸਨ ਤਾਂ ਮੁੱਖ ਮੰਤਰੀ ਭਗਵੰਤ ਮਾਨ ਵੀ ਉੱਥੇ ਜਾ ਕ
ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ


ਚੰਡੀਗੜ੍ਹ, 17 ਜੂਨ (ਹਿੰ.ਸ.)| ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਹੈ ਕਿ ਜੇ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਅਕਾਲ ਤਖ਼ਤ ਸਾਹਿਬ ਅੱਗੇ ਸੀਸ ਨਿਵਾ ਸਕਦੇ ਸਨ ਤਾਂ ਮੁੱਖ ਮੰਤਰੀ ਭਗਵੰਤ ਮਾਨ ਵੀ ਉੱਥੇ ਜਾ ਕੇ ਆਪਣੀ ਨਿਮਰਤਾ ਦਿਖਾ ਸਕਦੇ ਹਨ।

ਢਿੱਲੋਂ ਨੇ ਕਿਹਾ ਕਿ ਅਕਾਲ ਤਖ਼ਤ ਸਾਹਿਬ ਦਾ ਰੁਤਬਾ ਕਿਸੇ ਵੀ ਮੁੱਖ ਮੰਤਰੀ ਜਾਂ ਰਾਜਸੀ ਅਹੁਦੇ ਤੋਂ ਉੱਚਾ ਹੈ ਅਤੇ ਇਹ ਸਥਾਨ ਹਮੇਸ਼ਾ ਧਾਰਮਿਕ ਮਰਿਆਦਾ ਦਾ ਪ੍ਰਤੀਕ ਰਹੇਗਾ। ਉਨ੍ਹਾਂ ਸਵਾਲ ਕੀਤਾ ਕਿ ਕੀ ਸਿਆਸੀ ਕੁਰਸੀ ਦਾ ਅਹੰਕਾਰ ਗੁਰੂ ਘਰ ਦੀ ਮਰਿਆਦਾ ਤੋਂ ਵੀ ਵੱਡਾ ਹੋ ਗਿਆ ਹੈ।

ਭਾਜਪਾ ਆਗੂ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਇੱਕ ਮਹਾਨ ਸ਼ਾਸਕ ਸਨ, ਜਿਨ੍ਹਾਂ ਦੀ ਅਗਵਾਈ ਹੇਠ ਪੰਜਾਬ ਇੱਕ ਮਜ਼ਬੂਤ ਸਾਮਰਾਜ ਵਜੋਂ ਉਭਰਿਆ। ਇਸ ਦੇ ਬਾਵਜੂਦ ਜਦੋਂ ਅਕਾਲ ਤਖ਼ਤ ਸਾਹਿਬ ਵੱਲੋਂ ਉਨ੍ਹਾਂ ਨੂੰ ਤਲਬ ਕੀਤਾ ਗਿਆ ਤਾਂ ਉਹ ਬਾਦਸ਼ਾਹ ਵਜੋਂ ਨਹੀਂ, ਸਗੋਂ ਗੁਰੂ ਘਰ ਦੇ ਨਿਮਰ ਸੇਵਕ ਵਜੋਂ ਹਾਜ਼ਰ ਹੋਏ।

ਉਨ੍ਹਾਂ ਕਿਹਾ ਕਿ ਜੱਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਜੀ ਵੱਲੋਂ ਮਹਾਰਾਜਾ ਰਣਜੀਤ ਸਿੰਘ ਨੂੰ ਤਨਖਾਹੀਆ ਕਰਾਰ ਦਿੱਤੇ ਜਾਣ ਤੋਂ ਬਾਅਦ ਉਨ੍ਹਾਂ ਨੇ ਬਿਨਾਂ ਕਿਸੇ ਵਿਰੋਧ ਦੇ ਸਜ਼ਾ ਸਵੀਕਾਰ ਕੀਤੀ ਅਤੇ ਆਪਣਾ ਸੀਸ ਝੁਕਾਇਆ। ਢਿੱਲੋਂ ਨੇ ਕਿਹਾ ਕਿ ਇਹੀ ਮਹਾਰਾਜਾ ਰਣਜੀਤ ਸਿੰਘ ਦੀ ਮਹਾਨਤਾ ਸੀ ਕਿ ਉਨ੍ਹਾਂ ਲਈ ਧਰਮ ਅਤੇ ਪੰਥ ਰਾਜਸੀ ਤਾਕਤ ਤੋਂ ਉੱਪਰ ਸਨ।

ਕੇਵਲ ਸਿੰਘ ਢਿੱਲੋਂ ਨੇ ਦੋਸ਼ ਲਗਾਇਆ ਕਿ ਇਸ ਦੇ ਉਲਟ ਭਗਵੰਤ ਮਾਨ ਨੇ ਅਕਾਲ ਤਖ਼ਤ ਸਾਹਿਬ ਦੇ ਫੈਸਲੇ ਪ੍ਰਤੀ ਨਿਮਰਤਾ ਨਹੀਂ ਦਿਖਾਈ। ਉਨ੍ਹਾਂ ਕਿਹਾ ਕਿ ਜਦੋਂ ਮੁੱਖ ਮੰਤਰੀ ਖ਼ਿਲਾਫ਼ ਧਾਰਮਿਕ ਮਾਮਲੇ ਨੂੰ ਲੈ ਕੇ ਸਵਾਲ ਉੱਠੇ ਤਾਂ ਉਨ੍ਹਾਂ ਨੇ ਇਸ ਨੂੰ ਸਿਆਸੀ ਸਾਜ਼ਿਸ਼ ਦੱਸਿਆ ਅਤੇ ਅਕਾਲ ਤਖ਼ਤ ਸਾਹਿਬ ਦੇ ਫੈਸਲੇ 'ਤੇ ਸਵਾਲ ਚੁੱਕੇ।

ਉਨ੍ਹਾਂ ਕਿਹਾ ਕਿ ਫੋਰੈਂਸਿਕ ਰਿਪੋਰਟਾਂ ਅਤੇ ਜਾਂਚ ਨਾਲ ਜੁੜੇ ਮਾਮਲਿਆਂ ਨੂੰ ਵੀ ਨਜ਼ਰਅੰਦਾਜ਼ ਕਰਨ ਦੀ ਕੋਸ਼ਿਸ਼ ਕੀਤੀ ਗਈ। ਢਿੱਲੋਂ ਨੇ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਜਿਨ੍ਹਾਂ ਨੇ ਵੀ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਨੂੰ ਚੁਣੌਤੀ ਦਿੱਤੀ, ਉਨ੍ਹਾਂ ਨੂੰ ਨੁਕਸਾਨ ਝੱਲਣਾ ਪਿਆ। ਉਨ੍ਹਾਂ ਭਗਵੰਤ ਮਾਨ ਨੂੰ ਅਪੀਲ ਕੀਤੀ ਕਿ ਉਹ ਇਤਿਹਾਸ ਤੋਂ ਸਬਕ ਲੈਣ ਅਤੇ ਧਾਰਮਿਕ ਸੰਸਥਾਵਾਂ ਦੀ ਮਰਿਆਦਾ ਦਾ ਸਤਿਕਾਰ ਕਰਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande