
ਲੌਂਗੋਵਾਲ, 23 ਜੂਨ (ਹਿੰ.ਸ.)| ਲੌਂਗੋਵਾਲ ਨਗਰ ਕੌਂਸਲ ਵਿੱਚ ਮਹਿਲਾ ਆਗੂਆਂ ਨੇ ਸੱਤਾ ਦੀ ਕਮਾਨ ਸੰਭਾਲਦਿਆਂ ਇੱਕ ਨਵਾਂ ਇਤਿਹਾਸ ਰਚਿਆ ਹੈ। ਨਗਰ ਕੌਂਸਲ ਦੀਆਂ ਚੋਣਾਂ ਦੌਰਾਨ ਆਮ ਸਹਿਮਤੀ ਨਾਲ ਆਮ ਆਦਮੀ ਪਾਰਟੀ ਦੀ ਕੌਂਸਲਰ ਰਛਪਾਲ ਕੌਰ ਨੂੰ ਪ੍ਰਧਾਨ, ਕੁਲਦੀਪ ਸਿੰਘ ਬੰਟੀ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਕਰਮਜੀਤ ਕੌਰ ਨੂੰ ਮੀਤ ਪ੍ਰਧਾਨ ਚੁਣਿਆ ਗਿਆ।
ਇਸ ਮੌਕੇ ਪੰਜਾਬ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਨਵ-ਚੁਣੇ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਲੋਕ ਸੇਵਾ ਅਤੇ ਵਿਕਾਸ ਕਾਰਜਾਂ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਦਾ ਸੱਦਾ ਦਿੱਤਾ। ਅਮਨ ਅਰੋੜਾ ਨੇ ਕਿਹਾ ਕਿ ਲੌਂਗੋਵਾਲ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਉੱਤੇ ਜੋ ਭਰੋਸਾ ਪ੍ਰਗਟਾਇਆ ਹੈ, ਉਸ ਨੂੰ ਪੂਰੀ ਇਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਨਿਭਾਉਣਾ ਪਾਰਟੀ ਦੀ ਪਹਿਲੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਨਵੀਂ ਟੀਮ ਸਮਰਪਣ, ਮਿਹਨਤ ਅਤੇ ਵਚਨਬੱਧਤਾ ਨਾਲ ਸ਼ਹਿਰ ਦੇ ਸਰਵਪੱਖੀ ਵਿਕਾਸ ਅਤੇ ਲੋਕ ਭਲਾਈ ਲਈ ਕੰਮ ਕਰੇਗੀ।
ਉਨ੍ਹਾਂ ਕਿਹਾ ਕਿ ਲੌਂਗੋਵਾਲ ਦੇ ਵਿਕਾਸ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਪੰਜਾਬ ਸਰਕਾਰ ਵਿਕਾਸ ਕਾਰਜਾਂ ਲਈ ਫੰਡਾਂ ਦੀ ਘਾਟ ਨਹੀਂ ਆਉਣ ਦੇਵੇਗੀ ਅਤੇ ਜਨਹਿੱਤ ਨਾਲ ਸਬੰਧਤ ਹਰ ਪ੍ਰਾਜੈਕਟ ਨੂੰ ਪਹਿਲ ਦੇ ਆਧਾਰ ’ਤੇ ਮੁਕੰਮਲ ਕੀਤਾ ਜਾਵੇਗਾ। ਕੈਬਨਿਟ ਮੰਤਰੀ ਨੇ ਕਿਹਾ ਕਿ ਲੌਂਗੋਵਾਲ ਵਿੱਚ ਪਹਿਲਾਂ ਹੀ ਕਰੋੜਾਂ ਰੁਪਏ ਦੇ ਵਿਕਾਸ ਕਾਰਜ ਕਰਵਾਏ ਜਾ ਚੁੱਕੇ ਹਨ ਅਤੇ ਭਵਿੱਖ ਵਿੱਚ ਵੀ ਸ਼ਹਿਰ ਦੀ ਤਰੱਕੀ ਲਈ ਨਵੇਂ ਪ੍ਰਾਜੈਕਟ ਸ਼ੁਰੂ ਕੀਤੇ ਜਾਣਗੇ। ਉਨ੍ਹਾਂ ਉਮੀਦ ਜਤਾਈ ਕਿ ਸਾਰੇ ਕੌਂਸਲਰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸ਼ਹਿਰ ਦੇ ਹਿੱਤਾਂ ਨੂੰ ਪਹਿਲ ਦੇਣਗੇ ਅਤੇ ਵਿਕਾਸ ਕਾਰਜਾਂ ਨੂੰ ਹੋਰ ਗਤੀ ਦੇਣਗੇ।
ਨਵ-ਨਿਯੁਕਤ ਪ੍ਰਧਾਨ ਰਛਪਾਲ ਕੌਰ ਨੇ ਕਿਹਾ ਕਿ ਪਾਰਟੀ ਅਤੇ ਸ਼ਹਿਰ ਵਾਸੀਆਂ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ ਅਤੇ ਸਮਰਪਣ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਲੌਂਗੋਵਾਲ ਦੇ ਹਰ ਵਾਰਡ ਦਾ ਬਰਾਬਰ ਵਿਕਾਸ ਉਨ੍ਹਾਂ ਦੀ ਸਭ ਤੋਂ ਵੱਡੀ ਤਰਜੀਹ ਹੋਵੇਗੀ। ਸੀਨੀਅਰ ਮੀਤ ਪ੍ਰਧਾਨ ਕੁਲਦੀਪ ਸਿੰਘ ਬੰਟੀ ਨੇ ਕਿਹਾ ਕਿ ਪੂਰੀ ਟੀਮ ਇਕਜੁੱਟ ਹੋ ਕੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਅਤੇ ਸ਼ਹਿਰ ਦੇ ਵਿਕਾਸ ਲਈ ਲਗਾਤਾਰ ਕੰਮ ਕਰੇਗੀ।
ਮੀਤ ਪ੍ਰਧਾਨ ਕਰਮਜੀਤ ਕੌਰ ਨੇ ਕਿਹਾ ਕਿ ਨਗਰ ਕੌਂਸਲ ਸ਼ਹਿਰ ਵਿੱਚ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਉਣ ਅਤੇ ਨਾਗਰਿਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰੇਗੀ। ਇਸ ਮੌਕੇ ਆਮ ਆਦਮੀ ਪਾਰਟੀ ਦੇ ਆਗੂ, ਵਰਕਰ ਅਤੇ ਵੱਡੀ ਗਿਣਤੀ ਵਿੱਚ ਸਥਾਨਕ ਨਿਵਾਸੀ ਹਾਜ਼ਰ ਸਨ।
ਹਿੰਦੂਸਥਾਨ ਸਮਾਚਾਰ / GURSHARAN SINGH