
ਅੰਮ੍ਰਿਤਸਰ, 22 ਜੂਨ (ਹਿੰ.ਸ.)| ਅੰਮ੍ਰਿਤਸਰ ਪੁਲਿਸ ਨੇ ਫਿਰੌਤੀ ਅਤੇ ਫਾਇਰਿੰਗ ਦੀਆਂ ਕਈ ਵਾਰਦਾਤਾਂ ਵਿੱਚ ਸ਼ਾਮਲ ਇੱਕ ਸੰਗਠਿਤ ਗੈਂਗ ਦੇ ਤਿੰਨ ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਪ੍ਰੈੱਸ ਕਾਨਫਰੰਸ ਦੌਰਾਨ ਦਿੱਤੀ। ਉਨ੍ਹਾਂ ਦੱਸਿਆ ਕਿ ਇਹ ਗੈਂਗ ਵਿਦੇਸ਼ ਵਿੱਚ ਬੈਠੇ ਹੈਂਡਲਰਾਂ ਦੇ ਇਸ਼ਾਰਿਆਂ 'ਤੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇ ਰਿਹਾ ਸੀ।ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਗੁਰਦੇਵ ਸਿੰਘ, ਜਸ਼ਨਪ੍ਰੀਤ ਸਿੰਘ ਅਤੇ ਹਰਪ੍ਰਸਦੀਪ ਸਿੰਘ ਵਜੋਂ ਹੋਈ ਹੈ। ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਤਿੰਨੇ ਕਥਿਤ ਤੌਰ 'ਤੇ ਕੁੱਖਿਆਤ ਗੈਂਗਸਟਰ ਘਨਸ਼ਾਮਪੁਰੀਆ ਗੈਂਗ ਨਾਲ ਜੁੜੇ ਹੋਏ ਸਨ ਅਤੇ ਵਿਦੇਸ਼ ਵਿੱਚ ਬੈਠੇ ਦੋ ਹੈਂਡਲਰਾਂ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਹੇ ਸਨ।ਪੁਲਿਸ ਮੁਤਾਬਕ ਗੈਂਗ ਦੇ ਮੈਂਬਰ ਪਹਿਲਾਂ ਵਪਾਰੀਆਂ ਅਤੇ ਹੋਰ ਲੋਕਾਂ ਨੂੰ ਫੋਨ ਕਰਕੇ ਫਿਰੌਤੀ ਦੀ ਮੰਗ ਕਰਦੇ ਸਨ। ਜੇਕਰ ਕੋਈ ਵਿਅਕਤੀ ਪੈਸੇ ਦੇਣ ਤੋਂ ਇਨਕਾਰ ਕਰਦਾ ਸੀ ਤਾਂ ਇਹ ਮੁਲਜ਼ਮ ਉਸ ਦੇ ਘਰ ਜਾਂ ਕਾਰੋਬਾਰੀ ਅਦਾਰੇ ਦੇ ਬਾਹਰ ਫਾਇਰਿੰਗ ਕਰਕੇ ਦਹਿਸ਼ਤ ਦਾ ਮਾਹੌਲ ਪੈਦਾ ਕਰਦੇ ਸਨ। ਇਸ ਤੋਂ ਬਾਅਦ ਦੁਬਾਰਾ ਧਮਕੀਆਂ ਦੇ ਕੇ ਫਿਰੌਤੀ ਦੀ ਮੰਗ ਕੀਤੀ ਜਾਂਦੀ ਸੀ।ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਮੁਲਜ਼ਮਾਂ ਨੇ ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ ਅਤੇ ਅੰਮ੍ਰਿਤਸਰ ਦਿਹਾਤੀ ਖੇਤਰਾਂ ਵਿੱਚ ਕਰੀਬ ਛੇ ਵਾਰਦਾਤਾਂ ਨੂੰ ਅੰਜਾਮ ਦਿੱਤਾ ਹੈ। ਇਨ੍ਹਾਂ ਵਿੱਚ ਇੱਕ ਪੈਟਰੋਲ ਪੰਪ ਲੁੱਟ ਦੀ ਘਟਨਾ ਵੀ ਸ਼ਾਮਲ ਹੈ। ਪੁਲਿਸ ਦਾ ਮੰਨਣਾ ਹੈ ਕਿ ਗੈਂਗ ਕਾਫੀ ਸਮੇਂ ਤੋਂ ਸਰਗਰਮ ਸੀ ਅਤੇ ਯੋਜਨਾਬੱਧ ਢੰਗ ਨਾਲ ਅਪਰਾਧ ਕਰ ਰਿਹਾ ਸੀ।ਗ੍ਰਿਫ਼ਤਾਰੀ ਦੌਰਾਨ ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਇੱਕ ਪਿਸਤੌਲ ਵੀ ਬਰਾਮਦ ਕੀਤਾ ਹੈ। ਹਥਿਆਰ ਨੂੰ ਫੋਰੈਂਸਿਕ ਜਾਂਚ ਲਈ ਭੇਜਿਆ ਗਿਆ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਇਸ ਦੀ ਵਰਤੋਂ ਕਿਹੜੀਆਂ ਵਾਰਦਾਤਾਂ ਵਿੱਚ ਕੀਤੀ ਗਈ ਸੀ।ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਮੁਲਜ਼ਮਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਗੈਂਗ ਦੇ ਬਾਕੀ ਮੈਂਬਰਾਂ ਦੀ ਗ੍ਰਿਫ਼ਤਾਰੀ ਲਈ ਵੀ ਛਾਪੇਮਾਰੀ ਜਾਰੀ ਹੈ ਅਤੇ ਕਾਨੂੰਨ-ਵਿਵਸਥਾ ਨੂੰ ਚੁਣੌਤੀ ਦੇਣ ਵਾਲੇ ਕਿਸੇ ਵੀ ਅਪਰਾਧੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਹਿੰਦੂਸਥਾਨ ਸਮਾਚਾਰ / GURSHARAN SINGH