ਬਰਿੰਦਰ ਕੁਮਾਰ ਗੋਇਲ ਨੇ ਫ਼ਰੀਦਕੋਟ ’ਚ ਵਿਕਾਸ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ
ਕਿਹਾ- ਕਿਸਾਨਾਂ ਨੂੰ ਬਿਹਤਰ ਸਿੰਚਾਈ ਸਹੂਲਤਾਂ ਅਤੇ ਲੋਕਾਂ ਨੂੰ ਸੁਚਾਰੂ ਆਵਾਜਾਈ ਮੁਹੱਈਆ ਕਰਵਾਉਣਾ ਸਰਕਾਰ ਦੀ ਤਰਜੀਹ ਫ਼ਰੀਦਕੋਟ, 24 ਜੂਨ (ਹਿੰ.ਸ.)| ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਬੁੱਧਵਾਰ ਨੂੰ ਫ਼ਰੀਦਕੋਟ ਵਿਧਾਨ ਸਭਾ ਹਲਕੇ ਵਿੱਚ 50 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਵੱਖ-
ਉਦਘਾਟਨ ਮੌਕੇ ਮੰਤਰੀ ਬਰਿੰਦਰ ਕੁਮਾਰ ਗੋਇਲ।


ਕਿਹਾ- ਕਿਸਾਨਾਂ ਨੂੰ ਬਿਹਤਰ ਸਿੰਚਾਈ ਸਹੂਲਤਾਂ ਅਤੇ ਲੋਕਾਂ ਨੂੰ ਸੁਚਾਰੂ ਆਵਾਜਾਈ ਮੁਹੱਈਆ ਕਰਵਾਉਣਾ ਸਰਕਾਰ ਦੀ ਤਰਜੀਹ

ਫ਼ਰੀਦਕੋਟ, 24 ਜੂਨ (ਹਿੰ.ਸ.)| ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਬੁੱਧਵਾਰ ਨੂੰ ਫ਼ਰੀਦਕੋਟ ਵਿਧਾਨ ਸਭਾ ਹਲਕੇ ਵਿੱਚ 50 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਕੀਤੇ। ਇਸ ਮੌਕੇ ਫ਼ਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।

ਜਲ ਸਰੋਤ ਮੰਤਰੀ ਨੇ ਤਲਵੰਡੀ ਰੋਡ ਫ਼ਰੀਦਕੋਟ ਵਿਖੇ ਰਾਜਸਥਾਨ ਫੀਡਰ ਨਹਿਰ ਅਤੇ ਫ਼ਰੀਦਕੋਟ-ਕੋਟਕਪੂਰਾ ਰੋਡ ’ਤੇ ਸਰਹਿੰਦ ਫੀਡਰ ਨਹਿਰ ਉੱਪਰ ਬਣੇ ਨਵੇਂ ਸਿੰਗਲ ਸਪੈਨ ਸਟੀਲ ਪੁਲਾਂ ਦਾ ਉਦਘਾਟਨ ਕੀਤਾ। ਉਨ੍ਹਾਂ ਦੱਸਿਆ ਕਿ ਇਹ ਪੁਲ ਆਧੁਨਿਕ ਤਕਨੀਕ ਨਾਲ ਤਿਆਰ ਕੀਤੇ ਗਏ ਹਨ ਅਤੇ ਇਨ੍ਹਾਂ ਦੀ ਉਸਾਰੀ ’ਤੇ 38.16 ਕਰੋੜ ਰੁਪਏ ਖਰਚ ਕੀਤੇ ਗਏ ਹਨ।

ਉਨ੍ਹਾਂ ਕਿਹਾ ਕਿ ਪਹਿਲਾਂ ਇਨ੍ਹਾਂ ਥਾਵਾਂ ’ਤੇ ਬਣੇ ਪੁਲ ਕਰੀਬ 60 ਸਾਲ ਪੁਰਾਣੇ ਸਨ, ਜਿਸ ਕਾਰਨ ਵਧਦੇ ਟਰੈਫਿਕ ਦੇ ਮੱਦੇਨਜ਼ਰ ਆਵਾਜਾਈ ਵਿੱਚ ਦਿੱਕਤਾਂ ਆ ਰਹੀਆਂ ਸਨ। ਨਵੇਂ ਪੁਲਾਂ ਦੀ ਕੈਰੇਜ ਵੇਅ ਚੌੜਾਈ 7.5 ਮੀਟਰ ਰੱਖੀ ਗਈ ਹੈ, ਜਦਕਿ ਦੋਵੇਂ ਪਾਸਿਆਂ 1.20 ਮੀਟਰ ਚੌੜੇ ਪੈਦਲ ਮਾਰਗ ਵੀ ਬਣਾਏ ਗਏ ਹਨ।

ਇਸ ਤੋਂ ਬਾਅਦ ਕੈਬਨਿਟ ਮੰਤਰੀ ਨੇ ਪਿੰਡ ਹਸਨ ਭੱਟੀ ਵਿਖੇ ਨਹਿਰੀ ਮੋਘੇ ਅਤੇ ਵਿਧਾਨ ਸਭਾ ਹਲਕਾ ਫ਼ਰੀਦਕੋਟ ਅਧੀਨ 21 ਮੋਘਿਆਂ ਦੇ ਪੱਕੇ ਖਾਲਿਆਂ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਸਿੰਚਾਈ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਕਿਸਾਨਾਂ ਨੂੰ ਵੱਧ ਤੋਂ ਵੱਧ ਨਹਿਰੀ ਪਾਣੀ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ।

ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਫ਼ਰੀਦਕੋਟ ਹਲਕੇ ਵਿੱਚ 21 ਵਿਕਾਸ ਕਾਰਜਾਂ ਤਹਿਤ 34.50 ਕਿਲੋਮੀਟਰ ਲੰਬੇ ਪੱਕੇ ਖਾਲੇ ਤਿਆਰ ਕੀਤੇ ਗਏ ਹਨ, ਜਿਨ੍ਹਾਂ ’ਤੇ ਕਰੀਬ 11.90 ਕਰੋੜ ਰੁਪਏ ਦੀ ਲਾਗਤ ਆਈ ਹੈ। ਇਨ੍ਹਾਂ ਪ੍ਰਾਜੈਕਟਾਂ ਨਾਲ ਲਗਭਗ 780 ਏਕੜ ਰਕਬੇ ਨੂੰ ਸਿੱਧਾ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਪੱਕੇ ਖਾਲਿਆਂ ਨਾਲ ਪਾਣੀ ਦੀ ਬਰਬਾਦੀ ਰੁਕੇਗੀ ਅਤੇ ਖੇਤਾਂ ਤੱਕ ਪਾਣੀ ਦੀ ਪਹੁੰਚ ਹੋਰ ਸੁਚਾਰੂ ਢੰਗ ਨਾਲ ਯਕੀਨੀ ਬਣੇਗੀ।

ਮੰਤਰੀ ਨੇ ਨਾਬਾਰਡ ਸਕੀਮ ਤਹਿਤ 96.16 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਜ਼ਮੀਨਦੋਜ਼ ਪਾਈਪਲਾਈਨ ਪ੍ਰਾਜੈਕਟ ਦਾ ਵੀ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਇਸ ਨਾਲ ਸਿੰਚਾਈ ਪ੍ਰਬੰਧ ਹੋਰ ਮਜ਼ਬੂਤ ਹੋਵੇਗਾ ਅਤੇ ਕਿਸਾਨਾਂ ਨੂੰ ਸਮੇਂ ਸਿਰ ਪਾਣੀ ਦੀ ਉਪਲਬਧਤਾ ਯਕੀਨੀ ਬਣੇਗੀ।

ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਜਲ ਸਰੋਤ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਪ੍ਰਾਜੈਕਟ ਕਿਸਾਨਾਂ ਅਤੇ ਆਮ ਲੋਕਾਂ ਲਈ ਬਹੁਤ ਲਾਹੇਵੰਦ ਸਾਬਤ ਹੋਣਗੇ। ਉਨ੍ਹਾਂ ਕਿਹਾ ਕਿ ਨਹਿਰਾਂ, ਰਜਵਾਹਿਆਂ ਅਤੇ ਕੱਸੀਆਂ ਦੀ ਸਮਰੱਥਾ ਵਧਾ ਕੇ ਸਰਕਾਰ ਕਿਸਾਨਾਂ ਨੂੰ ਪਹਿਲਾਂ ਨਾਲੋਂ ਵੱਧ ਪਾਣੀ ਉਪਲਬਧ ਕਰਵਾ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਵਿਕਾਸ ਕਾਰਜ ਜਾਰੀ ਰਹਿਣਗੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande