ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ 125 ਕਰੋੜ ਰੁਪਏ ਤੋਂ ਵੱਧ ਜਾਰੀ: ਡਾ. ਬਲਜੀਤ ਕੌਰ
ਚੰਡੀਗੜ੍ਹ, 23 ਜੂਨ (ਹਿੰ.ਸ.)| ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸਿਰਫ਼ ਸਰਕਾਰੀ ਯੋਜਨਾਵਾਂ ਨੂੰ ਲਾਗੂ ਕਰਨਾ ਨਹੀਂ, ਸਗੋਂ ਸਮਾਜ ਦੇ ਹਰ ਲੋੜਵੰਦ ਅਤੇ ਦਿਵਿਆਂਗ ਵਿਅਕਤੀ ਤੱਕ ਸਮੇਂ ਸਿਰ ਮਦਦ ਪਹੁੰਚਾ ਕੇ ਉਨ੍ਹਾਂ ਦੇ ਜੀਵਨ
ਮੰਤਰੀ ਡਾ. ਬਲਜੀਤ ਕੌਰ


ਚੰਡੀਗੜ੍ਹ, 23 ਜੂਨ (ਹਿੰ.ਸ.)| ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸਿਰਫ਼ ਸਰਕਾਰੀ ਯੋਜਨਾਵਾਂ ਨੂੰ ਲਾਗੂ ਕਰਨਾ ਨਹੀਂ, ਸਗੋਂ ਸਮਾਜ ਦੇ ਹਰ ਲੋੜਵੰਦ ਅਤੇ ਦਿਵਿਆਂਗ ਵਿਅਕਤੀ ਤੱਕ ਸਮੇਂ ਸਿਰ ਮਦਦ ਪਹੁੰਚਾ ਕੇ ਉਨ੍ਹਾਂ ਦੇ ਜੀਵਨ ਨੂੰ ਸੁਖਾਲਾ ਅਤੇ ਸਨਮਾਨਯੋਗ ਬਣਾਉਣਾ ਹੈ।

ਵਿਭਾਗ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਮਈ 2026 ਤੱਕ ਦਿਵਿਆਂਗ ਵਿਅਕਤੀਆਂ ਨੂੰ ਵਿੱਤੀ ਸਹਾਇਤਾ ਦੇ ਰੂਪ ਵਿੱਚ 125 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਹ ਅੰਕੜਾ ਸਰਕਾਰ ਦੀ ਕਮਜ਼ੋਰ ਅਤੇ ਲੋੜਵੰਦ ਵਰਗਾਂ ਪ੍ਰਤੀ ਵਚਨਬੱਧਤਾ ਦਾ ਸਪੱਸ਼ਟ ਪ੍ਰਮਾਣ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਵਿੱਤੀ ਸਾਲ 2026-27 ਦੌਰਾਨ ਵੀ ਇਸ ਯੋਜਨਾ ਨੂੰ ਨਿਰੰਤਰ ਜਾਰੀ ਰੱਖਣ ਲਈ 498 ਕਰੋੜ ਰੁਪਏ ਦੀ ਰਾਸ਼ੀ ਦਾ ਵਿਸ਼ੇਸ਼ ਬਜਟ ਰੱਖਿਆ ਗਿਆ ਹੈ। ਇਸ ਲੋਕ ਭਲਾਈ ਸਕੀਮ ਦਾ ਸਿੱਧਾ ਲਾਭ ਸੂਬੇ ਦੇ 2.83 ਲੱਖ ਤੋਂ ਵੱਧ ਦਿਵਿਆਂਗ ਲਾਭਪਾਤਰੀਆਂ ਨੂੰ ਮਿਲ ਰਿਹਾ ਹੈ, ਜਿਸ ਨਾਲ ਉਹ ਆਰਥਿਕ ਤੌਰ ’ਤੇ ਖੁਦਮੁਖਤਿਆਰ ਬਣ ਸਕਣ।

ਉਨ੍ਹਾਂ ਦੱਸਿਆ ਕਿ ਇਸ ਸਕੀਮ ਦਾ ਲਾਭ ਉਨ੍ਹਾਂ ਦਿਵਿਆਂਗ ਵਿਅਕਤੀਆਂ ਨੂੰ ਦਿੱਤਾ ਜਾਂਦਾ ਹੈ ਜਿਨ੍ਹਾਂ ਦੀ ਸਾਲਾਨਾ ਆਮਦਨ 60 ਹਜ਼ਾਰ ਰੁਪਏ ਜਾਂ ਇਸ ਤੋਂ ਘੱਟ ਹੈ। ਇਸ ਤੋਂ ਇਲਾਵਾ ਬਿਨੈਕਾਰ ਘੱਟੋ-ਘੱਟ 50 ਫੀਸਦੀ ਦਿਵਿਆਂਗਤਾ ਦੀ ਸ਼੍ਰੇਣੀ ਵਿੱਚ ਆਉਂਦਾ ਹੋਵੇ ਅਤੇ ਆਪਣੀ ਰੋਜ਼ੀ-ਰੋਟੀ ਕਮਾਉਣ ਵਿੱਚ ਅਸਮਰੱਥ ਹੋਵੇ।

ਡਾ. ਬਲਜੀਤ ਕੌਰ ਨੇ ਕਿਹਾ ਕਿ ਮਾਨ ਸਰਕਾਰ ਦਾ ‘ਰੰਗਲਾ ਪੰਜਾਬ’ ਬਣਾਉਣ ਦਾ ਸੁਪਨਾ ਉਦੋਂ ਹੀ ਸਾਕਾਰ ਹੋਵੇਗਾ ਜਦੋਂ ਸਮਾਜ ਦਾ ਹਰ ਵਰਗ ਖੁਸ਼ਹਾਲ ਅਤੇ ਸੁਰੱਖਿਅਤ ਮਹਿਸੂਸ ਕਰੇਗਾ। ਉਨ੍ਹਾਂ ਕਿਹਾ ਕਿ ਦਿਵਿਆਂਗ ਵਿਅਕਤੀਆਂ ਦੇ ਚਿਹਰਿਆਂ ’ਤੇ ਮੁਸਕਾਨ ਅਤੇ ਆਰਥਿਕ ਸਵੈ-ਨਿਰਭਰਤਾ ਹੀ ਇੱਕ ਸਮਾਵੇਸ਼ੀ ਅਤੇ ਵਿਕਸਤ ਪੰਜਾਬ ਦੀ ਪਹਿਚਾਣ ਹੋਵੇਗੀ।

ਉਨ੍ਹਾਂ ਇਸ ਗੱਲ ’ਤੇ ਵੀ ਜ਼ੋਰ ਦਿੱਤਾ ਕਿ ਦਿਵਿਆਂਗ ਵਿਅਕਤੀਆਂ ਨੂੰ ਦਿੱਤੀ ਜਾਣ ਵਾਲੀ ਵਿੱਤੀ ਸਹਾਇਤਾ ਬਹੁਤ ਹੀ ਸੰਵੇਦਨਸ਼ੀਲ ਮਾਮਲਾ ਹੈ। ਇਸ ਲਈ ਵਿਭਾਗ ਦੇ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ ਗਏ ਹਨ ਕਿ ਲਾਭਪਾਤਰੀਆਂ ਨੂੰ ਹਰ ਮਹੀਨੇ ਸਮੇਂ ਸਿਰ ਸਹਾਇਤਾ ਰਾਸ਼ੀ ਜਾਰੀ ਕੀਤੀ ਜਾਵੇ, ਤਾਂ ਜੋ ਉਨ੍ਹਾਂ ਨੂੰ ਆਪਣੀਆਂ ਰੋਜ਼ਾਨਾ ਲੋੜਾਂ ਲਈ ਕਿਸੇ ਪ੍ਰਕਾਰ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਭਵਿੱਖ ਵਿੱਚ ਵੀ ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਉਨ੍ਹਾਂ ਦੀ ਸਮਾਜਿਕ ਤੇ ਆਰਥਿਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਜਾਰੀ ਰੱਖੇਗੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande